Punjab News : ਪੰਜਾਬ ਭਵਨ ਵਿਖੇ ਲੱਗਣੀਆਂ ਸ਼ੁਰੂ ਹੋਈਆਂ ਪੰਜਾਬੀ ਸਾਹਿਤਕਾਰਾਂ ਦੀਆਂ ਤਸਵੀਰਾਂ

Pujaab-News
ਪਟਿਆਲਾ : ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਪੰਜਾਬ ਭਵਨ ਦਿੱਲੀ ਵਿਖੇ ਸਾਹਿਤਕ ਸਿਤਾਰਿਆਂ ਦੀਆਂ ਤਸਵੀਰਾਂ ਸੁਸ਼ੋਭਿਤ ਕਰਨ ਸਮੇਂਂ।

ਭਾਸ਼ਾ ਵਿਭਾਗ ਪੰਜਾਬ ਦਾ ਨਿੱਗਰ ਤੇ ਨਿਵੇਕਲਾ ਉਪਰਾਲਾ

Punjab News : (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਭਾਸ਼ਾ ਵਿਭਾਗ ਪੰਜਾਬ ਵੱਲੋਂ ਪਿਛਲੇ ਸਮੇਂ ’ਚ ਫ਼ੈਸਲਾ ਕੀਤਾ ਗਿਆ ਸੀ ਦਿੱਲੀ ਵਿਖੇ ਸਥਿਤ ਪੰਜਾਬ ਭਵਨ ਵਿੱਚ ਪੰਜਾਬੀ ਸਾਹਿਤ, ਭਾਸ਼ਾ ਅਤੇ ਚਿੰਤਨ ਦੇ ਉੱਘੇ ਸਿਤਾਰਿਆਂ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਇਸ ਦੀ ਪਹਿਲੀ ਕਿਸ਼ਤ ਵਜੋਂ ਅੱਜ 10 ਤਸਵੀਰਾਂ ਪੰਜਾਬ ਭਵਨ ਦੇ ਏ-ਬਲਾਕ ਦੇ ਵਰਾਂਡਿਆਂ ਅਤੇ ਗੈਲਰੀਆਂ ਵਿੱਚ ਲਗਾਈਆਂ ਗਈਆਂ। ਪ੍ਰਵੇਸ਼ ਮੰਜ਼ਿਲ ’ਤੇ ਆਧੁਨਿਕ ਪੰਜਾਬੀ ਸਾਹਿਤ ਦੇ ਮੋਢੀ ਭਾਈ ਵੀਰ ਸਿੰਘ ਅਤੇ ਜਗਤ ਪ੍ਰਸਿੱਧ ਪੰਜਾਬੀ ਲੇਖਿਕਾ ਅੰਮ੍ਰਿਤਾ ਪ੍ਰੀਤਮ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ।

ਪਹਿਲੀ ਮੰਜ਼ਿਲ ‘ਤੇ ਮੁੱਖ ਮੰਤਰੀ ਦੇ ਦਫ਼ਤਰੀ ਕਮਰੇ ਨੇੜੇ ਪੰਜਾਬੀ ਦੇ ਤਿੰਨ ਉੱਘੇ ਕਾਵਿ-ਸਿਤਾਰਿਆਂ ਸ਼ਿਵ ਕੁਮਾਰ ਬਟਾਲਵੀ, ਅਵਤਾਰ ਪਾਸ਼ ਅਤੇ ਸੁਰਜੀਤ ਪਾਤਰ ਦੀਆਂ ਤਸਵੀਰਾਂ ਲਗਾਈਆਂ ਗਈਆਂ। ਦੂਜੀ ਮੰਜ਼ਿਲ ’ਤੇ ਪੰਜਾਬੀ ਨਾਟਕ ਦੇ ਪਿਤਾਮਾ ਈਸ਼ਵਰ ਚੰਦਰ ਨੰਦਾ ਅਤੇ ਪੰਜਾਬੀ ਕਲਾ ਦੇ ਸ਼ਾਹਜਹਾਂ ਡਾ. ਮਹਿੰਦਰ ਸਿੰਘ ਰੰਧਾਵਾ ਦੀਆਂ ਤਸਵੀਰਾਂ ਲਗਾਈਆਂ ਗਈਆਂ। ਤੀਸਰੀ ਮੰਜ਼ਿਲ ਤੇ ਪ੍ਰਗਤੀਵਾਦੀ ਸ਼ਾਇਰਾਂ ਬਾਵਾ ਬਲਵੰਤ, ਲਾਲ ਸਿੰਘ ਦਿਲ ਦੇ ਨਾਲ ਨਾਲ ਪੰਜਾਬੀ ਬੋਲੀ ਦੇ ਸ਼ੁਦਾਈ ਕਵੀ ਫ਼ਿਰੋਜ਼ਦੀਨ ਸ਼ਰਫ਼ ਸਾਹਿਬ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।

ਇਹ ਵੀ ਪੜ੍ਹੋ: Punjab Holiday News: ਪੰਜਾਬ ’ਚ ਤਿੰਨ ਦਿਨ ਦੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਇਸ ਸ਼ੁੱਭ ਮੌਕੇ ’ਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਕੁੱਲ 100 ਦੇ ਕਰੀਬ ਪੰਜਾਬੀ ਦੇ ਸਵਰਗੀ ਕਵੀਆਂ, ਲੇਖਕਾਂ, ਚਿੰਤਕਾਂ ਅਤੇ ਭਾਸ਼ਾ ਕਰਮੀਆਂ ਦੀਆਂ ਤਸਵੀਰਾਂ ਪੰਜਾਬ ਭਵਨ ਦੇ ਦੋਵਾਂ ਬਲਾਕਾਂ ਦੀਆਂ ਸਾਰੀਆਂ ਮੰਜਿਲਾਂ ’ਤੇ ਸਥਾਪਿਤ ਕੀਤੀਆਂ ਜਾਣਗੀਆਂ। ਉਹਨਾਂ ਦੱਸਿਆ ਕਿ ਪੰਜਾਬ ਭਵਨ ਦੀ ਡਿਓਢੀ ਵਿੱਚ ਭਾਸ਼ਾ ਵਿਭਾਗ ਦੀਆਂ ਪ੍ਰਕਾਸ਼ਤ ਪੁਸਤਕਾਂ ਦੀ ਪ੍ਰਦਰਸ਼ਨੀ ਲੱਗਣ ਨਾਲ ਵਿਭਾਗ ਦੇ ਸਥਾਨਕ ਦਫ਼ਤਰ ’ਤੇ ਕਿਤਾਬਾਂ ਦੇ ਵਿਕਰੀ ਕੇਂਦਰ ਵਿਖੇ ਪਾਠਕਾਂ ਦਾ ਰੁਝਾਨ ਕਾਫ਼ੀ ਵਧਿਆ ਹੈ ਅਤੇ ਕਿਤਾਬਾਂ ਦੀ ਵਿਕਰੀ ਵਿੱਚ ਕਾਫ਼ੀ ਵਾਧਾ ਹੋਇਆ ਹੈ। Punjab News

ਇਸ ਮੌਕੇ ਰੈਜ਼ੀਡੈਂਟ ਕਮਿਸ਼ਨਰ ਸ਼੍ਰੀਮਤੀ ਸ਼ਰੂਤੀ ਸਿੰਘ ਨੇ ਦੱਸਿਆ ਕਿ ਪੰਜਾਬ ਭਵਨ ਦੇ ਕਮਰਿਆਂ ਦੇ ਅੰਦਰ ਵੀ ਪੰਜਾਬ ਦੀ ਰੂਹ ਨੂੰ ਦਰਸਾਉਂਦੀਆਂ ਕਲਾ ਕਿਰਤਾਂ ਪ੍ਰਦਰਸ਼ਤ ਕੀਤੀਆਂ ਜਾਣਗੀਆਂ। ਜਿਸ ਤਰ੍ਹਾਂ ਇਹ ਤਸਵੀਰਾਂ ਲਗਾਉਣ ਵਿੱਚ ਭਾਸ਼ਾ ਵਿਭਾਗ ਨੇ ਪਹਿਲ ਕਦਮੀ ਕੀਤੀ ਹੈ ਉਹ ਪੰਜਾਬ ਕਲਾ ਪ੍ਰੀਸ਼ਦ ਦੀਆਂ ਸੇਵਾਵਾਂ ਵੀ ਲੈਣਗੇ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਪੰਜਾਬ ਭਵਨ ਵਿਖੇ ਸਥਿਤ ਪੰਜਾਬੀ ਸਾਹਿਤ ਕੇਂਦਰ ਦੀ ਸਾਂਭ-ਸੰਭਾਲ ਅਤੇ ਦਿੱਖ ਸੁਧਾਰਨ ਦਾ ਕਾਰਜ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਇਸ ਮੌਕੇ ਭਾਸ਼ਾ ਵਿਭਾਗ ਪੰਜਾਬ ਦੇ ਸਹਾਇਕ ਡਾਇਰੈਕਟਰ ਸ਼੍ਰੀ ਅਲੋਕ ਚਾਵਲਾ ਅਤੇ ਵਿਭਾਗ ਦੇ ਸਥਾਨਕ ਦਫ਼ਤਰ ਦੀ ਇੰਚਾਰਜ ਕਰੁਣਾ ਅਤੇ ਡਿਪਟੀ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਅਸਿਤਾ ਸ਼ਰਮਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here