ਪੀਐਮ ਮੋਦੀ ਨੇ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ
(ਏਜੰਸੀ) ਵਾਰਾਣਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਸ਼ੀ ਵਿੱਚ ਆਪਣੇ ਦੋ ਰੋਜ਼ਾ ਦੌਰੇ ਦੌਰਾਨ ਸੋਮਵਾਰ ਦੇਰ ਰਾਤ ਤੱਕ ਵਾਰਾਣਸੀ ਵਿੱਚ ਚੱਲ ਰਹੇ ਸਾਰੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਵਾਰਾਣਸੀ ਪ੍ਰਧਾਨ ਮੰਤਰੀ ਮੋਦੀ ਦਾ ਸੰਸਦੀ ਖੇਤਰ ਵੀ ਹੈ। ਸੋਮਵਾਰ ਨੂੰ ਮੋਦੀ ਨੇ ਦਿਨ ਵੇਲੇ ਕਾਸ਼ੀ ਵਿਸ਼ਵਨਾਥ ਧਾਮ ਕੰਪਲੈਕਸ ਦਾ ਉਦਘਾਟਨ ਕਰਨ ਅਤੇ ਦੇਰ ਸ਼ਾਮ ਤੱਕ ਗੰਗਾ ਆਰਤੀ ਦੇਖਣ ਤੋਂ ਬਾਅਦ ਵਾਰਾਣਸੀ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ।
ਇਸ ਤੋਂ ਪਹਿਲਾਂ ਉਹਨਾਂ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵਿੱਚ ਵੀ ਸ਼ਾਮਲ ਹੋਏ। ਮੋਦੀ ਨੇ ਸੋਸ਼ਲ ਮੀਡੀਆ ‘ਤੇ ਤਸਵੀਰਾਂ ਸ਼ੇਅਰ ਕਰਕੇ ਇਸ ਦੀ ਜਾਣਕਾਰੀ ਦਿੱਤੀ। ਦੁਪਹਿਰ 12.15 ਵਜੇ ਦੇ ਕਰੀਬ ਬੈਠਕ ਤੋਂ ਬਾਅਦ ਮੋਦੀ ਨੇ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਆਪਣੀ ਤਸਵੀਰ ਸਾਂਝੀ ਕੀਤੀ ਅਤੇ ਬੈਠਕ ਦੀ ਸਮਾਪਤੀ ਦੀ ਜਾਣਕਾਰੀ ਦਿੱਤੀ।
ਬੈਠਕ ‘ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਤੋਂ ਇਲਾਵਾ ਮੱਧ ਪ੍ਰਦੇਸ਼, ਹਰਿਆਣਾ ਅਤੇ ਅਸਾਮ ਸਮੇਤ ਭਾਜਪਾ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਵੀ ਇਸ ਬੈਠਕ ਦਾ ਦੂਜਾ ਗੇੜ ਹੈ। ਪ੍ਰਧਾਨ ਮੰਤਰੀ ਦਾ ਭਾਸ਼ਣ ਹੋਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਉੱਤਰ ਪ੍ਰਦੇਸ਼ ਵਿੱਚ ਤਿੰਨ ਦਿਨਾਂ ਦੇ ਦੌਰੇ ’ਤੇ ਆਏ ਭਾਜਪਾ ਦੇ ਸਾਰੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ 15 ਦਸੰਬਰ ਨੂੰ ਅਯੁੱਧਿਆ ਵੀ ਜਾਣਗੇ।
ਇਸ ਤੋਂ ਬਾਅਦ ਰਾਤ ਕਰੀਬ ਇੱਕ ਵਜੇ ਪ੍ਰਧਾਨ ਮੰਤਰੀ ਨੇ ਯੋਗੀ ਨਾਲ ਵਾਰਾਣਸੀ ਵਿੱਚ ਵਿਕਾਸ ਕਾਰਜਾਂ ਦੇ ਨਿਰੀਖਣ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਂਝੀਆਂ ਕੀਤੀਆਂ। ਉਨ੍ਹਾਂ ਨੇ ਟਵੀਟ ਕੀਤਾ, ”ਕਾਸ਼ੀ ‘ਚ ਮਹੱਤਵਪੂਰਨ ਵਿਕਾਸ ਕਾਰਜਾਂ ਦਾ ਨਿਰੀਖਣ ਕਰਦੇ ਹੋਏ। ਸਾਡੀ ਕੋਸ਼ਿਸ਼ ਹੈ ਕਿ ਇਸ ਪਵਿੱਤਰ ਸ਼ਹਿਰ ਵਿੱਚ ਸਭ ਤੋਂ ਵਧੀਆ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇ।”
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ