ਅਧਿਕਾਰੀਆਂ ਨਾਲ ਮੁਲਾਕਾਤ, ਡੇਰਾਬੱਸੀ ਦੀ ਘਟਨਾ ਤੋਂ ਬਾਅਦ ਚੁੱਕਿਆ ਕਦਮ
Faridkot Civil Hospital: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਪੰਜਾਬ ਦੇ ਡੇਰਾ ਬੱਸੀ ਦੇ ਸਿਵਲ ਹਸਪਤਾਲ ਵਿਖੇ ਦੋ ਧਿਰਾਂ ਦੀ ਖੂਨੀ ਝੜਪ ਦੀ ਵਾਰਦਾਤ ਸਾਹਮਣੇ ਆਉਣ ਤੋਂ ਬਾਅਦ ਫਰੀਦਕੋਟ ਜ਼ਿਲ੍ਹਾ ਪੁਲਿਸ ਵੀ ਹਸਪਤਾਲਾਂ ਦੀ ਸੁਰੱਖਿਆ ਨੂੰ ਲੈ ਕੇ ਹਰਕਤ ਵਿੱਚ ਆ ਗਈ ਹੈ। ਐਸਐਸਪੀ ਡਾਕਟਰ ਪ੍ਰਗਿਆ ਜ਼ੈਨ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਡੀਐਸਪੀ ਹੈਡਕੁਆਰਟਰ ਸ਼ਮਸ਼ੇਰ ਸਿੰਘ ਸ਼ੇਰਗਿੱਲ ਦੀ ਅਗਵਾਈ ਹੇਠ ਪੁਲਿਸ ਵੱਲੋਂ ਫਰੀਦਕੋਟ ਦੇ ਸਿਵਲ ਹਸਪਤਾਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਸੁਰੱਖਿਆ ਨੂੰ ਲੈ ਕੇ ਪ੍ਰਬੰਧਾਂ ਦੇ ਬਾਰੇ ਗੱਲਬਾਤ ਕੀਤੀ ਗਈ।
ਇਹ ਵੀ ਪੜ੍ਹੋ: Punjab Farmers News: 4 ਮਈ ਨੂੰ ਕਿਸਾਨਾਂ ਨਾਲ ਹੋਣ ਜਾ ਰਹੀ ਮੀਟਿੰਗ ਬਾਰੇ ਜਗਜੀਤ ਸਿੰਘ ਡੱਲੇਵਾਲ ਦਾ ਆਇਆ ਵੱਡਾ ਬਿਆਨ…
ਇਸ ਮੌਕੇ ’ਤੇ ਪੁਲਿਸ ਅਧਿਕਾਰੀਆਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕਿਸੇ ਹਾਲਾਤਾਂ ਵਿੱਚ ਉਹਨਾਂ ਨੂੰ ਪੁਲਿਸ ਦੀ ਲੋੜ ਪੈਂਦੀ ਹੈ ਤਾਂ ਉਹ ਤੁਰੰਤ ਉਨਾਂ ਦੇ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਪੁਲਿਸ ਦੀਆਂ ਪੀਸੀਆਰ ਪਾਰਟੀਆਂ ਵੀ ਲਗਾਤਾਰ ਸਿਵਲ ਹਸਪਤਾਲ ਦੇ ਇਲਾਕੇ ਦੇ ਵਿੱਚ ਗਸ਼ਤ ਕਰਦੀਆਂ ਰਹਿਣਗੀਆਂ। ਦੱਸਣਯੋਗ ਹੈ ਕਿ ਇੱਕ ਦਿਨ ਪਹਿਲਾਂ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਝਗੜੇ ਤੋਂ ਬਾਅਦ ਦਾਖਲ ਹੋਈਆਂ ਦੋ ਧਿਰਾਂ ਦੇ ਵਿਚਕਾਰ ਹਸਪਤਾਲ ਵਿੱਚ ਹੀ ਟਕਰਾਅ ਹੋ ਗਿਆ ਸੀ ਅਤੇ ਇਸ ਘਟਨਾ ਤੋਂ ਬਾਅਦ ਸੂਬੇ ਭਰ ਦੇ ਹੀ ਸਿਵਲ ਹਸਪਤਾਲਾਂ ਵਿੱਚ ਕੰਮ ਕਰਦੇ ਸਿਹਤ ਕਰਮਚਾਰੀਆਂ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਵੇਖਣ ਨੂੰ ਮਿਲ ਰਿਹਾ ਸੀ। ਇਸ ਗੱਲ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਵੱਲੋਂ ਸਿਵਲ ਹਸਪਤਾਲਾਂ ਵਿੱਚ ਮੈਡੀਕਲ ਸਟਾਫ ਅਤੇ ਡਾਕਟਰਾਂ ਦੀ ਸੁਰੱਖਿਆ ਨੂੰ ਲੈ ਕੇ ਕਦਮ ਚੁੱਕੇ ਗਏ ਹਨ। Faridkot Civil Hospital
ਹਸਪਤਾਲ ਵਿੱਚ ਹੋਰ ਲੱਗਣਗੇ ਸੀਸੀਟੀਵੀ ਕੈਮਰੇ
ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਸਿਵਲ ਸਰਜਨ ਡਾਕਟਰ ਚੰਦਰਸ਼ੇਖਰ ਕੱਕੜ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਿਹਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾ ਦਿੱਤਾ ਹੈ ਅਤੇ ਸੁਰੱਖਿਆ ਨੂੰ ਲੈ ਕੇ ਉਨਾਂ ਵੱਲੋਂ ਸਿਹਤ ਵਿਭਾਗ ਨੂੰ ਭਰੋਸਾ ਦਵਾਇਆ ਗਿਆ ਹੈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਵੀ ਹਸਪਤਾਲ ਵਿੱਚ ਸੀਸੀਟੀਵੀ ਕੈਮਰਿਆਂ ਦਾ ਦਾਇਰਾ ਵੀ ਵਧਾਇਆ ਜਾ ਰਿਹਾ ਹੈ ਤਾਂ ਜੋ ਕਿਸੇ ਤਰ੍ਹਾਂ ਦੇ ਲੜਾਈ-ਝਗੜੇ ਵਾਲੇ ਮਾਹੌਲ ਨਾਲ ਨਜੀਠਿਆ ਜਾ ਸਕੇ।
ਇਸ ਮੌਕੇ ’ਤੇ ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਵਿੱਚ ਸੁਰੱਖਿਆ ਨੂੰ ਲੈ ਕੇ ਪੁਲਿਸ ਵੱਲੋਂ ਸਮੇਂ-ਸਮੇਂ ’ਤੇ ਯੋਗ ਕਦਮ ਚੁੱਕੇ ਜਾਂਦੇ ਹਨ ਅਤੇ ਇਸੇ ਲੜੀ ਦੇ ਤਹਿਤ ਹੀ ਸਿਵਲ ਹਸਪਤਾਲਾਂ ਵਿੱਚ ਕੰਮ ਕਰਦੇ ਡਾਕਟਰਾਂ ਅਤੇ ਮੈਡੀਕਲ ਸਟਾਫ ਦੀ ਸੁਰੱਖਿਆ ਨੂੰ ਲੈ ਕੇ ਵੀ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਉਸਦੇ ਬਾਰੇ ਅੱਜ ਹਸਪਤਾਲ ਵਿਖੇ ਪਹੁੰਚ ਕੇ ਅਧਿਕਾਰੀਆਂ ਦੇ ਨਾਲ ਗੱਲਬਾਤ ਕੀਤੀ ਗਈ ਹੈ।