ਪੀਆਰ ਪਾਡਿਆਨ ਅਤੇ ਪੀਟੀ ਜੋਹਨ ਪਟਿਆਲਾ ਜੇਲ੍ਹ ’ਚ ਸਨ ਬੰਦ | Farmer News
Farmer News: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਤਾਮਿਲਨਾਡੂ ਅਤੇ ਕੇਰਲਾ ਦੇ ਦੋਂ ਕਿਸਾਨ ਆਗੁੂਆਂ ਨੂੰ ਪੁਲਿਸ ਵੱਲੋਂ ਅੱਜ ਰਿਹਾਅ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਾਭਾ ਜੇਲ੍ਹ ਵਿੱਚੋਂ ਵੀ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਆਗੂ ਨੂੰ ਰਿਹਾਅ ਕੀਤਾ ਗਿਆ ਹੈ। ਦੱਸਣਯੋਗ ਹੈ ਕਿ 19 ਮਾਰਚ ਨੂੰ ਕੇਂਦਰ ਸਰਕਾਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਵੱਖ-ਵੱਖ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਿਨ੍ਹਾਂ ਵਿੱਚ ਤਾਮਿਲਨਾਡੂ ਦੇ ਕਿਸਾਨ ਆਗੂ ਪੀਆਰ ਪਾਡਿਆਨ ਅਤੇ ਕੇਰਲ ਦੇ ਕਿਸਾਨ ਆਗੂ ਪੀ.ਟੀ.ਜੋਹਨ ਸ਼ਾਮਲ ਸਨ।
ਇਹ ਵੀ ਪੜ੍ਹੋ: Punjab Budget Session: ਬਠਿੰਡਾ ’ਚ ਫੂਡ ਹੱਬ ਬਣਾਉਣ ਦੇ ਸਵਾਲ ’ਤੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦਾ ਜਵਾਬ
ਇਨ੍ਹਾਂ ਕਿਸਾਨ ਆਗੂਆਂ ਨੂੰ ਵੀ ਕੇਂਦਰੀ ਜੇਲ੍ਹ ਪਟਿਆਲਾ ਵਿਖੇ ਰੱਖਿਆ ਗਿਆ ਸੀ। ਇਨ੍ਹਾਂ ਦੋਵਾਂ ਕਿਸਾਨ ਆਗੂਆਂ ਨੂੰ ਐਸਡੀਐਮ ਪਟਿਆਲਾ ਦੀ ਅਦਾਲਤ ਵੱਲੋਂ ਰਿਹਾਅ ਕਰਨ ਦੇ ਹੁਕਮ ਸੁਣਾਏ ਹਨ। ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਵੱਲੋਂ ਇਸ ਰਿਹਾਈ ਦੀ ਪੁਸ਼ਟੀ ਕੀਤੀ ਹੈ। ਇਸ ਤੋਂ ਇਲਾਵਾ ਨਾਭਾ ਜੇਲ੍ਹ ਵਿੱਚ ਬੰਦ ਮੁਕਤਸਰ ਜ਼ਿਲ੍ਹੇ ਦੇ ਕਿਸਾਨ ਮਨਿੰਦਰਪਾਲ ਸਿੰਘ ਵਾਸੀ ਹਰੀਕੇ ਨੂੰ ਐਸਡੀਐਮ ਲਹਿਰਾਗਾਗਾ ਦੀ ਅਦਾਲਤ ਵੱਲੋਂ ਰਿਹਾਈ ਦੇ ਹੁਕਮ ਸੁਣਾਏ ਹਨ। Farmer News
ਇਸ ਕਿਸਾਨ ਨੂੰ ਖਨੌਰੀ ਬਾਰਡਰ ਤੋਂ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਧਰ ਆਈਜੀ ਸੁਖਚੈਨ ਸਿੰਘ ਗਿੱਲ ਵੱਲੋਂ ਬਿਆਨ ਜਾਰੀ ਕੀਤਾ ਗਿਆ ਹੈ ਕਿ 800 ਕਿਸਾਨਾਂ ਨੂੰ ਪਹਿਲਾ ਹੀ ਰਿਹਾਅ ਕੀਤਾ ਜਾ ਚੁੱਕਿਆ ਹੈ ਜਦਕਿ 450 ਦੇ ਕਰੀਬ ਕਿਸਾਨਾਂ ਨੂੰ ਅੱਜ ਰਿਹਾਅ ਕਰ ਦਿੱਤਾ ਜਾਵੇਗਾ। ਪਤਾ ਲੱਗਾ ਹੈ ਕਿ ਪਟਿਆਲਾ ਜੇਲ੍ਹ ਵਿੱਚ ਬੰਦ ਹੋਰ ਕਿਸਾਨ ਆਗੁੂਆਂ ਨੂੰ ਵੀ ਰਿਹਾਅ ਕੀਤਾ ਜਾਵੇਗਾ। Farmer News