29 ਜੁਲਾਈ ਨੂੰ ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਨਾਲ ਮੋਤੀ ਮਹਿਲ ਪਟਿਆਲਾ ਵੱਲ ਰੋਸ ਮਾਰਚ ਵਿੱਚ ਹਜਾਰਾਂ ਬਿਜਲੀ ਕਾਮੇ ਸ਼ਾਮਲ ਹੋਣਗੇ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਬਿਜਲੀ ਮੁਲਾਜ਼ਮਾਂ ਨੇ ਹੈਡ ਆਫਿਸ ਪਟਿਆਲਾ ਦੇ ਮੇਨ ਗੇਟ ਅੱਗੇ ਵਰ੍ਹਦੇ ਮੀਂਹ ਵਿੱਚ ਜੋਰਦਾਰ ਰੋਸ ਪ੍ਰਦਰਸ਼ਨ ਕੀਤਾ। ਜਿਸ ਕਾਰਨ ਮੇਨ ਗੇਟ ਬੰਦ ਰਿਹਾ ਅਤੇ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਜੋਨਲ ਪੱਧਰ ਦੇ ਧਰਨੇ ’ਚ ਫਿਰੋਜਪੁਰ, ਫਰੀਦਕੋਟ, ਬਠਿੰਡਾ, ਮੁਕਤਸਰ, ਲੁਧਿਆਣਾ, ਖੰਨਾ, ਜਲੰਧਰ, ਹੁਸ਼ਿਆਰਪੁਰ, ਨਵਾਂ ਸ਼ਹਿਰ ਅਤੇ ਕਪੂਰਥਲਾ ਤੋਂ ਹਜਾਰਾਂ ਦੀ ਗਿਣਤੀ ਵਿੱਚ ਬਿਜਲੀ ਕਾਮੇ ਸ਼ਾਮਲ ਹੋਏ।
ਇਸ ਮੌਕੇ ਜੱਥੇਬੰਦੀਆਂ ਦੇ ਆਗੂਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵਲੋਂ ਦਿੱਤੇ ਭਰੋਸੇ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਾ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਗੱਲਬਾਤ ਰਾਹੀਂ ਨਿਪਟਾਰਾ ਨਾ ਕਰਨ ਅਤੇ ਟਾਲ ਮਟੋਲ ਦੀ ਨੀਤੀ ਦੀ ਸਖਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਪੰਜਾਬ ਸਰਕਾਰ ਪੇ ਕਮਿਸ਼ਨ ਦੀ ਰਿਪੋਰਟ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਕੇ ਮੁਲਾਜਮ ਵਿਰੋਧੀ ਸਿਫਾਰਸ਼ਾਂ ਵਾਪਸ ਲੈ ਕੇ ਤਨਖਾਹ ਸਕੇਲ ਅਤੇ ਭੱਤਿਆਂ ’ਚ ਵਾਧਾ ਕਰੇ, ਵੇਜ ਫਾਰਮੂਲੇਸ਼ਨ ਦਾ ਗਠਨ ਕੀਤਾ ਜਾਵੇ,
ਡੀ.ਏ. ਦੀਆਂ ਬਕਾਇਆ ਕਿਸ਼ਤਾਂ ਸਮੇਤ ਬਕਾਇਆ ਦਿੱਤਾ ਜਾਵੇ, ਕੱਚੇ ਕਾਮੇ ਪੱਕੇ ਕੀਤੇ ਜਾਣ, ਪੁਨਰਗਠਨ ਦੇ ਨਾਮ ਤੇ ਮੁਲਾਜਮਾਂ ਦੀਆਂ ਮੰਨਜੂਰਸ਼ੁਦਾ ਅਸਾਮੀਆਂ ਖਤਮ ਕਰਨੀਆਂ ਬੰਦ ਕੀਤੀਆਂ ਜਾਣ, ਪੇ ਬੈਂਡ ਵਿੱਚ ਮਿਤੀ 1122011 ਤੋਂ ਵਾਧਾ ਕੀਤਾ ਜਾਵੇ, 23 ਸਾਲਾਂ ਦੀ ਸੇਵਾ ਬਾਅਦ ਤਰੱਕੀ ਵਾਧਾ ਸਬ ਸਟੇਸ਼ਨ ਸਟਾਫ ਨੂੰ ਓਵਰ ਟਾਇਮ ਦੀ ਅਦਾਇਗੀ ਆਦਿ 22 ਨੁਕਤੀ ਮੰਗ ਪੱਤਰ ਅਨੁਸਾਰ ਮੰਗਾਂ ਦਾ ਨਿਪਟਾਰਾ ਗੱਲਬਾਤ ਰਾਹੀਂ ਕਰਨ ਅਤੇ ਤਿੰਨ ਧਿਰੀ ਸਮਝੌਤੇ ਨੂੰ ਹੂਬਹੂ ਲਾਗੂ ਕਰਨ ਦੀ ਮੰਗ ਕੀਤੀ।
ਧਰਨਾਕਾਰੀਆਂ ਨੇ ਸੰਘਰਸ਼ ਨੂੰ ਤੇਜ਼ ਕਰਦਿਆਂ ਲਗਾਤਾਰ ਚੇਅਰਮੈਨਾਂ ਅਤੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਅਤੇ ਵਰਕ ਟੂ ਰੂਲ ਅਨੁਸਾਰ ਕੰਮ ਕਰਨ ਦਾ ਐਲਾਨ ਕੀਤਾ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਸੰਘਰਸ਼ ਦਾ ਸਮਰਥਨ ਕਰਦਿਆਂ 29 ਜੁਲਾਈ ਨੂੰ ਪਟਿਆਲਾ ਵਿਖੇ ਮੋਤੀ ਮਹਿਲ ਵੱਲ ਮਾਰਚ ਕਰਕੇ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ।
ਇਸ ਮੌਕੇ ਕਰਮਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਕੌਰ ਸਿੰਘ ਸੋਹੀ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕਰਮਚੰਦ ਖੰਨਾ, ਹਰਜਿੰਦਰ ਸਿੰਘ ਦੁਧਾਲਾ, ਬਿ੍ਰਜ ਲਾਲ, ਪ੍ਰੀਤਮ ਸਿੰਘ ਪਿੰਡੀ, ਬਲਵਿੰਦਰ ਸਿੰਘ ਸੰਧੂ, ਕਮਲਜੀਤ ਸਿੰਘ, ਅਸ਼ੋਕ ਕੁਮਾਰ, ਰਵੇਲ ਸਿੰਘ ਸਹਾਏਪੁਰ, ਸਿਕੰਦਰ ਨਾਥ, ਅਵਤਾਰ ਸਿੰਘ ਕੈਂਥ, ਹਰਜੀਤ ਸਿੰਘ, ਜਗਜੀਤ ਸਿੰਘ ਕੋਟਲੀ, ਸੁਖਵਿੰਦਰ ਸਿੰਘ ਦੁੰਮਨਾ, ਰਾਮ ਲੁਭਾਇਆ, ਗੁਰਦਿੱਤ ਸਿੰਘ ਸਿੱਧੂ ਅਤੇ ਨਛੱਤਰ ਸਿੰਘ ਰਣੀਆ ਆਦਿ ਆਗੂਆਂ ਨੇ ਸੰਬੋਧਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ