ਬਿਜਲੀ ਦਫਤਰਾਂ ਅੱਗੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਸਾੜੀਆਂ ਅਰਥੀਆਂ
- ਜੇਕਰ ਸਰਕਾਰ ਨੇ ਮੁਲਾਜਮ ਮੰਗਾਂ ਦਾ ਜਲਦ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਕੀਤਾ ਜਾਵੇਗਾ ਤੇਜ਼ : ਆਗੂ
ਨਰਿੰਦਰ ਸਿੰਘ ਬਠੋਈ, ਪਟਿਆਲ। ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਦੇ ਫੈਸਲੇ ਅਨੁਸਾਰ ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਿਜ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ ਫੈਡਰੇਸ਼ਨ, ਮਨਿਸਟੀਰੀਅਲ ਸਰਵਿਸਿਜ ਯੂਨੀਅਨ, ਇੰਪਲਾਈਜ ਫੈਡਰੇਸ਼ਨ (ਫਲਜੀਤ), ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਥਰਮਲ ਇੰਪਲਾਈਜ ਕੁਆਰਡੀਨੇਸ਼ਨ ਕਮੇਟੀ, ਹੈੱਡ ਆਫਿਸ ਇੰਪਲਾਈਜ ਫੈਡਰੇਸ਼ਨ, ਵਰਕਰਜ਼ ਫੈਡਰੇਸ਼ਨ (ਇੰਟਕ), ਪਾਵਰਕੌਮ ਅਤੇ ਟਰਾਂਸਕੋ ਅਤੇ ਪੰਜਾਬ ਰਾਜ ਬਿਜਲੀ ਬੋਰਡ ਮਜ਼ਦੂਰ ਸੰਘ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਪੱਧਰ ’ਤੇ ਸਬ ਡਵੀਜਨ/ਡਵੀਜਨ ਦਫਤਰਾਂ ਅੱਗੇ ਰੋਹ ਭਰਪੂਰ ਰੋਸ ਰੈਲੀਆਂ ਕਰਕੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜੀਆਂ ਗਈਆਂ।
ਇਸ ਮੌਕੇ ਪੰਜਾਬ ’ਚ ਵੱਖ-ਵੱਖ ਦਫਤਰਾਂ ਅੱਗੇ ਹੋਈਆਂ ਰੈਲੀਆਂ ਨੂੰ ਸੰਬੋਧਨ ਕਰਦਿਆਂ ਜੁਆਇੰਟ ਫੋਰਮ ਦੇ ਆਗੂਆਂ ਸਰਬ ਸਾਥੀ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਪਾਲ ਸਿੰਘ, ਹਰਜਿੰਦਰ ਸਿੰਘ ਦੁਧਾਲਾ, ਰਵੇਲ ਸਿੰਘ ਸਹਾਏਪੁਰ, ਜਗਰੂਪ ਸਿੰਘ ਮਹਿਮਦਪੁਰ ਨੇ ਦੱਸਿਆ ਕਿ ਇਹ ਰੈਲੀਆਂ ਪੰਜਾਬ ਅਤੇ ਯੂ.ਟੀ. ਮੁਲਾਜਮ ਅਤੇ ਪੈਨਸ਼ਨਰਜ ਸਾਂਝਾ ਫਰੰਟ ਵੱਲੋਂ ਪੰਜਾਬ ਪੱਧਰ ’ਤੇ ਦਿੱਤੇ ਸੱਦੇ ’ਤੇ ਪੈਨ ਡਾਊਨ ਟੂਲ ਡਾਊਨ ਹੜਤਾਲ ਦੇ ਸਮੱਰਥਨ ਵਿੱਚ ਕੀਤੀਆਂ ਗਈਆਂ।
ਉਨ੍ਹਾਂ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੀਆਂ ਮੁਲਾਜਮ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਕਰਦਿਆਂ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਫੌਰੀ ਲਾਗੂ ਕੀਤੀਆਂ ਜਾਣ, ਪੇ ਕਮਿਸ਼ਨ ਰਿਪੋਰਟ ਵਿੱਚ ਮੁਲਾਜਮ ਵਿਰੋਧੀ ਸਿਫਾਰਸ਼ਾਂ ਰੱਦ ਕਰਕੇ ਭੱਤਿਆਂ ਵਿੱਚ ਯੋਗ ਵਾਧਾ ਕੀਤਾ ਜਾਵੇ, ਡੀ.ਏ. ਦੀਆਂ ਬਕਾਇਆ ਕਿਸਤਾਂ ਸਮੇਤ ਪਿਛਲੀਆਂ ਕਿਸਤਾਂ ਦਾ ਏਰੀਅਰ ਦਿੱਤਾ ਜਾਵੇ, ਕੱਚੇ ਕਾਮੇ ਪੱਕੇ ਕਰਨ ਆਦਿ ਮੰਗ ਪੱਤਰ ਅਨੁਸਾਰ ਮੰਨੀਆਂ ਮੰਗਾਂ ਲਾਗੂ ਕਰਨ ਅਤੇ ਰਹਿੰਦੀਆਂ ਮੰਗਾਂ ਦਾ ਆਪਸੀ ਗੱਲਬਾਤ ਰਾਹੀਂ ਨਿਪਟਾਰਾ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਮੁਲਾਜਮ ਮੰਗਾਂ ਦਾ ਜਲਦੀ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ 9 ਜੁਲਾਈ ਨੂੰ ਵੀ ਸਾਰੇ ਪੰਜਾਬ ਦੇ ਬਿਜਲੀ ਦਫਤਰਾਂ ਅੱਗੇ ਅਰਥੀ ਸਾੜ ਰੋਸ ਰੈਲੀਆਂ ਕੀਤੀਆਂ ਜਾਣਗੀਆਂ। ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਡਿਊਟੀ ਅਤੇ ਚੇਅਰਮੈਨਾਂ ਅਤੇ ਡਾਇਰੈਕਟਰਜ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ।