ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਰਿਵਾਰਾਂ ਤੇ ਬੱਚਿਆਂ ਸਮੇਤ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ

ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਲੈ ਕੇ ਰੈਗੂਲਰ ਕਰਨ, ਛਾਂਟੀ ਦੀ ਨੀਤੀ ਪੱਕੇ ਤੌਰ ’ਤੇ ਰੱਦ ਕਰਨ ਦੀ ਕੀਤੀ ਮੰਗ

ਪਟਿਆਲਾ, (ਸੱਚ ਕਹੂੰ ਨਿਊਜ)। ਪਾਵਰਕੌਮ ਐੱਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਟਿਆਲਾ ਪਾਵਰਕੌਮ ਦੇ ਮੁੱਖ ਦਫਤਰ ਅੱਗੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਸੂਬਾ ਸਰਕਾਰ ਅਤੇ ਪਾਵਰਕੌਮ ਮੈਨੇਜਮੈਂਟ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਅਤੇ ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗਾਂ ਵਿੱਚ ਲੈ ਕੇ ਰੈਗੂਲਰ ਕਰਨ, ਛਾਂਟੀ ਦੀ ਨੀਤੀ ਪੱਕੇ ਤੌਰ ’ਤੇ ਰੱਦ ਕਰਨ, ਹਾਦਸਾਗ੍ਰਸਤ ਕਾਮਿਆਂ ਨੂੰ ਪੱਕੀ ਨੌਕਰੀ ਤੇ ਮੁਆਵਜੇ ਦਾ ਪ੍ਰਬੰਧ ਕਰਨ ਅਤੇ ਹੋਰ ਮੰਗਾਂ ਨੂੰ ਲਾਗੂ ਕਰਨ ਦੀ ਮੰਗ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਸੂੁਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਨਿੱਜੀਕਰਨ ਦੇ ਹੱਲੇ ਤਹਿਤ ਬਿਜਲੀ ਬੋਰਡ ਨੂੰ ਤੋੜ ਕੇ ਦੋ ਭਾਗਾਂ ਵਿੱਚ ਵੰਡ ਕੇ ਠੇਕਾ ਪ੍ਰਣਾਲੀ ਦੀ ਸ਼ੁਰੂਆਤ ਕਰ ਠੇਕਾ ਕਾਮਿਆਂ ਦੀ ਮਿਹਨਤਾਂ ਦਾ ਮੁੱਲ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਵੱਲੋਂ ਨਹੀਂ ਦਿੱਤਾ ਗਿਆ।

ਉਨ੍ਹਾਂ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਕਰਨ ਵਾਲੀ ਕੈਪਟਨ ਸਰਕਾਰ ਸੀ ਐਚ ਬੀ ਠੇਕਾ ਕਾਮਿਆਂ ਨੂੰ ਛਾਂਟੀ ਕਰਨ ਦੇ ਰਾਹ ’ਤੇ ਤੁਰੀ ਹੋਈ ਹੈ। ਇਸ ਤੋਂ ਇਲਾਵਾ ਸੀਨੀ. ਮੀਤ ਪ੍ਰਧਾਨ ਚੌਧਰ ਸਿੰਘ ਅਤੇ ਸੂਬਾ ਮੀਤ ਪ੍ਰਧਾਨ ਰਾਜੇਸ ਕੁਮਾਰ ਨੇ ਕਿਹਾ ਕਿ ਪਾਵਰਕੌਮ ਦੀ ਮੈਨੇਜਮੈਂਟ, ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਮੰਤਰੀ ਨਾਲ ਮੰਗਾਂ ਨੂੰ ਲੈ ਕੇ ਕੱਢੇ ਕਾਮਿਆਂ ਨੂੰ ਬਹਾਲ ਕਰਨ, ਸੀ ਐੱਚ ਬੀ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਲੈ ਕੇ ਰੈਗੂਲਰ ਕਰਨ, ਛਾਂਟੀ ਕਰਨ ਦੀ ਨੀਤੀ ਪੱਕੇ ਤੌਰ ’ਤੇ ਰੱਦ ਕਰਨ, ਬਿਜਲੀ ਦਾ ਕੰਮ ਕਰਦਿਆਂ ਡਿਊਟੀ ਦੌਰਾਨ ਘਾਤਕ ਅਤੇ ਗੈਰ ਘਾਤਕ ਹਾਦਸਾ ਪੀੜਤ ਕਾਮਿਆਂ ਦੇ ਪਰਿਵਾਰਾਂ ਨੂੰ ਪੱਕੀ ਨੌਕਰੀ ਅਤੇ 50 ਲੱਖ ਬੀਮੇ ਦੇ ਘੇਰੇ ਵਿੱਚ ਲੈ ਕੇ ਆਉਣ, ਹੁਣ ਤੱਕ ਮਿਲ ਰਹੀ ਘੱਟ ਤਨਖਾਹ ਦਾ ਪੁਰਾਣਾ ਬਕਾਇਆ ਅਤੇ ਏਰੀਅਲ ਅਤੇ ਬੋਨਸ ਅਤੇ ਸਾਲ ਵਿੱਚ ਮਿਲ ਵਾਲੀਆਂ ਛੁੱਟੀਆਂ ਲਾਗੂ ਕਰਨ ਆਦਿ ਮੰਗਾਂ ਨੂੰ ਲਾਗੂ ਕਰਨ ਦਾ ਫੈਸਲਾ ਹੋਇਆ ਸੀ।

ਜਿਸ ਨੂੰ ਪਾਵਰਕੌਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਅਤੇ ਕਿਰਤ ਵਿਭਾਗ ਲਾਗੂ ਨਹੀ ਕਰ ਰਹੇ। ਆਗੂਆਂ ਨੇ ਕਿਹਾ ਕਿ ਰੋਸ ਵੱਜੋਂ ਠੇਕਾ ਕਾਮਿਆਂ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਧਰਨਾ ਲਗਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਜਲਦ ਮੰਨੀਆਂ ਜਾਂਣ ਤਾਂ ਨਹੀਂ ਤਾਂ ਸੰਘਰਸ਼ ਨੂੰ ਹੋਰ ਵੀ ਤੇਜ਼ ਅਤੇ ਤਿੱਖਾ ਕੀਤਾ ਜਾਵੇਗਾ।

ਇਸ ਮੌਕੇ ਧਰਨੇ ਵਿੱਚ ਜੱਥੇਬੰਦੀ ਵੱਲੋਂਂ ਮਤੇ ਵੀ ਪਾਸ ਕੀਤੇ ਗਏ ਕਿ ਖੇਤੀ ਕਾਨੂੰਨ ਅਤੇ ਲੇਬਰ ਕਾਨੂੰਨ ਰੱਦ ਕੀਤੇ ਜਾਣ ਅਤੇ ਕਿਸਾਨਾਂ ’ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰਿਹਾਅ ਕੀਤਾ ਜਾਵੇ, ਨਿੱੱਜੀਕਰਨ ਦੇ ਹੱਲੇ ਨੂੰ ਰੱਦਾ ਕੀਤਾ ਜਾਵੇ, ਸਮੂਹ ਵਿਭਾਗਾਂ ਦੇ ਠੇਕਾ ਕਾਮਿਆਂ ਨੂੰ ਪੱਕਾ ਕਰਨ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ। ਇਸ ਮੌਕੇ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜਲੀ ਵੀ ਭੇਂਟ ਕੀਤੀ ਗਈ। ਇਸ ਮੌਕੇ ਪਰਮਿੰਦਰ ਸਿੰਘ, ਮਲਕੀਤ ਸਿੰਘ, ਚਮਕੌਰ ਸਿੰਘ, ਹਰਮੀਤ ਸਿੰਘ, ਟੇਕ ਚੰਦ, ਮਨਮੋਹਨ ਸਿੰਘ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.