ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੀ: ਪਰਨੀਤ ਕੌਰ
ਘਨੌਰ, (ਸੱਚ ਕਹੂੰ ਨਿਊੁਜ)। ਗਲਵਾਨ ਘਾਟੀ ਵਿਖੇ ਲੰਘੇ ਵਰ੍ਹੇ ਜੂਨ ਮਹੀਨੇ ਚੀਨ ਦੀਆਂ ਫ਼ੌਜਾਂ ਨਾਲ ਲੋਹਾ ਲੈਂਦਿਆਂ ਸ਼ਹੀਦ ਹੋਏ ਪਿੰਡ ਸੀਲ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਖਰੌੜ ਦੀ ਸੁਪਤਨੀ ਗੁਰਦੀਪ ਕੌਰ ਨੂੰ ਅੱਜ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਉਨ੍ਹਾਂ ਦੇ ਘਰ ਜਾ ਕੇ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਸੌਂਪਿਆ। ਇਸ ਮੌਕੇ ਹਲਕਾ ਘਨੌਰ ਦੇ ਵਿਧਾਇਕ ਮਦਨ ਲਾਲ ਜਲਾਲਪੁਰ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਪਰਨੀਤ ਕੌਰ ਨੇ ਕਿਹਾ ਕਿ ਦੇਸ਼ ਲਈ ਮਰ ਮਿਟਣ ਵਾਲੇ ਸ਼ਹੀਦਾਂ ’ਤੇ ਪੂਰੇ ਦੇਸ਼ ਨੂੰ ਮਾਣ ਹੈ ਤੇ ਪਟਿਆਲਾ ਜ਼ਿਲ੍ਹੇ ਦੇ ਇਸ ਮਹਾਨ ਸਪੂਤ, ਸ਼ਹੀਦ ਮਨਦੀਪ ਸਿੰਘ ਨੇ ਆਪਣਾ ਬਲੀਦਾਨ ਦੇ ਕੇ ਪਿੰਡ ਸੀਲ ਦਾ ਹੀ ਨਹੀਂ ਬਲਕਿ ਪੰਜਾਬ ਦਾ ਵੀ ਨਾਮ ਰੌਸ਼ਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਪਹਿਲਾਂ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹਾਦਰਗੜ ਤੋਂ ਘਨੌਰ ਸੜਕ ਦਾ ਨਾਮ ‘ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ’ ਰੱਖਕੇ ਉਸ ਦੀ ਕੁਰਬਾਨੀ ਦੀ ਯਾਦ ਨੂੰ ਸਦੀਵੀਂ ਬਣਾਇਆ ਸੀ ਅਤੇ ਹੁਣ ਉਨ੍ਹਾਂ ਦੀ ਸੁਪਤਨੀ ਨੂੰ ਸਹਿਕਾਰਤਾ ਮਹਿਕਮੇ ’ਚ ਸਹਿਕਾਰੀ ਸਭਾਵਾਂ ਦੇ ਇੰਸਪੈਕਟਰ ਦੀ ਨੌਕਰੀ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਦੇ ਹਰ ਦੁੱਖ-ਸੁੱਖ ’ਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ ਪਰੰਤੂ ਮੁੱਖ ਮੰਤਰੀ, ਜੋ ਕਿ ਖ਼ੁਦ ਭਾਰਤੀ ਫ਼ੌਜ ਦਾ ਹਿੱਸਾ ਰਹੇ ਹੋਣ ਕਰਕੇ ਫ਼ੌਜੀਆਂ ਦਾ ਦੁੱਖ-ਦਰਦ ਸਮਝਦੇ ਹਨ, ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਪਹਿਲਾਂ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਨੂੰ 10 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤਾ ਸੀ। ਇਸ ਦੌਰਾਨ ਸ਼ਹੀਦ ਦੇ ਪਰਿਵਾਰ, ਜਿਨ੍ਹਾਂ ’ਚ ਉਨ੍ਹਾਂ ਦੇ ਮਾਤਾ ਜੀ ਸ਼ਕੁੰਤਲਾ ਕੌਰ, ਸੁਪਤਨੀ ਗੁਰਦੀਪ ਕੌਰ, ਬੇਟੀ ਮਹਿਕਦੀਪ ਕੌਰ, ਬੇਟਾ ਜੋਬਨਪ੍ਰੀਤ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਐਮ.ਪੀ. ਪਰਨੀਤ ਕੌਰ, ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.