ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ 5 ਜਨਵਰੀ 2022 ਨੂੰ ਫਿਰੋਜ਼ਪੁਰ ’ਚ ਪ੍ਰਧਾਨ ਮੰਤਰੀ (Prime Minister) ਸੁਰੱਖਿਆ ਭੰਗ ਹੋਣ ਦੇ ਮਾਮਲੇ ’ਚ ਵੱਡੀ ਖ਼ਬਰ ਨਿੱਕਲ ਕੇ ਸਾਹਮਣੇ ਆ ਰਹੀ ਹੈ। ਫਿਰੋਜ਼ਪੁਰ ਰੈਲੀ ’ਚ ਪਹੁੰਚਣ ਤੋਂ ਪਹਿਲਾਂ ਪੀਐੱਮ ਦੀ ਸੁਰੱਖਿਆ ’ਚ ਲਾਪ੍ਰਵਾਹੀ ਦੇ ਜ਼ਿੰਮੇਵਾਰ ਅਧਿਕਾਰੀਆਂ ’ਤੇ ਮਾਨ ਸਰਕਾਰ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ।
ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ’ਤੇ ਗਠਿਤ ਜਸਟਿਸ ਇੰਦੂ ਮਲਹੋਤਰਾ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਤਤਕਾਲੀ ਪੰਜਾਬ ਸਰਕਾਰ ਦੇ 9 ਸੀਨੀਅਰ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ। ਮੁੱਖ ਸਕੱਤਰ ਵਿਜੈ ਜੰਜੂਆ ਨੇ ਦੱਸਿਆ ਕਿ ਰਿਪੋਰਟ ਦੇ ਆਧਾਰ ’ਤੇ ਡਿਊਟੀ ਪ੍ਰਤੀ ਲਾਪ੍ਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਪਹਿਲਾਂ ਨੋਟਿਸ ਜਾਰੀ ਕੀਤੇ ਗਏ ਸਲ। ਹੁਣ ਅਗਲੀ ਕਾਰਵਾਈ ਲਈ ਫਾਈਲ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਸਰਕਾਰ ਪੀਐੱਮ ਮੋਦੀ (Prime Minister) ਦੀ ਸੁਰੱਖਿਆ ਵਿੱਚ ਲਾਪ੍ਰਵਾਹੀ ਵਰਤਣ ਵਾਲਿਆਂ ਨੂੰ ਚਾਰਜਸ਼ੀਟ ਕਰਨ ਦੀ ਤਿਆਰੀ ਕਰ ਰਹੀ ਹੈ।