ਕਿਸਾਨ ਯੂਨੀਅਨ ਡਕੌਦਾ ਵੱਲੋਂ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਜ਼ੋਰਾਂ ’ਤੇ

26 ਨਵੰਬਰ ਨੂੰ ਰਾਜ-ਭਵਨ ਵੱਲ ਹੋਵੇਗਾ ਰੋਸ-ਮਾਰਚ

  • ਕਿਸਾਨ-ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮਨਾ ਰਹੀਆਂ ਨੇ ਜਥੇਬੰਦੀਆਂ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਦਾ) (Kisan Union Dakoda ) ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ’ਚ ਰਾਜ-ਭਵਨ ਵੱਲ ਕੀਤੇ ਜਾਣ ਵਾਲੇ ਰੋਸ-ਮਾਰਚ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ ਯੂਨੀਅਨ ਆਗੂਆਂ ਦਾ ਦਾਅਵਾ ਹੈ ਕਿ ਸੰਗਰੂਰ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮੁਕਤਸਰ ਸਾਹਿਬ, ਤਰਨਤਾਰਨ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਗਾ, ਬਰਨਾਲਾ, ਲੁਧਿਆਣਾ, ਕਪੂਰਥਲਾ ਜ਼ਿਲ੍ਹਿਆਂ ਦੇ ਪਿੰਡਾਂ ’ਚ ਲਗਾਤਾਰ ਮੀਟਿੰਗਾਂ ਜਾਰੀ ਹਨ।

ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕਿਸਾਨ-ਅੰਦੋਲਨ ਨੇ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦੀ ਅਸਲੀ ਭਾਈਚਾਰਕ ਸਾਂਝ ਹੱਕੀ ਸੰਘਰਸ਼ਾਂ ਵਿੱਚੋਂ ਪੈਦਾ ਹੁੰਦੀ ਹੈ ਇਸ ਅੰਦੋਲਨ ਨੇ ਮੌਜੂਦਾ ਕੇਂਦਰ ਸਰਕਾਰ ਵੱਲੋਂ ਫੁੱਟ ਪਾਉਣ ਦੀ ਹਰ ਚਾਲ ਨੂੰ ਮਾਤ ਦਿੱਤੀ ਹੈ ਵੱਡੇ ਅੰਦੋਲਨਾਂ ਅੰਦਰ ਲੋਕਾਂ ਨੂੰ ਵੱਡੀਆਂ ਕੁਰਬਾਨੀਆਂ ਕਰਨੀਆਂ ਪੈਂਦੀਆਂ ਹਨ, ਇਸ ਅੰਦੋਲਨ ਦੌਰਾਨ ਵੀ ਕਿਸਾਨਾਂ ਨੂੰ ਹਾੜ੍ਹ-ਜੇਠ ਦੀਆਂ ਕੜਕਦੀਆਂ ਧੁੱਪਾਂ, ਮੌਨਸੂਨ ਦੀਆਂ ਬਾਰਸ਼ਾਂ, ਝੱਖੜ ਅਤੇ ਹਨੇ੍ਹਰੀਆਂ ਝੱਲਣੀਆਂ ਪਈਆਂ ਹਨ।

ਹਾਲੇ ਤੱਕ ਐੱਮਐੱਸਪੀ ਲਈ ਕਾਨੂੰਨ ਨਹੀਂ ਬਣਿਆ ਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਝੂਠੇ ਪੁਲਿਸ ਕੇਸਾਂ ਨੂੰ ਵਾਪਸ ਲਿਆ

(Kisan Union Dakoda ) ਕਿਸਾਨਾਂ ਅਤੇ ਹੋਰ ਲੋਕਾਂ ਨੂੰ ਆਪਣੇ ਕੰਮ-ਕਾਰਾਂ ਦਾ ਵੱਡਾ ਹਰਜਾ ਝੱਲਣਾ ਪਿਆ ਹੈ ਇਸ ਅੰਦੋਲਨ ਵਿੱਚ 700 ਤੋਂ ਵੱਧ ਕਿਸਾਨਾਂ ਨੂੰ ਜਾਨਾਂ ਦੇਣੀਆਂ ਪਈਆਂ ਹਨ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਲੰਬਾ ਸੰਘਰਸ਼ ਕਰਦਿਆਂ ਕਿਸਾਨਾਂ ਨੇ ਕਾਲੇ ਕਨੂੰਨ ਰੱਦ ਕਰਵਾਏ ਤੇ ਮੋਰਚੇ ਨਾਲ ਸਬੰਧਤ ਮੰਗਾਂ ਮੰਨਣ ਅਤੇ ਸਾਰੀਆਂ ਫਸਲਾਂ ’ਤੇ ਐੱਮਐੱਸਪੀ ਦੀ ਗਰੰਟੀ ਦਾ ਕਨੂੰਨ ਬਣਾਉਣ ਦੀ ਮੰਗ ਦਾ ਲਿਖਤੀ ਭਰੋਸਾ ਸਰਕਾਰ ਵੱਲੋਂ ਦੇਣ ਉਪਰੰਤ ਹੀ ਦਿੱਲੀ ਮੋਰਚਾ ਮੁਲਤਵੀ ਕੀਤਾ ਗਿਆ ਸੀ, ਪ੍ਰੰਤੂ ਹਾਲੇ ਤੱਕ ਐੱਮਐੱਸਪੀ ਲਈ ਕਾਨੂੰਨ ਨਹੀਂ ਬਣਿਆ ਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ’ਤੇ ਬਣਾਏ ਝੂਠੇ ਪੁਲਿਸ ਕੇਸਾਂ ਨੂੰ ਵਾਪਸ ਲਿਆ ਗਿਆ, ਲਖਮੀਰਪੁਰ ਖੀਰੀ ਵਿਖੇ ਕਿਸਾਨਾਂ ’ਤੇ ਗੱਡੀਆਂ ਚੜਾਕੇ ਸ਼ਹੀਦ ਕਰਨ ਦੀ ਸਾਜਿਸ਼ ਘੜਨ ਵਾਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਜੇ ਤੱਕ ਵੀ ਕੁਰਸੀ ’ਤੇ ਬਿਰਾਜਮਾਨ ਹੈ, ਇਸ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਏਜੰਸੀਆਂ ਰਾਹੀਂ ਝੋਨੇ ਦੀ ਖਰੀਦ ਬੰਦ ਕਰ ਦਿੱਤੇ ਜਾਣ ਕਾਰਨ ਵਪਾਰੀ ਘੱਟ ਭਾਅ ’ਤੇ ਦੋਹੇਂ ਹੱਥੀਂ ਲੁੱਟਣ ’ਤੇ ਆ ਗਏ ਹਨ ਜਗਮੋਹਨ ਸਿੰਘ ਪਟਿਆਲਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਧਰਨਿਆਂ ਸਬੰਧੀ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਜੇਕਰ ਸਰਕਾਰਾਂ ਮੰਗਾਂ ਮੰਨ ਲੈਣ ਤਾਂ ਕਿਸਾਨ ਕਿਉ ਮੁਜ਼ਾਹਰੇ ਕਰਨਗੇ

ਉਹਨਾਂ ਕਿਹਾ ਕਿ ਕਿਸਾਨ ਸੰਘਰਸ਼ ਪਹਿਲੀ ਤਰਜ਼ ’ਤੇ ਫਿਰ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਰਾਜਪਾਲ-ਭਵਨ ਵੱਲ ਰੋਸ-ਮਾਰਚ ਕੀਤਾ ਜਾ ਰਿਹਾ ਹੈ ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਗੁਰਮੀਤ ਸਿੰਘ ਭੱਟੀਵਾਲ, ਦਰਸ਼ਨ ਸਿੰਘ ਰਾਏਸਰ, ਰਾਮ ਸਿੰਘ ਮਟੋਰੜਾ ਅਤੇ ਕੁਲਵੰਤ ਸਿੰਘ ਕਿਸ਼ਨਗੜ੍ਹ ਆਦਿ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ