ਨੌਦੀਪ ਕੌਰ ਨੂੰ ਇਨਸਾਫ ਦਿਵਾਉਣ ਲਈ ਕੀਤਾ ਰੋਸ ਪ੍ਰਦਰਸ਼ਨ

ਹਰਿਆਣਾ ਦੇ ਮੁੱਖ ਮੰਤਰੀ ਦਾ ਫੂਕਿਆ ਪੂਤਲਾ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਮਜ਼ਦੂਰ ਆਗੂ ਨੌਦੀਪ ਕੌਰ ਨੂੰ ਹਰਿਆਣਾ ਪੁਲਿਸ ਦੁਆਰਾ ਪੁਲਿਸ ਕੇਸ ਤਹਿਤ ਗਿ੍ਰਫ਼ਤਾਰ ਕੀਤੇ ਜਾਣ ਅਤੇ ਜਿਣਸੀ ਤਸ਼ੱਦਦ ਕਰਨ ਦੇ ਵਿਰੋਧ ਵਿੱਚ ਇਸਤਰੀ ਜਾਗਰਤੀ ਮੰਚ ਵੱਲੋਂ ਸਥਾਨਕ ਬੱਸ ਅੱਡਾ ਚੌਂਕ ਵਿਖੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ ਗਿਆ। ਇਸ ਤੋਂ ਪਹਿਲਾਂ ਸਥਾਨਕ ਨਹਿਰੂ ਪਾਰਕ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਇਸਤਰੀ ਜਾਗਰਤੀ ਮੰਚ ਦੀ ਸੂਬਾ ਜਨਰਲ ਸਕੱਤਰ ਅਮਨਦੀਪ ਦਿਓਲ ਅਤੇ ਸਪਨਾ ਪਟਿਆਲਾ ਨੇ ਆਖਿਆ ਕਿ ਮੋਦੀ ਸਰਕਾਰ ਦੁਆਰਾ ਜਿੱਥੇ ਖੇਤੀਬਾੜੀ ਆਰਥਿਕਤਾ ਦਾ ਉਜਾੜਾ ਕਰਨ ਲਈ ਤਿੰਨ ਖੇਤੀ ਕਾਨੂੰਨ ਪਾਸ ਕੀਤੇ ਗਏ ਹਨ ਉੱਥੇ ਕਿਰਤ ਕਾਨੂੰਨਾਂ ਵਿੱਚ ਮਜਦੂਰ ਵਿਰੋਧੀ ਸੋਧਾਂ ਕਰਕੇ ਕਾਰਪੋਰੇਟ ਅਤੇ ਸਰਮਾਏਦਾਰਾਂ ਨੂੰ ਲੋਕਾਂ ਦੀ ਮਿਹਨਤ ’ਤੇ ਡਾਕਾ ਮਾਰਨ ਦੀ ਖੁੱਲ੍ਹੀ ਛੁੱਟੀ ਦਿੱਤੀ ਜਾ ਰਹੀ ਹੈ। ਸਰਕਾਰ ਦੇ ਲੋਕ ਵਿਰੋਧੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਲੋਕਾਂ ਉੱਤੇ ਕੇਂਦਰ ਅਤੇ ਭਾਜਪਾ ਸਾਸ਼ਿਤ ਸੂਬਾ ਸਰਕਾਰਾਂ ਵੱਲੋਂ ਲਗਾਤਾਰ ਜਬਰ ਦਾ ਕੁਹਾੜਾ ਤੇਜ਼ ਕੀਤਾ ਜਾ ਰਿਹਾ ਹੈ।

ਇਸੇ ਜਬਰ ਦੀ ਨੀਤੀ ’ਤੇ ਚੱਲਦਿਆਂ ਹੀ ਹਰਿਆਣਾ ਪੁਲਿਸ ਵੱਲੋਂ ਮਜਦੂਰ ਆਗੂ ਨੌਦੀਪ ਕੌਰ ਨੂੰ ਨਾ ਸਿਰਫ ਝੂਠੇ ਪੁਲਿਸ ਕੇਸ ਵਿੱਚ ਗਿ੍ਰਫਤਾਰ ਕੀਤਾ ਗਿਆ ਸਗੋਂ ਉਸਦਾ ਜਿਸਮਾਨੀ ਸੋਸ਼ਣ ਵੀ ਕੀਤਾ ਗਿਆ, ਜਿਸ ਲਈ ਸਿੱਧੇ ਤੌਰ ’ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜਿੰਮੇਵਾਰ ਹਨ। ਆਗੂਆਂ ਵੱਲੋਂ ਮੰਗ ਕੀਤੀ ਗਈ ਕਿ ਨੌਦੀਪ ਕੌਰ ਨੂੰ ਤੁਰੰਤ ਬਿਨ੍ਹਾਂ ਸ਼ਰਤ ਰਿਹਾਅ ਕਰਦਿਆਂ ਉਸਦਾ ਜਿਣਸੀ ਸੋਸ਼ਣ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਦੌਰਾਨ ਅਦਾਰਾ ਪਰਵਾਜ ਵੱਲੋਂ ਡਾ. ਅਰਵਿੰਦਰ ਕੌਰ ਕਾਕੜਾ, ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਰਮਿੰਦਰ ਕੌਰ, ਕਿਰਤੀ ਕਿਸਾਨ ਯੂਨੀਅਨ ਵੱਲੋਂ ਦਵਿੰਦਰ ਸਿੰਘ ਪੂਨੀਆ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਗੁਰਮੀਤ ਦਿੱਤੂਪੁਰ, ਜਮਹੂਰੀ ਕਿਸਾਨ ਸਭਾ ਵੱਲੋਂ ਰਾਜ ਕਿਸ਼ਨ ਨੂਰਖੇੜੀ, ਗੈਸ ਏਜੰਸੀ ਵਰਕਰ ਯੂਨੀਅਨ (ਇਫਟੂ) ਵੱਲੋਂ ਸੁਰਜੀਤ ਸਿੰਘ, ਜਮੀਨ ਪ੍ਰਾਪਤੀ ਸਿੰਘ ਕਮੇਟੀ ਵੱਲੋਂ ਗੁਰਵਿੰਦਰ ਬੌੜਾਂ, ਡੈਮੋਕ੍ਰੇਟਿਕ ਟੀਚਰਜ ਫਰੰਟ ਵੱਲੋਂ ਵਿਕਰਮਦੇਵ ਸਿੰਘ, ਨੌਜਵਾਨ ਭਾਰਤ ਸਭਾ ਵੱਲੋਂ ਖੁਸ਼ਵੰਤ ਸਿੰਘ ਹਨੀ, ਡੈਮੋਕ੍ਰੇਟਿਕ ਮੁਲਾਜਮ ਫੈਡਰੇਸਨ ਵੱਲੋਂ ਹਰਦੀਪ ਟੋਡਰਪੁਰ, ਲੋਕ ਸੰਘਰਸ ਕਮੇਟੀ ਵੱਲੋਂ ਸ਼੍ਰੀਨਾਥ ਨੇ ਸੰਬੋਧਨ ਕਰਦਿਆਂ ਆਖਿਆ ਕਿ ਮਜਦੂਰ ਆਗੂ ਨੌਦੀਪ ਕੌਰ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਤੇ ਕਾਰਵਾਈ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਰਹਿਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.