ਜੇਕਰ ਮੈਨੇਜਮੈਂਟ ਨੇ ਬਿਜਲੀ ਕਾਮਿਆਂ ਦੀਆਂ ਮੰਗਾਂ ਮੰਨਣ ਤੇ ਲਾਗੂ ਕਰਨ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ: ਆਗੂ
ਪਟਿਆਲਾ, (ਸੱਚ ਕਹੂੰ ਨਿਊਜ)। ਪੀ.ਐਸ.ਈ.ਬੀ. ਜੁਆਇੰਟ ਫੋਰਮ ਦੇ ਸੱਦੇ ‘ਤੇ ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਟੈਕਨੀਕਲ ਸਰਵਿਸਜ਼ ਯੂਨੀਅਨ ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ., ਪੀ.ਐਸ.ਈ.ਬੀ. ਕਰਮਚਾਰੀ ਦਲ, ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਵਰਕਰਜ਼ ਫੈਡਰੇਸ਼ਨ ਪੀ.ਐਸ.ਪੀ.ਸੀ.ਐਲ., ਪੀ.ਐਸ.ਟੀ.ਸੀ.ਐਲ., ਪੀ.ਐਸ.ਈ.ਬੀ. ਥਰਮਲ ਇੰਪਲਾਈਜ਼ ਕੁਅਰਡੀਨੇਸ਼ਨ ਕਮੇਟੀ, ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਸੰਘ ਅਤੇ ਪੀ.ਐਸ.ਈ.ਬੀ. ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਦੇ ਬਿਜਲੀ ਕਾਮਿਆਂ ਵੱਲੋਂ ਪੰਜਾਬ ਦੇ ਵੱਖ-ਵੱਖ ਉਪ ਮੰਡਲ / ਮੰਡਲ ਦਫਤਰਾਂ ਅੱਗੇ ਰੋਹ ਭਰਪੂਰ ਰੋਸ ਰੈਲੀਆਂ ਕਰਕੇ ਪੰਜਾਬ ਸਰਕਾਰ ਅਤੇ ਪਾਵਰ ਮੈਨੇਜਮੈਂਟ ਦੇ ਪੁਤਲੇ ਸਾੜੇ ਗਏ।
ਜੁਆਇੰਟ ਫੋਰਮ ਦੇ ਸੂਬਾਈ ਆਗੂਆਂ ਕਰਮ ਚੰਦ ਭਾਰਦਵਾਜ, ਕੁਲਦੀਪ ਸਿੰਘ ਖੰਨਾ, ਜਗਰੂਪ ਸਿੰਘ ਮਹਿਮਦਪੁਰ, ਹਰਪਾਲ ਸਿੰਘ, ਕੌਰ ਸਿੰਘ ਸੋਹੀ, ਬਲਵਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਦੁਧਾਲਾ, ਅਸ਼ੋਕ ਕੁਮਾਰ ਸ਼ਰਮਾ, ਸਿਕੰਦਰ ਨਾਥ, ਪ੍ਰੀਤਮ ਸਿੰਘ ਪਿੰਡੀ, ਰਵੇਲ ਸਿੰਘ ਸਹਾਏਪੁਰ, ਬ੍ਰਿਜ ਲਾਲ, ਅਵਤਾਰ ਸਿੰਘ ਕੈਂਥ, ਕਮਲਜੀਤ ਸਿੰਘ, ਜਗਜੀਤ ਸਿੰਘ, ਰਾਮ ਲੁਭਾਇਆ, ਕਰਮ ਚੰਦ ਖੰਨਾ, ਸੁਖਵਿੰਦਰ ਸਿੰਘ, ਨਛੱਤਰ ਸਿੰਘ, ਗੁਰਦਿੱਤ ਸਿੰਘ ਸਿੱਧੂ ਅਤੇ ਹਰਜੀਤ ਸਿੰਘ ਨੇ ਵੱਖ-ਵੱਖ ਦਫਤਰਾਂ ਅੱਗੇ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਰੋਸ ਰੈਲੀਆਂ ਬਠਿੰਡਾ ਥਰਮਲ, ਰੋਪੜ ਥਰਮਲ ਅਤੇ ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਯੂਨਿਟ ਬੰਦ ਕਰਨ ਅਤੇ ਬਠਿੰਡਾ ਥਰਮਲ ਦੀ ਬੋਲੀ ਲਗਾ ਕੇ ਡਿਸਮੈਂਟਲ ਕਰਨ ਅਤੇ 1764 ਏਕੜ ਬੇਸ ਕੀਮਤੀ ਜਮੀਨ ਵੇਚਣ ਵਿਰੁੱਧ ਕੀਤੀਆਂ ਗਈਆਂ।
ਇਸ ਮੌਕੇ ਰੈਲੀਆਂ ਵਿੱਚ ਆਹਲੂਵਾਲੀਆ ਕਮੇਟੀ ਦੀਆਂ ਮੁਲਾਜਮ ਵਿਰੋਧੀ ਸਿਫਾਰਸ਼ਾਂ ਦੀ ਸਖਤ ਨਿੰਦਾ ਕਰਦਿਆਂ ਬਿਜਲੀ ਐਕਟ ਸੋਧ ਬਿੱਲ 2020 ਰੱਦ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਵਰ ਮੈਨੇਜਮੈਂਟ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਤੋਂ ਮੁਨਕਰ ਹੋ ਰਹੀ ਹੈ। ਪਾਵਰ ਪ੍ਰਚੇਜ ਐਗਰੀਮੈਂਟਾਂ ਦਾ ਰੀਵਿਯੂ ਕਰਨ ਦੀ ਥਾਂ ਲੋਕਾਂ ਨੂੰ ਮਹਿੰਗੀ ਬਿਜਲੀ ਦਿੱਤੀ ਜਾ ਰਹੀ ਹੈ। ਇਸ ਮੌਕੇ ਆਗੂਆਂ ਨੇ ਬਿਜਲੀ ਨਿਗਮ ਮੈਨੇਜਮੈਂਟ ‘ਤੇ ਦੋਸ਼ ਲਾਇਆ ਕਿ ਉਹ ਮੰਨੀਆਂ ਮੰਗਾਂ ਲਾਗੂ ਕਰਨ ਦੀ ਟਕਰਾਅ ਦੀ ਨੀਤੀ ਅਪਣਾ ਰਹੀ ਹੈ ਜਿਸ ਕਾਰਨ ਮੁਲਾਜਮਾਂ ਵਿੱਚ ਸਖਤ ਰੋਸ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੈਨੇਜਮੈਂਟ ਨੇ ਬਿਜਲੀ ਕਾਮਿਆਂ ਦੀਆਂ ਮੰਗਾਂ ਮੰਨਣ ਤੇ ਲਾਗੂ ਕਰਨ ਵੱਲ ਧਿਆਨ ਨਾ ਦਿੱਤਾ ਤਾਂ ਬਿਜਲੀ ਕਾਮੇ ਸੰਘਰਸ਼ ਨੂੰ ਹੋਰ ਤੇਜ਼ ਤੇ ਵਿਸ਼ਾਲ ਕਰਨਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.