ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਵਾੜੇ ਦੇਣੀ ਪਏਗੀ ਪ੍ਰਗਤੀ ਰਿਪੋਰਟ
Punjab Agriculture News : (ਅਸ਼ਵਨੀ ਚਾਵਲਾ) ਚੰਡੀਗੜ੍ਹ। ਸੂਬੇ ਵਿੱਚ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਾਰੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਰ ਪੰਦਰਾਂ ਦਿਨਾਂ ਬਾਅਦ ਪ੍ਰਗਤੀ ਰਿਪੋਰਟਾਂ ਦੇਣ ਦੇ ਨਿਰਦੇਸ਼ ਦਿੱਤੇ। ਇਸ ਦਾ ਉਦੇਸ਼ ਸੂਬੇ ਵਿੱਚ ਚੱਲ ਰਹੀਆਂ ਕੇਂਦਰੀ ਅਤੇ ਰਾਜ ਸਰਕਾਰ ਦੀਆਂ ਖੇਤੀਬਾੜੀ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਮੁਲਾਂਕਣ ਕਰਨਾ ਹੈ ਤਾਂ ਜੋ ਸਮੇਂ ਸਿਰ ਲੋੜੀਂਦੇ ਸੁਧਾਰ ਕੀਤੇ ਜਾ ਸਕਣ।
ਇੱਥੇ ਕਿਸਾਨ ਭਵਨ ਵਿਖੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੱਲ ਸੱਤ ਜ਼ਿਲਿਆਂ ਵਿੱਚ ਚੱਲ ਰਹੀਆਂ ਯੋਜਨਾਵਾਂ ਅਤੇ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਸੀ ਅਤੇ ਬਾਕੀ ਰਹਿੰਦੇ ਜ਼ਿਲਾ ਅਧਿਕਾਰੀਆਂ ਨੂੰ ਅੱਜ ਉਨ੍ਹਾਂ ਦੇ ਸਬੰਧਤ ਜ਼ਿਲਿਆਂ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਬੁਲਾਇਆ ਗਿਆ ਸੀ। ਉਨਾਂ ਨੇ ਸੂਬੇ ਦੇ ਕਿਸਾਨਾਂ ਲਈ ਮਿਆਰੀ ਖੇਤੀਬਾੜੀ ਨਾਲ ਸਬੰਧਤ ਵਸਤਾਂ ਯਕੀਨੀ ਬਣਾਉਣ ਵਾਸਤੇ ਫੀਲਡ ਸਟਾਫ਼ ਨੂੰ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚਿਆਂ ਨੂੰ ਪੂਰਾ ਕਰਨ ਲਈ ਵੀ ਕਿਹਾ।
ਇਹ ਵੀ ਪੜ੍ਹੋ: Farmers Protest Uapdat: ਜਗਜੀਤ ਡੱਲੇਵਾਲ ਨੂੰ ਨਵੇਂ ਕਮਰੇ ’ਚ ਕੀਤਾ ਜਾਵੇਗਾ ਸ਼ਿਫਟ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਗੁਣਵੱਤਾ ਨਿਯੰਤਰਣ ਮੁਹਿੰਮ ਤਹਿਤ ਬੀਜਾਂ, ਕੀਟਨਾਸ਼ਕਾਂ ਅਤੇ ਖਾਦਾਂ ਦੇ ਨਮੂਨੇ ਲੈਣ ਸਬੰਧੀ ਟੀਚੇ ਕ੍ਰਮਵਾਰ 6100, 4800 ਅਤੇ 3700 ਨਿਰਧਾਰਤ ਕੀਤੇ ਗਏ ਸਨ। ਇਨਾਂ ਵਿੱਚੋਂ ਹੁਣ ਤੱਕ 5082 ਬੀਜਾਂ, 2867 ਕੀਟਨਾਸ਼ਕਾਂ ਅਤੇ 2473 ਖਾਦਾਂ ਦੇ ਨਮੂਨੇ ਲਏ ਜਾ ਚੁੱਕੇ ਹਨ। ਉਨਾਂ ਦੱਸਿਆ ਕਿ ਬੀਜਾਂ ਦੇ 141 ਨਮੂਨੇ ਗੁਣਵੱਤਾ ਜਾਂਚ ਦੌਰਾਨ ਫੇਲ੍ਹ ਹੋ ਗਏ, ਕੀਟਨਾਸ਼ਕਾਂ ਦੇ 81 ਨਮੂਨੇ ਅਤੇ ਖਾਦਾਂ ਦੇ 78 ਨਮੂਨੇ ਗੈਰ-ਮਿਆਰੀ ਪਾਏ ਗਏ। ਵਿਭਾਗ ਨੇ ਉਹਨਾਂ ਡੀਲਰਾਂ/ਫ਼ਰਮਾਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ, ਜਿਨਾਂ ਦੇ ਨਮੂਨੇ ਮਿਆਰ ਦੇ ਮਾਪਦੰਡਾਂ ’ਤੇ ਖਰੇ ਨਹੀਂ ਉਤਰੇ।