ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਵੇ: ਜੰਮੂ,ਜੰਡੂ
Punjab Journalist : (ਰਾਜਨ ਮਾਨ) ਅੰਮ੍ਰਿਤਸਰ। ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੇ ਬੀਤੇ ਕੱਲ੍ਹ ਬਟਾਲਾ ਵਿਖੇ ਪੱਤਰਕਾਰ ਰਵਨੀਸ਼ ਬਹਿਲ ‘ਤੇ ਹੋਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਯੂਨੀਅਨ ਦੇ ਚੇਅਰਮੈਨ ਬਲਵਿੰਦਰ ਜੰਮੂ, ਪ੍ਰਧਾਨ ਬਲਵੀਰ ਜੰਡੂ , ਸੂਬਾ ਸੀਨੀਅਰ ਮੀਤ ਪ੍ਰਧਾਨ ਰਾਜਨ ਮਾਨ ਅਤੇ ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ ਨੇ ਪੱਤਰਕਾਰ ’ਤੇ ਹੋਏ ਹਮਲੇ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਪਿਛਲੇ ਕੁਝ ਅਰਸੇ ਦੌਰਾਨ ਪੱਤਰਕਾਰਾਂ ‘ਤੇ ਅੱਤਿਆਚਾਰ ਅਤੇ ਮੀਡੀਆ ਦਾ ਮੂੰਹ ਬੰਦ ਕਰਵਾਉਣ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ: Panchayat Elections: ਪੰਚਾਇਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਹੋਈਆਂ ਰਵਾਨਾ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਯੂਨੀਅਨ ਆਗੂਆਂ ਨੇ ਪੱਤਰਕਾਰ ‘ਤੇ ਹੋਏ ਹਮਲੇ ਨੂੰ ਪ੍ਰੈਸ ਦੀ ਆਜ਼ਾਦੀ ‘ਤੇ ਹਮਲਾ ਦੱਸਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਪੱਤਰਕਾਰਾਂ ਉੱਪਰ ਦਿਨੋ-ਦਿਨ ਵੱਧ ਰਹੇ ਹਮਲੇ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਕੁਝ ਲੋਕ ਸੱਤਾ ਦੇ ਨਸ਼ੇ ਵਿੱਚ ਹੱਕ ਸੱਚ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਹਨ ਜਿਸਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪੱਤਰਕਾਰਾਂ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਹੋਵੇਗੀ : ਮਾਨ, ਛਿੱਬਰ
ਉਹਨਾਂ ਕਿਹਾ ਕਿ ਪ੍ਰੈਸ ਦੀ ਆਜ਼ਾਦੀ ਦੀਆਂ ਗੱਲਾਂ ਸਾਰੀਆਂ ਹਕੂਮਤਾਂ ਕਰਦੀਆਂ ਹਨ ਪਰ ਅਸਲ ਵਿੱਚ ਉਹਨਾਂ ਦੀਆਂ ਨੀਤੀਆਂ ਅਤੇ ਸੋਚ ਇਸਦੇ ਬਿਲਕੁਲ ਉਲਟ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਤੁਰੰਤ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ। ਉਹਨਾਂ ਸਮੂਹ ਪੱਤਰਕਾਰ ਭਾਈਚਾਰੇ ਨੂੰ ਸੱਦਾ ਦਿੱਤਾ ਕਿ ਉਹ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਆਪਣੇ ਹੱਕਾਂ ਅਤੇ ਆਪਣੇ ਨਾਲ ਹੋ ਰਹੀਆਂ ਵਧੀਕੀਆਂ ਵਿਰੁੱਧ ਆਵਾਜ਼ ਬੁਲੰਦ ਕਰਨ। Punjab Journalist