Punjab News: ਆਪ ਦੀ ਰਣਨੀਤੀ ਦਾ ਕਮਾਲ: ਜੀਐੱਸਟੀ ਪ੍ਰਾਪਤੀ ’ਚ ਪੰਜਾਬ ਨੇ ਪਿਛਲੇ ਸਾਰੇ ਰਿਕਾਰਡ ਤੋੜੇ: : ਚੀਮਾ

Harpal Singh Cheema
Harpal Singh Cheema

ਜੀਐੱਸਟੀ ਪ੍ਰਾਪਤੀ ’ਚ 16 ਫੀਸਦੀ ਵਾਧਾ

  • ਪਿਛਲੇ ਸਾਰੇ ਰਿਕਾਰਡ ਟੁੱਟਦੇ ਹੋਏ 7,401 ਕਰੋੜ ਰੁਪਏ ਤੱੱਕ ਪੁੱਜਿਆ ਮਾਲੀਆ : ਚੀਮਾ
  • ਕਿਹਾ, ਜੀਐੱਸਟੀ ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਰਿਕਾਰਡ ਵਾਧਾ

Punjab News: (ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਸੂਬੇ ਨੇ ਵਿੱਤੀ ਸਾਲ 2025-26 ਦੌਰਾਨ ਇੱਕ ਵੱਡੀ ਵਿੱਤੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਨਵੰਬਰ 2025 ਤੱਕ ਸੂਬੇ ਨੇ ਜੀਐੱਸਟੀ ਪ੍ਰਾਪਤੀ ਵਿੱਚ 16.03 ਫੀਸਦੀ ਦਾ ਵਾਧਾ ਦਰਜ ਕਰਦਿਆਂ 17,860.09 ਕਰੋੜ ਰੁਪਏ ਪ੍ਰਾਪਤ ਕੀਤੇ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਖੇਤਰਾਂ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਜੀਐੱਸਟੀ ਪ੍ਰਾਪਤੀ ਵਿੱਚ ਪਿਛਲੇ ਸਾਲ ਦੇ ਮੁਕਾਬਲੇ 2,467.30 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਸਤੰਬਰ 2025 ਵਿੱਚ ਜੀਐੱਸਟੀ ਦਰਾਂ ਵਿੱਚ ਕੀਤੇ ਸੁਧਾਰਾਂ (ਜਿਸ ਨਾਲ ਜ਼ਰੂਰੀ ਵਸਤਾਂ ’ਤੇ ਟੈਕਸ 12 ਫੀਸਦੀ ਤੋਂ ਘਟਾ ਕੇ 5 ਫੀਸਦੀ ਕੀਤਾ ਗਿਆ ਸੀ) ਦੇ ਬਾਵਜੂਦ, ਵਿਭਾਗ ਦੀਆਂ ਨੀਤੀਆਂ ਕਾਰਨ ਟੈਕਸ ਪ੍ਰਾਪਤੀ ਸਥਿਰ ਰਹੀ।

ਇਹ ਵੀ ਪੜ੍ਹੋ: Counterfeit Currency: ਪੁਲਿਸ ਵੱਲੋਂ ਜਾਅਲੀ ਕਰੰਸੀ ਛਾਪਣ ਵਾਲੇ ਗਿਰੋਹ ਦਾ ਮੈਂਬਰ ਕਾਬੂ, ਮਾਮਲਾ ਦਰਜ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਯਕਮੁਸ਼ਤ ਨਿਪਟਾਰਾ ਸਕੀਮ-2025 ਇੱਕ ਵੱਡੀ ਪ੍ਰਾਪਤੀ ਰਹੀ ਹੈ, ਜਿਸ ਤਹਿਤ 18 ਦਸੰਬਰ 2025 ਤੱਕ 3,574 ਕੇਸਾਂ ਦਾ ਨਿਪਟਾਰਾ ਕਰਕੇ 52 ਕਰੋੜ ਰੁਪਏ ਦੀ ਵਸੂਲੀ ਕੀਤੀ ਗਈ ਹੈ ਅਤੇ ਵਪਾਰੀਆਂ ਨੂੰ ਟੈਕਸ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ। ਟੈਕਸ ਇੰਟੈਲੀਜੈਂਸ ਯੂਨਿਟ ਦੀ ਮਦਦ ਨਾਲ 344.06 ਕਰੋੜ ਰੁਪਏ ਦਾ ਟੈਕਸ ਅਤੇ ਜੁਰਮਾਨਾ ਵਸੂਲਿਆ ਗਿਆ ਹੈ। ਇਸ ਤੋਂ ਇਲਾਵਾ, ਜੀਐੱਸਟੀ ਆਰ-3ਬੀ ਰਿਟਰਨ ਨਾ ਭਰਨ ਵਾਲਿਆਂ ’ਤੇ ਨਿਗਰਾਨੀ ਰੱਖ ਕੇ 2,185.96 ਕਰੋੜ ਰੁਪਏ ਜਮ੍ਹਾ ਕਰਵਾਏ ਗਏ ਹਨ।

ਵਿੱਤ ਮੰਤਰੀ ਚੀਮਾ ਨੇ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਅਪਰੈਲ ਤੋਂ ਨਵੰਬਰ 2025 ਦਰਮਿਆਨ 618.53 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਦੀ ਕਾਰਜਕੁਸ਼ਲਤਾ ਵਧਾਉਣ ਲਈ 5,111 ਅਧਿਕਾਰੀਆਂ ਨੂੰ 144 ਵਿਸ਼ੇਸ਼ ਪ੍ਰੋਗਰਾਮਾਂ ਰਾਹੀਂ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਣਨੀਤੀਆਂ ਵਿੱਤੀ ਸਾਲ ਦੇ ਬਾਕੀ ਰਹਿੰਦੇ ਮਹੀਨਿਆਂ ਵਿੱਚ ਵੀ ਮਾਲੀਏ ਦੇ ਵਾਧੇ ਨੂੰ ਬਰਕਰਾਰ ਰੱਖਣਗੀਆਂ। Punjab News