ਪੰਜਾਬ ਕੈਬਨਿਟ ਨੇ ਲਿਆ ਝੋਨੇ ਦੀ ਖ਼ਰੀਦ ਤਿਆਰੀਆਂ ਦਾ ਜਾਇਜ਼ਾ

Punjab Cabinet, Reviewed, Purchase, Paddy, Procurement Done

ਇਸ ਸਾਲ ਬੰਪਰ ਹੋਵੇਗੀ ਖਰੀਦ, 200 ਲੱਖ ਮੈਟ੍ਰਿਕ ਟਨ ਝੋਨਾ ਆਉਣ ਦੇ ਅਸਾਰ

ਚੰਡੀਗੜ੍ਹ, ਅਸ਼ਵਨੀ ਚਾਵਲਾ/ਸੱਚ ਕਹੂੰ ਨਿਊਜ

ਪੰਜਾਬ ਮੰਤਰੀ ਮੰਡਲ ਨੇ ਅੱਜ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਖਰੀਦ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੋਨੇ ਦੀ ਬਿਨਾ ਅੜਚਣ ਖਰੀਦ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਵਾਰ ਝੋਨੇ ਦੀ ਤਕਰੀਬਨ 200 ਲੱਖ ਮੀਟਰਕ ਟਨ ਖਰੀਦ ਕੀਤੇ ਜਾਣ ਲਈ ਵਿਸ਼ਾਲ ਪ੍ਰਬੰਧ ਕੀਤੇ ਗਏ ਹਨ।

ਸਾਲ 2017-18 ਦੇ ਪਿਛਲੇ ਸਾਉਣੀ ਦੇ ਸੀਜ਼ਨ ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕੁੱਲ 179.34 ਲੱਖ ਮੀ.ਟਨ ਝੋਨੇ ਦੀ ਖਰੀਦ ਕੀਤੀ ਗਈ ਸੀ, ਜਿਸ ਵਿੱਚੋਂ ਸਮੂਹ ਸਰਕਾਰੀ ਖਰੀਦ ਏਜੰਸੀਆਂ ਦੁਆਰਾ ਕੁੱਲ 176.61 ਲੱਖ ਮੀਟਰਕ ਟਨ ਅਤੇ ਮਿਲਰਾਂ/ਪ੍ਰਾਈਵੇਟ ਵਪਾਰੀਆਂ ਵੱਲੋਂ ਕੇਵਲ 2.73 ਲੱਖ ਮੀਟਰਕ ਟਨ ਝੋਨਾ ਖਰੀਦੀਆ ਸੀ। ਆਉਣ ਵਾਲੇ ਸਾਉਣੀ ਸੀਜ਼ਨ 2018-19 ਦੌਰਾਨ ਸਰਕਾਰੀ ਖਰੀਦ ਏਜੰਸੀਆਂ ਵੱਲੋਂ 190 ਲੱਖ ਮੀਟਰਕ ਟਨ ਅਤੇ ਐਫ.ਸੀ.ਆਈ. ਵੱਲੋਂ 10 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾਵੇਗੀ।

ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਦੱਸਿਆ ਗਿਆ ਕਿ ਸਰਕਾਰੀ ਖਰੀਦ ਏਜੰਸੀਆਂ ਵੱਲੋਂ 190 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕਰਨ ਲਈ ਕੁੱਲ 40300 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ ਦੀ ਸਰਕਾਰੀ ਖਰੀਦ ਏਜੰਸੀਆਂ ਵਾਸਤੇ ਜ਼ਰੂਰਤ ਹੈ ਅਤੇ ਇਸ ਦਾ ਪ੍ਰਬੰਧ ਸਾਉਣੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਕਰ ਲਿਆ ਜਾਵੇਗਾ।

ਓ.ਐਸ.ਡੀਜ਼ ਨੂੰ ਮਿਲੇਗੀ ਮਕਾਨ ਭੱਤਾ

ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਓ.ਐਸ.ਡੀਜ਼ ਨੂੰ ਤਨਖ਼ਾਹ ਤੋਂ ਇਲਾਵਾ ਮਕਾਨ ਭੱਤਾ ਦੇਣ ਸਬੰਧੀ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਕਿਸੇ ਵੀ ਓ.ਐਸ.ਡੀ. ਨੂੰ ਮਕਾਨ ਭੱਤਾ ਨਹੀਂ ਦਿੱਤਾ ਜਾ ਰਿਹਾ ਸੀ। ਚੰਡੀਗੜ ਵਿਖੇ ਸਥਿਤ 5 ਓ.ਐਸ.ਡੀਜ਼ ਨੂੰ 20 ਫੀਸਦੀ ਮਕਾਨ ਭੱਤਾ ਦਿੱਤਾ ਜਾਏਗਾ, ਜਿਹੜਾ ਕਿ ਉਨਾਂ ਦੀ ਤਨਖਾਹ ਅਨੁਸਾਰ ਹੀ ਹੋਵੇਗਾ। ਇਸ ਤੋਂ ਇਲਾਵਾ ਅਮਰਿੰਦਰ ਸਿੰਘ ਦੇ ਸਕੱਤਰਾਂ ਨੂੰ ਮਕਾਨ ਭੱਤਾ ਦੇਣ ਸਬੰਧੀ ਫਾਈਲ ਇਸ ਕੈਬਨਿਟ ਵਿੱਚ ਸ਼ਾਮਲ ਨਹੀਂ ਹੋਈ ਹੈ, ਉਹਨੂੰ ਅਗਲੀ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਏਗਾ।

ਦਸੰਬਰ ਹੀ ‘ਚ ਹੋਵੇਗੀ ਵਿਧਾਨ ਸਭਾ ਦਾ ਸੈਸ਼ਨ

ਪੰਜਾਬ ਵਿਧਾਨ ਸਭਾ ਦਾ ਸੈਸ਼ਨ ਹੁਣ ਦਸੰਬਰ ਵਿੱਚ ਹੀ ਹੋਵੇਗਾ। ਪੰਜਾਬ ਦੇ ਖ਼ਜਾਨਾ ਮੰਤਰੀ ਨੇ ਦੱਸਿਆ ਕਿ ਜੀ.ਐਸ.ਟੀ. ਦੀਆਂ ਜਰੂਰੀ ਸੋਧਾ ਕਰਨ ਲਈ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਸਦਣ ਦੀ ਜਰੂਰਤ ਨਹੀਂ ਹੈ, ਕਿਉਂਕਿ ਇਨਾਂ ਸੋਧਾ ਨੂੰ ਆਰਡੀਨੈਂਸ ਰਾਹੀਂ ਵੀ ਕੀਤਾ ਜਾ ਸਕਦਾ ਹੈ। ਇਸ ਲਈ ਵਿਧਾਨ ਸਭਾ ਦਾ ਸੈਸ਼ਨ ਦਸੰਬਰ ਮਹੀਨੇ ਵਿੱਚ ਸੱਦੀਆ ਜਾ ਸਕਦਾ ਹੈ।

ਪੰਜਾਬ ਸਰਕਾਰ ਨੇ ਏਮਜ਼ ਲਈ ਦਿੱਤੀ ਚਾਰ ਏਕੜ 13 ਮਰਲੇ ਹੋਰ ਜ਼ਮੀਨ

ਮੰਤਰੀ ਮੰਡਲ ਨੇ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਪ੍ਰੋਜੈਕਟ ਦੀ ਸਥਾਪਨਾ ਲਈ ਸੂਬੇ ਨਾਲ ਸਬੰਧਿਤ ਜ਼ਮੀਨ ਦੇ ਵੱਖ-ਵੱਖ ਟੁਕੜਿਆਂ ਨੂੰ ਭਾਰਤ ਸਰਕਾਰ ਦੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਚਾਰ ਏਕੜ, ਇਕ ਕਨਾਲ 13 ਮਰਲੇ ਜ਼ਮੀਨ ਕੇਂਦਰੀ ਮੰਤਰਾਲੇ ਨੂੰ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ, ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਸੂਬੇ ਦੇ ਖੇਡ ਵਿਭਾਗ ਦੇ ਨਾਂ ਹੈ।

ਅਨੰਦਪੁਰ ਸਾਹਿਬ-ਨੈਣਾਂ ਦੇਵੀ ਰੋਪਵੇਅ ਪ੍ਰੋਜੈਕਟ ਨੂੰ ਹਰੀ ਝੰਡੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੋਰ ਉਤਸ਼ਾਹਿਤ ਕਰਨ ਲਈ ਜਨਤਕ-ਨਿੱਜੀ ਭਾਈਵਾਲੀ ਨਾਲ ਅਨੰਦਪੁਰ ਸਾਹਿਬ ਤੇ ਨੈਣਾ ਦੇਵੀ ਜੀ ਦਰਮਿਆਨ ਰੋਪਵੇਅ ਦੀ ਸਥਾਪਨਾ ਲਈ ਪ੍ਰਵਾਨਗੀ ਦੇ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।