Punjab News: ਮੁੱਖ ਮੰਤਰੀ ਨੇ ਸ੍ਰੀ ਨਾਂਦੇੜ ਸਾਹਿਬ ਲਈ 500 ਮਹਿਲਾ ਸਰਪੰਚਾਂ ਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਕੀਤਾ ਰਵਾਨਾ

Punjab News
ਫ਼ਤਹਿਗੜ੍ਹ ਸਾਹਿਬ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕਰਦੇ ਹੋਏ। ਤਸਵੀਰ : ਅਨਿਲ ਲੁਟਾਵਾ

ਕੌਮੀ ਪੰਚਾਇਤੀ ਸੰਮੇਲਨ ’ਚ ਸ਼ਿਰਕਤ ਕਰੇਗਾ ਵਫ਼ਦ

Punjab News: (ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 500 ਮਹਿਲਾ ਸਰਪੰਚਾਂ ਅਤੇ ਪੰਚਾਂ ਦੇ ਪਹਿਲੇ ਵਫ਼ਦ ਨੂੰ ਮਹਾਂਰਾਸ਼ਟਰ ਲਿਜਾ ਰਹੀ ਟ੍ਰੇਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ। ਇਹ ਮਹਿਲਾ ਸਰਪੰਚ ਤੇ ਪੰਚ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨ ਕਰਨਗੇ ਅਤੇ ਮਹਿਲਾ ਪੰਚਾਇਤਾਂ ਦੇ ਕੌਮੀ ਸੰਮਲੇਨ ਵਿੱਚ ਵੀ ਸ਼ਿਰਕਤ ਕਰਨਗੇ।

ਅੱਜ ਇੱਥੇ ਰੇਲਵੇ ਸਟੇਸ਼ਨ ਵਿਖੇ ਰੇਲਗੱਡੀ ਨੂੰ ਝੰਡੀ ਦਿਖਾਉਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਤੋਂ 500 ਮਹਿਲਾ ਸਰਪੰਚਾਂ ਤੇ ਪੰਚਾਂ ਦਾ ਵਫ਼ਦ ਮਹਿਲਾ ਪੰਚਾਇਤਾਂ ਬਾਰੇ ਕੌਮੀ ਸੰਮੇਲਨ ਵਿੱਚ ਸ਼ਿਰਕਤ ਕਰਨ ਲਈ ਮਹਾਂਰਾਸ਼ਟਰ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਫ਼ਦ ਵਿੱਚ ਚੰਗੀ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ ਦੇ ਨੁਮਾਇੰਦੇ ਸ਼ਾਮਲ ਹਨ। ਇਸ ਦੌਰੇ ਦਾ ਮਕਸਦ ਪੰਜਾਬ ਦੀਆਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਦੂਜੇ ਸੂਬਿਆਂ ਤੋਂ ਆਏ ਪੰਚਾਇਤੀ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰੇ ਰਾਹੀਂ ਨਵੇਂ ਤਜ਼ਰਬੇ ਸਾਂਝੇ ਕਰਨਾ ਹੈ ਤਾਂ ਕਿ ਪਿੰਡਾਂ ਦੀ ਨੁਹਾਰ ਬਦਲਣ ਲਈ ਲੀਹੋਂ ਹਟਵੇਂ ਉਪਰਾਲਿਆਂ ਨੂੰ ਅਮਲ ਵਿੱਚ ਲਿਆਂਦਾ ਜਾ ਸਕੇ।

ਇਹ ਵੀ ਪੜ੍ਹੋ: Haryana Punjab Weather Alert: ਸਾਵਧਾਨ, ਹਰਿਆਣਾ ਦੇ 4 ਤੇ ਪੰਜਾਬ ਦੇ 8 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਅਲਰਟ

ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਦੌਰੇ ਨਾਲ ਮਹਿਲਾ ਪੰਚਾਇਤੀ ਨੁਮਾਇੰਦਿਆਂ ਦਾ ਆਤਮ ਵਿਸ਼ਵਾਸ ਹੋਰ ਵਧੇਗਾ ਅਤੇ ਪਿੰਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਮਹਿਲਾ ਸਰਪੰਚਾਂ ਤੇ ਪੰਚਾਂ ਵੱਲੋਂ ਨਾਂਦੇੜ ਵਿਖੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਜੀ ਦੇ ਦਰਸ਼ਨਾਂ ਲਈ ਸੂਬਾ ਸਰਕਾਰ ਵੱਲੋਂ ਲੋੜੀਂਦਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਮਹਿਲਾ ਸਰਪੰਚਾਂ ਤੇ ਪੰਚਾਂ ਦੇ ਆਉਣ-ਜਾਣ ਅਤੇ ਰਹਿਣ-ਸਹਿਣ ਦਾ ਸਾਰਾ ਖਰਚਾ ਸਰਕਾਰ ਕਰੇਗੀ। Punjab News

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਵਿੱਤਰ ਅਸਥਾਨ ਦੇ ਦਰਸ਼ਨ ਕਰਵਾਉਣ ਲਈ ਇਸ ਵਿਸ਼ੇਸ਼ ਟ੍ਰੇਨ ਦਾ ਇੰਤਜ਼ਾਮ ਕੀਤਾ ਗਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਹਲਕਾ ਵਿਧਾਇਕ ਫ਼ਤਹਿਗੜ੍ਹ ਸਾਹਿਬ ਲਖਬੀਰ ਸਿੰਘ ਰਾਏ,ਹਲਕਾ ਵਿਧਾਇਕ ਅਮਲੋਹ ਗੁਰਿੰਦਰ ਸਿੰਘ ਗੈਰੀ ਬੜਿੰਗ, ਬਸੀ ਦੇ ਵਿਧਾਇਕ ਰੁਪਿੰਦਰ ਹੈਪੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।