ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਝੂਕ ਤੋਂ ਬਾਅਦ ਲਿਆ ਫੈਸਲਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ‘ਚ ਹੋਈ ਝੂਕ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਤੋਂ ਮਿਲੇ ਇਨਪੁਟਸ ਦੇ ਆਧਾਰ ‘ਤੇ ਭਾਜਪਾ ਦੇ ਆਗੂਆਂ ਸਮੇਤ ਕੇਂਦਰੀ ਮੰਤਰੀਆਂ ਦੀ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ, ਜੋ ਭਾਜਪਾ ਦੇ ਚੋਣ ਇੰਚਾਰਜ ਵੀ ਹਨ, ਦੀ ਸੁਰੱਖਿਆ ਵਧਾ ਕੇ Z+ ਕਰ ਦਿੱਤੀ ਗਈ ਹੈ।
ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਅਤੇ ਕੇਂਦਰ ਵਿੱਚ ਮੰਤਰੀ ਸੋਮ ਪ੍ਰਕਾਸ਼ ਦੀ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਸੁਰੱਖਿਆ ਏਜੰਸੀਆਂ ਨੇ ਖ਼ਦਸ਼ਾ ਜ਼ਾਹਰ ਕੀਤਾ ਹੈ ਕਿ ਪੰਜਾਬ ਚੋਣਾਂ ਵਿੱਚ ਕੰਮ ਕਰ ਰਹੇ ਭਾਜਪਾ ਦੇ ਕੇਂਦਰੀ ਆਗੂਆਂ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ। ਇਸ ਲਈ ਭਾਜਪਾ ਦੇ ਸਾਰੇ ਆਗੂਆਂ ਦੀ ਸੁਰੱਖਿਆ ਵਧਾ ਦਿੱਤੀ ਗਈ। ਜਿਕਰਯੋਗ ਹੈ ਕਿ ਪੰਜਾਬ ਦੇ ਜਿਲਾ ਲੁਧਿਆਣ ’ਚ ਬੰਬ ਧਮਾਕੇ ਤੋਂ ਬਾਅਦ ਸੂਬੇ ’ਚ ਬੇਅਦਬੀਆਂ ਦੀਆਂ ਘਟਨਾਵਾਂ ਵਾਪਰੀਆਂ ਸਨ ਤੇ ਫਿਰ ਪੰਜਾਬ ਦੌਰੇ ਦੌਰਾਨ ਪ੍ਰਧਾਨ ਮੰਤਰੀ ਦੀ ਸੁਰੱਖਿਆ ’ਚ ਝੂਕ ਦੀ ਘਟਨਾ ਸਾਹਮਣੇ ਆਈ, ਜਿਸ ਤੋਂ ਬਾਅਦ ਹੁਣ ਭਾਜਪਾ ਆਗੂਆਂ ਦੀ ਸੁਰੱਖਿਆ ’ਚ ਵਾਧਾ ਕੀਤਾ ਗਿਆ ਹੈ।
ਪੰਜਾਬ ਦੇ ਇਨਾਂ ਆਗੂਆਂ ਨੂੰ ਵੀ ਦਿੱਤੀ ਗਈ ਹੈ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ
ਪੰਜਾਬ ਦੇ ਉੱਘੇ ਆਗੂ ਕਾਦੀਆਂ ਦੇ ਵਿਧਾਇਕ ਅਤੇ ਕਾਂਗਰਸੀ ਸੰਸਦ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਛੋਟੇ ਭਰਾ ਫਤਿਹਜੰਗ ਸਿੰਘ ਬਾਜਵਾ, ਜੋ 28 ਦਸੰਬਰ ਨੂੰ ਕਾਂਗਰਸ ਤੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ, ਨੂੰ ਵਾਈ+ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਬਾਜਵਾ ਦੀ ਸੁਰੱਖਿਆ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਨੂੰ ਦਿੱਤੀ ਗਈ ਹੈ। ਹਾਲ ਹੀ ਵਿੱਚ ਕੇਂਦਰ ਸਰਕਾਰ ਨੇ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਜ਼ੈੱਡ ਸ਼੍ਰੇਣੀ ਦਾ ਵੀਆਈਪੀ ਸੁਰੱਖਿਆ ਕਵਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਰਸਾ ਦੀ ਸੁਰੱਖਿਆ ਵੀ ਕੇਂਦਰ ਨੇ ਵਧਾ ਦਿੱਤੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ