ਪੰਜਾਬ ਦੇ ਕਿਸਾਨਾਂ ਨੂੰ ਹੁਣ ਮਿਲਿਆ ਗੰਨੇ ਦਾ ‘ਮਿੱਠਾ’ ਰੇਟ, 360 ਰੁਪਏ ਕੁਇੰਟਲ ਹੋਇਆ

ਹੁਣ ਹਰਿਆਣਾ ਨਾਲੋਂ ਪੰਜਾਬ ਵਿੱਚ ਵੱਧ ਹੋਇਆ ਗੰਨੇ ਦਾ ਭਾਅ, ਕਿਸਾਨਾ ਨੇ ਖ਼ਤਮ ਕੀਤਾ ਧਰਨਾ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪਿਛਲੇ ਦੋ ਦਿਨਾਂ ਤੋਂ ਲਗਾਤਾਰ ਜਾਰੀ ਮੀਟਿੰਗਾਂ ਦੇ ਦੌਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਕਰਦੇ ਹੋਏ ਸੂਬੇ ਵਿੱਚ ਗੰਨੇ ਦਾ ਭਾਅ 360 ਰੁਪਏ ਪ੍ਰਤੀ ਕੁਇੰਟਲ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸ ਤੋਂ ਬਾਅਦ ਮੌਕੇ ’ਤੇ ਹੀ ਕਿਸਾਨਾਂ ਨੇ ਖ਼ੁਸ਼ੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾ ਦਿੱਤਾ ਅਤੇ ਜਲੰਧਰ ਵਿਖੇ ਚਲ ਰਹੇ ਧਰਨੇ ਨੂੰ ਵੀ ਖ਼ਤਮ ਕਰਨ ਦਾ ਫੈਸਲਾ ਕਰ ਲਿਆ ਗਿਆ। ਹੁਣ ਪੰਜਾਬ ਵਿੱਚ ਗੁਆਂਢੀ ਸੂਬੇ ਨਾਲੋਂ ਜਿਆਦਾ ਗੰਨੇ ਦਾ ਭਾਅ ਜਿਆਦਾ ਹੋ ਗਿਆ ਹੈ। ਹਰਿਆਣਾ ਵਿੱਚ ਇਸ ਸਮੇਂ 358 ਰੁਪਏ ਭਾਅ ਹੈ।

ਇਹ ਮਾਮਲਾ ਅੱਜ ਬਾਅਦ ਦੁਪਹਿਰ ਮੁੱਖ ਮੰਤਰੀ ਦੀ ਕਿਸਾਨ ਯੂਨੀਅਨ ਆਗੂਆਂ ਨਾਲ ਮੀਟਿੰਗ ਵਿੱਚ ਹੱਲ ਹੋਇਆ ਜਿੱਥੇ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਐਲਾਨੇ ਜਾਂਦੇ ਗੰਨੇ ਦੇ ਭਾਅ (ਐਸ.ਏ.ਪੀ.) ਵਿੱਚ ਵਾਧੇ ਦੀ ਸਹਿਮਤੀ ਦਿੰਦਿਆਂ ਕਿਹਾ ਕਿ ਪਿਛਲੇ ਤਿੰਨ-ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਸਥਿਤੀ ਨੇ ਸਰਕਾਰ ਨੂੰ ਗੰਨੇ ਦਾ ਢੁੱਕਵਾਂ ਭਾਅ ਵਧਾਉਣ ਲਈ ਰੋਕੀ ਰੱਖਿਆ। ਕਿਸਾਨ ਯੂਨੀਅਨ ਆਗੂਆਂ ਨੇ ਪਹਿਲਾਂ ਕਿਹਾ ਕਿ ਪੰਜਾਬ ਇਸ ਸਮੇਂ ਦੌਰਾਨ ਹਰਿਆਣਾ ਦੀ ਤਰਜ਼ ’ਤੇ ਗੰਨੇ ਦਾ ਭਾਅ ਵਧਾਉਣ ਵਿੱਚ ਨਾਕਾਮ ਰਿਹਾ ਹੈ ਜਿਸ ਨਾਲ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਇਆ ਹੈ।

ਮੀਟਿੰਗ ’ਚ ਖੰਡ ਮਿੱਲ ਮਾਲਕ ਵਿਧਾਇਕ ਰਾਣਾ ਗੁਰਜੀਤ ਸਿੰਘ, ਸੰਯੁਕਤ ਕਿਸਾਨ ਮੋਰਚਾ ਦੇ ਨੁਮਾਇੰਦਿਆਂ ’ਚੋਂ ਬਲਵੀਰ ਸਿੰਘ ਰਾਜੇਵਾਲ ਤੋਂ ਇਲਾਵਾ ਕੁਲਵੰਤ ਸਿੰਘ ਸੰਧੂ, ਹਰਮੀਤ ਕਾਦੀਆ, ਜੰਗਵੀਰ ਸਿੰਘ ਚੌਹਾਨ, ਹਰਿੰਦਰ ਸਿੰਘ ਲੱਖੋਵਾਲ, ਬਲਦੇਵ ਸਿੰਘ ਦੱਪਰ ਤੇ ਬਲਵਿੰਦਰ ਸਿੰਘ ਔਲਖ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ