ਪ੍ਰਮੁੱਖ ਸਕੱਤਰ ਟਰਾਂਸਪੋਰਟ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ
ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗੀ, ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਕੇ ਸ਼ਿਵਾ ਪ੍ਰਸਾਦ ਵੱਲੋਂ ਅੱਜ ਇੱਥੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ‘ਚ 30ਵੇਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਉਣ ਲਈ ਹਫਤਾ ਭਰ ਚੱਲਣ ਵਾਲੇ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ।
ਇੱਥੇ ਸੈਕਟਰ-9 ਸਥਿਤ ਪੰਜਾਬ ਸਿਵਲ ਸਕੱਤਰੇਤ-2 ਦੇ ਕਮੇਟੀ ਰੂਮ ਵਿਖੇ ਹੋਈ ਮੀਟਿੰਗ ‘ਚ ਪ੍ਰਮੁੱਖ ਸਕੱਤਰ ਸ੍ਰੀ ਪ੍ਰਸਾਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਸ ਸਪਤਾਹ ਦੌਰਾਨ ਸਭ ਤੋਂ ਮਹੱਤਵਪੂਰਨ ਕੰਮ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਸਿੱਖਿਆ ਤੇ ਉਚੇਰੀ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਤੇ ਕਾਲਜਾਂ ‘ਚ ਵਿਸ਼ੇਸ਼ ਸੈਮੀਨਾਰ ਕਰਵਾਏ ਜਾਣਗੇ, ਜਿਸ ਵਿੱਚ ਟ੍ਰੈਫਿਕ ਵਿੰਗ ਵੱਲੋਂ ਸੜਕੀ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਹਾਦਸਿਆਂ ਵਾਲੀਆਂ ਥਾਵਾਂ ਦੀ ਸ਼ਨਾਖਤ ਕਰਕੇ ਉੱਥੇ ਵਧੇਰੇ ਚੌਕਸੀ ਵਰਤੀ ਜਾਵੇ, ਓਵਰ ਲੋਡਿੰਗ, ਓਵਰ ਸਪੀਡਿੰਗ, ਲਾਲ ਬੱਤੀ ਟੱਪਣ, ਸੀਟ ਬੈਲਟ ਜਾਂ ਹੈਲਮੇਟ ਤੋਂ ਬਿਨਾਂ ਵਾਹਨ ਚਲਾਉਣ ਵਾਲੇ, ਨਸ਼ਾ ਕਰਕੇ ਤੇ ਮੋਬਾਇਲ ਨਾਲ ਵਾਹਨ ਚਲਾਉਣ ਵਾਲੇ ਚਾਲਕਾਂ ਖਿਲਾਫ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਸਕੂਲਾਂ ਨੇੜੇ ਖਾਸ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਵਾਹਨਾਂ ‘ਤੇ ਰਿਫਲੈਕਟਰ ਲਗਾਏ ਜਾਣਗੇ, ਖਾਸ ਕਰਕੇ ਖੰਡ ਮਿੱਲਾਂ ਦੇ ਬਾਹਰ ਗੰਨਾ ਲਿਆਉਣ ਵਾਲੀਆਂ ਟਰਾਲੀਆਂ ਨੂੰ ਕਵਰ ਕੀਤਾ ਜਾਵੇਗਾ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।