ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਵਚਨਬੱਧ : Sadhu Singh Dharmasot

Sadhu Singh Dharmasot

5730 ਸਕੂਲਾਂ ਨੂੰ ਸਮਾਰਟ ਸਕੂਲਾਂ ‘ਚ ਕੀਤਾ ਤਬਦੀਲ

ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸਰਕਾਰ ਦੀ ਟੀਚਾ

ਸ੍ਰੀ ਮੁਕਤਸਰ ਸਾਹਿਬ (ਭਜਨ ਸਿੰਘ ਸਮਾਘ) ਪੰਜਾਬ ਦੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharmasot) ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉਤੱਮ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ। ਉਹ ਅੱਜ ਇੱਥੇ ਜ਼ਿਲੇ ਦੇ ਪਿੰਡ ਊਦੇਕਰਨ ਵਿਖੇ ਪੰਜਾਬ ਸਰਕਾਰ ਵੱਲੋਂ ਸਮਾਰਟ ਸਕੂਲ ਵਜੋਂ ਵਿਕਸਤ ਕੀਤੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਵਿਚ 5 ਪ੍ਰੋਜੈਕਟਰਜ ਦੇ ਲੋਕ ਅਰਪਨ ਸਬੰਧੀ ਕਰਵਾਏ ਸਮਾਗਮ ਮੌਕੇ ਸੰਬੋਧਨ ਕਰ ਰਹੇ ਸਨ। ਸਾਧੂ ਸਿੰਘ ਧਰਮਸੋਤ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਰਾਜ ਵਿੱਚ ਸਿੱਖਿਆ ਢਾਂਚੇ ਦੇ ਵਿਕਾਸ ਤੇ ਵਿਸ਼ੇਸ਼ ਤੱਵਜੋਂ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਸਿੱਖਿਆ ਦੇ ਸਹਾਰੇ ਹੀ ਅਸਲ ਸਮਾਜਿਕ ਆਰਥਿਕ ਵਿਕਾਸ ਦੇ ਟੀਚੇ ਹਾਸਲ ਕੀਤੇ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਨੇ ਹੀ ਸਾਡੇ ਅੱਜ ਦੇ ਬੱਚਿਆਂ ਨੂੰ ਚੰਗੇ, ਸਿੱਖਿਅਤ ਨਾਗਰਿਕ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ 5730 ਸਕੂਲਾਂ ਨੂੰ ਸਮਾਰਟ ਸਕੂਲ ਵਿੱਚ ਤਬਦੀਲ ਕੀਤਾ ਗਿਆ ਹੈ ਜਿੱਥੇ ਵਿਦਿਆਰਥੀਆਂ ਨੂੰ ਆਧੂਨਿਕ ਸਿੱਖਣ ਸਿਖਾਉਣ ਦੀ ਵਿਧੀਆਂ ਅਤੇ ਮਲਟੀ ਮੀਡੀਆ ਤਕਨੀਕਾਂ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੀ 546 ਸਕੂਲਾਂ ਵਿਚ 436 ਸਕੂਲਾਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ।

ਧਰਮਸੋਤ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਮਨੁੱਖ ਦੀਆਂ ਬੁਨਿਆਦੀ ਜਰੂਰਤਾਂ ਹਨ ਅਤੇ ਪੰਜਾਬ ਸਰਕਾਰ ਲਈ ਇਹ ਦੋਨੋਂ ਸੈਕਟਰ ਪ੍ਰਮੁੱਖ ਤਰਜੀਹੀ ਖੇਤਰ ਹਨ। ਇਸੇ ਲਈ ਸੂਬਾ ਸਰਕਾਰ ਨੇ ਸਰਬੱਤ ਸਿਹਤ ਬੀਮਾ ਯੋਜਨਾ ਰਾਹੀਂ ਰਾਜ ਦੇ 2.2 ਕਰੋੜ ਲੋਕਾਂ ਨੂੰ 5 ਲੱਖ ਰੁਪਏ ਸਲਾਨਾ ਤੱਕ ਦੇ ਨਗਦੀ ਰਹਿਤ ਇਲਾਜ ਦੀ ਸਹੁਲਤ ਮੁਹਈਆ ਕਰਵਾਈ ਹੈ। ਇਸ ਮੌਕੇ ਉਨ੍ਹਾਂ ਵਿਦਿਆਥੀਆਂ ਅਤੇ ਅਧਿਆਪਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਵੱਡੀਆਂ ਕੁਰਬਾਨੀਆਂ ਕਰਕੇ ਸਾਨੂੰ ਅਜਾਦੀ ਲੈ ਕੇ ਦਿੱਤੀ ਹੈ ਅਤੇ ਇਸ ਦੀ ਸੰਭਾਲ ਸਾਡੀ ਸਭ ਦੀ ਨੈਤਿਕ ਜਿੰਮੇਵਾਰੀ ਹੈ। ਇਸ ਲਈ ਸਾਨੂੰ ਆਪਣੇ ਕੌਮੀ ਫਰਜਾਂ ਪ੍ਰਤੀ ਹਮੇਸਾਂ ਸੁਚੇਤ ਰਹਿਣਾ ਚਾਹੀਦਾ ਹੈ।

ਮੰਤਰੀ ਸਾਧੂ ਸਿੰਘ ਧਰਮਸੋਤ ਨੇ ਇਸ ਮੌਕੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੇ ਵਿਹਾਰ ਤੇ ਲਗਾਤਾਰ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਸੰਗਤ ਪ੍ਰਤੀ ਸੁਚੇਤ ਰਹਿਣ। ਉਨ੍ਹਾਂ ਨੇ ਕਿਹਾ ਕਿ ਘਰ ਪਰਿਵਾਰ ਤੋਂ ਕੀਤੀ ਚੌਕਸੀ ਅਤੇ ਬੱਚਿਆਂ ਨੂੰ ਦਿੱਤੀ ਚੰਗੀ ਸਿੱਖਿਆ ਸਾਡੀ ਨਵੀਂ ਪੀੜ੍ਹੀ ਨੂੰ ਗਲਤ ਸੰਗਤ ਵਿੱਚ ਪੈਣ ਤੋਂ ਰੋਕ ਸਕਦੀ ਹੈ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਸਵੱਛਤਾ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਜੀਵਨ ਵਿਚ ਸਫਾਈ ਦਾ ਬਹੁਤ ਮਹੱਤਵ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਚੌਗਿਰਦੇ ਦੀ ਸੰਭਾਲ ਪ੍ਰਤੀ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।