ਪੰਜਾਬ ਸਰਕਾਰ ਨੇ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ : ਗਰੇਵਾਲ

Punjab Government, Investigate, Bargari, Incident, Proper Manner, Grewal

ਭਾਜਪਾ ਆਗੂ ਨੇ ਜਾਂਚ ‘ਤੇ ਕੀਤਾ ਇਤਰਾਜ਼

ਸੰਗਰੂਰ, ਗੁਰਪ੍ਰੀਤ ਸਿੰਘ/ਸੱਚ ਕਹੂੰ ਨਿਊਜ਼

ਪੰਜਾਬ ਸਰਕਾਰ ਵੱਲੋਂ ਬਰਗਾੜੀ ਕਾਂਡ ਦੀ ਜਾਂਚ ਸਹੀ ਤਰੀਕੇ ਨਾਲ ਨਹੀਂ ਕਰਵਾਈ ਹੈ, ਜਿਸ ਕਾਰਨ ਸਹੀ ਤੱਥ ਬਾਹਰ ਨਹੀਂ ਆ ਸਕੇ ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਪਾਰਟੀ ਦੇ ਕੌਮੀ ਕਿਸਾਨ ਆਗੂ ਸਤਵੰਤ ਸਿੰਘ ਪੂਨੀਆ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਗਰੇਵਾਲ ਨੇ ਕਿਹਾ ਕਿ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰੰਥ ਸਾਹਿਬ ਦੀ ਬੇਅਦਬੀ ਦਾ ਸਮੁੱਚੇ ਵਿਸ਼ਵ ਦੇ ਲੋਕਾਂ ਨੂੰ ਵੱਡਾ ਦੁੱਖ ਹੈ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਨੂੰ ਆਧਾਰ ਬਣਾ ਕੇ ਪੰਜਾਬ ਸਰਕਾਰ ਵੱਲੋਂ ਜਿਹੜੀ ਜਾਂਚ ਕਰਵਾਈ ਜਾ ਰਹੀ ਹੈ, ਉਹ ਸਰਕਾਰ ਦੀ ਕਾਹਲ ਦਾ ਨਤੀਜਾ ਹੈ। ਉਨ੍ਹਾਂ ਕਿਹਾ ਰਿਟਾ: ਜਸਟਿਸ ਵੱਲੋਂ ਇਸ ਮਾਮਲੇ ‘ਤੇ ਕਾਹਲ ਵਿੱਚ ਰਿਪੋਰਟ ਪੇਸ਼ ਕੀਤੀ ਗਈ ਹੈ, ਉਸ ਦਾ ਸਹੀ ਤੱਥ ਹੋਣ ‘ਤੇ ਸੰਦੇਹ ਹੈ। ਇਸ ਮਾਮਲੇ ਵਿੱਚ ਪੁਲਿਸ ਜਾਂ ਕਿਸੇ ਹੋਰ ਧਾਰਮਿਕ ਸੰਸਥਾ ਦੇ ਆਗੂਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਉਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਹੋਣ ਤੋਂ ਬਾਅਦ ਹੀ ਕਿਸੇ ਨਤੀਜੇ ਤੇ ਪਹੁੰਚਣਾ ਚਾਹੀਦਾ ਹੈ। ਉਨ੍ਹਾਂ ਮੰਗ ਵੀ ਕੀਤੀ ਇਸ ਮਾਮਲੇ ਦੀ ਜਾਂਚ ਕਿਸੇ ਉੱਚ ਜਾਂਚ ਏਜੰਸੀ ਤੋਂ ਕਰਵਾਈ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਜਿਹੜਾ 20-20 ਦਾ ਰੌਲਾ ਪਾਇਆ ਜਾ ਰਿਹਾ ਹੈ, ਉਹ ਵੀ ਕੁਝ ਵਿਦੇਸ਼ ਵਿੱਚ ਬੈਠੇ ਵਿਅਕਤੀਆਂ ਦੀ ਸਾਜਿਸ਼ ਹੈ ਅਤੇ ਬਹੁਤ ਹੀ ਘੱਟ ਲੋਕਾਂ ਵੱਲੋਂ ਇਸ ਨਾਲ ਸਹਿਮਤੀ ਪ੍ਰਗਟਾਈ ਜਾ ਰਹੀ ਹੈ। ਪਿਛਲੇ ਦਿਨੀਂ ਜਿਹੜੇ ਬਰਨਾਲਾ ਵਿਖੇ ਖਾਲਿਸਤਾਨੀ ਪੱਖੀ ਨਾਅਰੇ ਲੱਗੇ ਹਨ, ਉਨ੍ਹਾਂ ਦਾ ਵੀ ਕੋਈ ਆਧਾਰ ਨਹੀਂ ਹੈ। ਕਿਉਂਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਜਾਗਰੂਕ ਹੋ ਚੁੱਕੇ ਹਨ। ਅਜਿਹੀ ਕਿਸੇ ਵੀ ਮੁਹਿੰਮ ਉਹ ਇਨ੍ਹਾਂ ਦਾ ਸਾਥ ਕਿਸੇ ਵੀ ਕੀਮਤ ‘ਤੇ ਨਹੀਂ ਦੇਣਗੇ।

ਉਨ੍ਹਾਂ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਰੋਕਣ ਲਈ ਜਿਸ ਤਰ੍ਹਾਂ ਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹ ਮਹਿਜ ਇੱਕ ਡਰਾਮਾ ਹਨ ਨਸ਼ੇੜੀਆਂ ਨੂੰ ਦਵਾਈਆਂ ਦੇ ਨਾਲੋਂ ਸੇਧ ਦੇਣ ਦੀ ਲੋੜ ਹੈ ਜੇਕਰ ਸਰਕਾਰ ਨੇ ਸ਼ਿਕੰਜਾ ਕਸਣਾ ਹੈ ਤਾਂ ਨਸ਼ੇ ਦੇ ਵਪਾਰੀਆਂ ਖਿਲਾਫ਼ ਕਸੇ ਅਤੇ ਪੁਲਿਸ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਪਾਠ ਪੜਾਏ। ਉਨ੍ਹਾਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਮੁਨਕਰ ਹੋ ਚੁੱਕੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਦੇ ਸੂਬਾਈ ਆਗੂ ਅਮਨਦੀਪ ਸਿੰਘ ਪੂਨੀਆ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਭਾਜਪਾ ਆਗੂ ਮੌਜ਼ੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।