ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਐਲਾਨ ਕੀਤਾ ਕਿ ਪੰਜਾਬ ਵਿਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ ਕਿਸ਼ਤ 1.12 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ, ਜੋ ਜਲਦੀ ਹੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖਾਤਿਆਂ ਵਿਚ ਜਾਵੇਗੀ ਅਤੇ ਨਿਰਮਾਣ ਕੰਮ ਤੁਰੰਤ ਸ਼ੁਰੂ ਹੋ ਜਾਵੇਗਾ।
ਇਹ ਹੋਸਟਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਚ ਲੜਕਿਆਂ ਅਤੇ ਲੜਕੀਆਂ ਲਈ 100-100 ਸੀਟਾਂ ਦੇ ਹੋਣਗੇ ਅਤੇ ਕੁੱਲ 6.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾਣਗੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹਰ ਹੋਸਟਲ ਦੀ ਲਾਗਤ 3.49 ਕਰੋੜ ਰੁਪਏ ਹੋਵੇਗੀ। ਦੋਵੇਂ ਹੋਸਟਲਾਂ ਵਿਚ ਵਿਦਿਆਰਥੀਆਂ ਲਈ ਆਧੁਨਿਕ ਸੁਵਿਧਾਵਾਂ ਵਾਲੇ ਕਮਰੇ, ਪੜ੍ਹਾਈ ਲਈ ਸੁਚੱਜਾ ਵਾਤਾਵਰਣ ਅਤੇ ਹੋਰ ਜ਼ਰੂਰੀ ਸਹੂਲਤਾਂ ਉਪਲੱਬਧ ਕਰਵਾਈਆਂ ਜਾਣਗੀਆਂ ਤਾਂ ਜੋ ਉਹ ਆਪਣੀ ਪੜ੍ਹਾਈ ਵਿਚ ਪੂਰੀ ਤਰ੍ਹਾਂ ਧਿਆਨ ਕੇਂਦਰਤ ਕਰ ਸਕਣ।
Read Also : ਰੱਖੜੀ ਮੌਕੇ ਮੰਤਰੀ Dr. Baljit Kaur ਦਾ ਔਰਤਾਂ ਨੂੰ ਤੋਹਫ਼ਾ, ਔਰਤਾਂ ਨਾਲ ਜੁੜੀਆਂ ਸਕੀਮਾਂ ‘ਚ ਕੀਤੇ ਇਹ ਬਦਲਾਅ
ਉਨ੍ਹਾਂ ਕਿਹਾ ਕਿ ਇਹ ਯੋਜਨਾ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਹੋਸਟਲ ਨਿਰਮਾਣ ਵੱਲ ਪੰਜਾਬ ਸਰਕਾਰ ਦੀ ਨਿਰੰਤਰ ਕੋਸ਼ਿਸ਼ ਦਾ ਹਿੱਸਾ ਹੈ। ਇਹ ਉਪਰਾਲਾ ਦੂਰ-ਦਰਾਜ਼ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਉਚਿਤ ਰਹਿਣ-ਸਹਿਣ ਦੀ ਸਹੂਲਤ ਦੇ ਕੇ ਉੱਚ ਸਿੱਖਿਆ ਹਾਸਲ ਕਰਨ ਵਿਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰੇਗਾ।
Punjab Government
ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀ-ਕੇਂਦਰਤ ਵਿਕਾਸ, ਆਤਮ ਨਿਰਭਰਤਾ ਅਤੇ ਸਮਰੱਥਾ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਹੋਸਟਲਾਂ ਦੀ ਘਾਟ ਕਾਰਨ ਪੱਛੜੀਆਂ ਸ਼੍ਰੇਣੀਆਂ ਦੇ ਕਈ ਵਿਦਿਆਰਥੀਆਂ ਨੂੰ ਸਿੱਖਿਆ ਤੋਂ ਵਾਂਝਾ ਰਹਿਣਾ ਪੈਂਦਾ ਸੀ, ਜਿਸ ਕਰਕੇ ਸਰਕਾਰ ਵੱਲੋਂ ਨਵੇਂ ਹੋਸਟਲ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੋਰ ਵੀ ਉਚੇਰੀ ਸਿੱਖਿਆ ਸੰਸਥਾਵਾਂ ’ਚ ਨਵੇਂ ਹੋਸਟਲ ਨਿਰਮਾਣ ਲਈ ਤਜਵੀਜ਼ਾਂ ਮੰਗੀਆਂ ਗਈਆਂ ਹਨ ਤਾਂ ਜੋ ਰਾਜ ਭਰ ਦੇ ਵਿਦਿਆਰਥੀਆਂ ਨੂੰ ਚੰਗੇ ਰਹਿਣ-ਸਹਿਣ ਦੀ ਸਹੂਲਤ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਕੇਵਲ ਢਾਂਚਾਗਤ ਵਿਕਾਸ ਨਹੀਂ, ਸਗੋਂ ਪੱਛੜੀਆਂ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਸਮਾਜਿਕ ਤੌਰ ’ਤੇ ਮਜ਼ਬੂਤ ਕਰਕੇ ਰਾਜ ਦੇ ਵਿਕਾਸ ਵਿੱਚ ਭਾਗੀਦਾਰ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਇਹ ਪਹਿਲਕਦਮੀਆਂ ਭਵਿੱਖ ’ਚ ਹੋਰ ਵਿਦਿਆਰਥੀ ਅਨੁਕੂਲ ਸਕੀਮਾਂ ਦਾ ਰਾਹ ਖੋਲ੍ਹਣਗੇ।