ਕਿਸਾਨਾਂ ਦੇ ਹੱਕ ’ਚ ਪੰਜਾਬ ਸਰਕਾਰ ਨੇ ਲਏ ਸ਼ਾਨਦਾਰ ਫ਼ੈਸਲੇ, ਹੁਣੇ ਪੜ੍ਹੋ

Canal
ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Government) ਨੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਸੋਮਵਾਰ ਨੂੰ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜੇ ਦੀ ਮੁੜ ਅਦਾਇਗੀ ਰੋਕਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਇਹ ਫੈਸਲਾ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਲਿਆ ਹੈ।

ਉਨਾਂ ਉਮੀਦ ਜਤਾਈ ਕਿ ਇਸ ਫੈਸਲੇ ਨਾਲ ਕਿਸਾਨਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਰਾਹਤ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਨੁਕਸਾਨ ਦੀ ਭਰਪਾਈ ਤੋਂ ਬਾਅਦ ਇਸ ਰਕਮ ਦੀ ਵਾਪਸੀ ਕਰ ਸਕਦੇ ਹਨ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਕਰਜ਼ਾ ਮੋੜਨ ਲਈ ਹੋਰ ਸਮਾਂ ਮਿਲੇਗਾ ਅਤੇ ਕਰਜ਼ਾ ਨਾ ਮੋੜ ਸਕਣ ਵਾਲੇ ਕਿਸਾਨਾਂ ਦਾ ਜੁਰਮਾਨਾ ਲੱਗਣ ਤੋਂ ਵੀ ਬਚਾਅ ਹੋਵੇਗਾ।

15 ਦਿਨਾਂ ਦੇ ਵਿੱਚ ਗਿਰਦੌਰੀ ਦਾ ਕੰਮ ਨਿਬੇੜਨ ਦੇ ਹੁਕਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਧਰ ਅੱਜ ਅਧਿਕਾਰੀਆਂ ਨੂੰ ਮੀਂਹ ਅਤੇ ਗੜੇਮਾਰੀ ਨਾਲ ਖ਼ਰਾਬ ਹੋਈ ਫ਼ਸਲ ਦੀ ਵਿਸ਼ੇਸ਼ ਗਰਦੌਰੀ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਵੰਡ ਦੇ ਕੰਮ ਨੂੰ ਅਗਲੇ 15 ਦਿਨ ਵਿੱਚ ਹੀ ਮੁਕੰਮਲ ਕਰਨ ਦੇ ਸਖ਼ਤ ਆਦੇਸ਼ ਜਾਰੀ ਕਰ ਦਿੱਤੇ। ਭਗਵੰਤ ਮਾਨ ਵੱਲੋਂ ਹਰ ਹਾਲਤ ਵਿੱਚ 13 ਅਪਰੈਲ ਤੋਂ ਪਹਿਲਾਂ ਕਿਸਾਨਾਂ ਦੇ ਖ਼ਾਤੇ ਵਿੱਚ ਮੁਆਵਜ਼ਾ ਪਾਉਣ ਲਈ ਕਿਹਾ ਗਿਆ ਹੈ। ਇਸ ਲਈ ਪਟਵਾਰੀਆਂ ਨੂੰ 10 ਦਿਨ ਦਾ ਹੀ ਸਮਾਂ ਦਿੱਤਾ ਗਿਆ ਹੈ ਤਾਂ ਕਿ ਰਿਪੋਰਟ ਆਉਣ ਤੋਂ ਬਾਅਦ ਮੁਆਵਜ਼ਾ ਦੇਣ ਦੀ ਅਗਲੀ ਕਾਰਵਾਈ ਨੂੰ ਸ਼ੁਰੂ ਕੀਤਾ ਜਾ ਸਕੇ।

ਮੀਂਹ ਅਤੇ ਗੜੇਮਾਰੀ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਗਰਦੌਰੀ ਨਿਰਧਾਰਤ ਸਮੇਂ ਵਿੱਚ ਮੁਕੰਮਲ ਕੀਤੀ ਜਾਵੇ। ਉਨਾਂ ਕਿਹਾ ਕਿ ਫ਼ਸਲ ਨੂੰ ਹਰ ਤਰਾਂ ਦੇ ਨੁਕਸਾਨ ਦਾ ਪਤਾ ਲਾਇਆ ਜਾਵੇ ਤਾਂ ਜੋ ਪੀੜਤ ਧਿਰਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਉਨਾਂ ਕਿਸਾਨਾਂ ਨੂੰ ਹੀ ਮੁਆਵਜ਼ਾ ਮਿਲੇ, ਜਿਨਾਂ ਦੀ ਫ਼ਸਲ ਪ੍ਰਭਾਵਿਤ ਹੋਈ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਸੰਕਟ ਦਾ ਸਾਹਮਣਾ ਨਾ ਕਰਨਾ ਪਵੇ।

ਜਨਤਕ ਅਨਾਊਂਸਮੈਂਟ ਹੋਣਗੀਆਂ | Punjab Government

ਮੁੱਖ ਮੰਤਰੀ ਨੇ ਕਿਹਾ ਕਿ ਮੁਆਵਜ਼ੇ ਦੀ ਵੰਡ ਤੋਂ ਪਹਿਲਾਂ ਜਨਤਕ ਅਨਾਊਂਸਮੈਂਟਾਂ ਕੀਤੀਆਂ ਜਾਣ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਪਤਾ ਲੱਗ ਸਕੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਜੇ ਨੁਕਸਾਨ 75 ਫੀਸਦੀ ਤੋਂ ਵੱਧ ਹੁੰਦਾ ਹੈ ਤਾਂ ਸੂਬਾ ਸਰਕਾਰ ਕਿਸਾਨਾਂ ਨੂੰ 15,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇਵੇਗੀ। ਜੇਕਰ ਨੁਕਸਾਨ 33 ਤੋਂ 75 ਫ਼ੀਸਦੀ ਤੱਕ ਹੁੰਦਾ ਹੈ ਤਾਂ ਕਿਸਾਨਾਂ ਨੂੰ 6750 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਮਜ਼ਦੂਰਾਂ ਨੂੰ 10 ਫ਼ੀਸਦੀ ਮੁਆਵਜ਼ਾ ਦਿੱਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਵਿੱਤੀ ਮੁਸ਼ਕਲ ਪੇਸ਼ ਨਾ ਆਵੇ। ਜਿਨ੍ਹਾਂ ਦੇ ਮਕਾਨ ਪੂਰੀ ਤਰਾਂ ਨੁਕਸਾਨੇ ਗਏ ਹਨ, ਉਨਾਂ ਨੂੰ 95100 ਰੁਪਏ ਜਦੋਂਕਿ ਜਿਨ੍ਹਾਂ ਦੇ ਘਰਾਂ ਦਾ ਮਾਮੂਲੀ ਨੁਕਸਾਨ ਹੋਇਆ ਹੈ, ਨੂੰ 5200 ਰੁਪਏ ਮੁਆਵਜ਼ਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਇਸ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨਾਂ ਸੀਨੀਅਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਿੱਜੀ ਤੌਰ ’ਤੇ ਇਸ ਕੰਮ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਅਤੇ ਉਨ੍ਹਾਂ ਨੂੰ ਰੋਜ਼ਾਨਾ ਰਿਪੋਰਟ ਸੌਂਪਣ। ਭਗਵੰਤ ਮਾਨ ਨੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here