ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੋਧੇ ਗਏ ਤਨਖਾਹ ਸਕੇਲਾਂ ਤੇ ਮਹਿੰਗਾਈ ਭੱਤੇ ਦੀਆਂ ਸਾਰੀਆਂ ਕਿਸ਼ਤਾਂ ਦਾ ਬਣਦਾ ਬਕਾਇਆ ਤੁਰੰਤ ਜਾਰੀ ਕਰੇ ਪੰਜਾਬ ਸਰਕਾਰ

ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਮੁਲਾਜ਼ਮਾਂ ਦੇ ਪੈਨਸ਼ਨਰਾਂ ਨੇ ਫਰੰਟ ਦੇ ਸੱਦੇ ਅਨੁਸਾਰ ਕਾਲੇ ਬਿੱਲੇ ਲਾ ਕੇ ਪ੍ਰਗਟਾਇਆ ਰੋਸ

ਫਰੀਦਕੋਟ ,( ਸੁਭਾਸ਼ ਸ਼ਰਮਾ) | ਪੰਜਾਬ ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋੰ ਪਿਛਲੇ ਕਾਫ਼ੀ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ਼ ਵਿੱਢੇ ਗਏ ਸੰਘਰਸ਼ ਦੇ ਦਬਾਅ ਸਦਕਾ ਪੰਜਾਬ ਸਰਕਾਰ ਵੱਲੋਂ ਮਹਿੰਗਾਈ ਭੱਤੇ ਸਮੇਤ ਵੱਖ-ਵੱਖ ਭੱਤਿਆਂ ਦੇ ਪੱਤਰ ਜਾਰੀ ਕੀਤੇ ਗਏ ਹਨ ।

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਪੱਤਰਾਂ ਤੇ ਟਿੱਪਣੀ ਕਰਦਿਆਂ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੇਮ ਚਾਵਲਾ ਤੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ , ਪੰਜਾਬ ਪੈਨਸ਼ਨਰਜ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਅਸ਼ੋਕ ਕੌਸ਼ਲ ਤੇ ਵਿੱਤ ਸਕੱਤਰ ਸੋਮ ਨਾਥ ਅਰੋਡ਼ਾ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ , ਫੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਪ੍ਰਦੀਪ ਸਿੰਘ ਬਰਾੜ, ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ , ਇਕਬਾਲ ਸਿੰਘ ਰਣ ਸਿੰਘ ਵਾਲਾ ਤੇ ਚੇਅਰਮੈਨ ਰਮੇਸ਼ ਢੈਪਈ , ਆਲ ਇੰਡੀਆ ਆਸ਼ਾ ਵਰਕਰ ਯੂਨੀਅਨ ਪੰਜਾਬ ਦੇ ਸੂਬਾਈ ਆਗੂ ਅਮਰਜੀਤ ਕੌਰ ਰਣ ਸਿੰਘ ਵਾਲਾ ਅਤੇ ਸਿਹਤ ਵਿਭਾਗ ਦੇ ਆਗੂ ਸੁਖਵਿੰਦਰ ਸਿੰਘ , ਬਲਵਿੰਦਰ ਸਿੰਘ ਬਰਾੜ ਤੇ ਬਾਬੂ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਵੱਖ ਵੱਖ ਪੱਤਰਾਂ ਨੂੰ ਮੁਲਾਜ਼ਮ ਸੰਘਰਸ਼ ਦੀ ਅੰਸ਼ਕ ਜਿੱਤ ਕਰਾਰ ਦਿੱਤਾ ।

ਮੁਲਾਜ਼ਮ ਤੇ ਪੈਨਸ਼ਨਰ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੋਧੇ ਤਨਖਾਹ ਸਕੇਲਾਂ ਅਤੇ ਪੈਨਸ਼ਨਾਂ ਦਾ ਬਣਦਾ ਬਕਾਇਆ ਅਤੇ ਮਹਿੰਗਾਈ ਭੱਤੇ ਦੀਆਂ ਸੋਂਧੀਆਂ ਦਰਾਂ ਅਨੁਸਾਰ 17 ਫ਼ੀਸਦੀ ਤੱਕ ਦਾ ਬਣਦਾ ਬਕਾਇਆ ਅਸਿੱਧੇ ਢੰਗ ਨਾਲ ਹੜੱਪ ਕਰ ਲਿਆ ਹੈ ।

ਪੰਜਾਬ ਸਰਕਾਰ ਵੱਲੋਂ ਮਿਤੀ 5 ਜੁਲਾਈ 2021 ਨੂੰ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਵਿੱਚ ਲਿਖਿਆ ਹੈ ਕਿ ਇਹ ਬਕਾਇਆ ਦੇਣ ਸਬੰਧੀ ਲਿਖਿਆ ਹੈ ਕਿ ਪੰਜਾਬ ਸਰਕਾਰ ‘ ਜਦੋਂ ਵੀ ‘ ਤੇ ‘ ਜਿਵੇਂ ਵੀ ‘ ਦੇਣ ਬਾਰੇ ਫ਼ੈਸਲਾ ਲੈ ਸਕਦੀ ਹੈ ਜੋ ਕਿ ਮਿਤੀ ਬੱਧ ਨਹੀਂ ਹੈ । ਆਗੂਆਂ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ .ਨੂੰ ਕੇਂਦਰ ਸਰਕਾਰ ਨਾਲ ਲਿੰਕ ਰੱਖਣ ਦੀ ਪ੍ਰਤੀਬੱਧਤਾ ਜਾਹਰ ਕਰ ਰਹੀ ਹੈ ਤੇ ਦੂਸਰੇ ਪਾਸੇ ਕੇਂਦਰ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਜਾਰੀ ਕੀਤੇ ਗਏ 28 ਫ਼ੀਸਦੀ ਡੀ.ਏ .ਨੂੰ ਦੇਣ ਤੋਂ ਟਾਲਾ ਵੱਟਕੇ ਮਿਤੀ 1-7-2019 ਤੱਕ ਬਣਦਾ ਕੇਵਲ 17 ਫੀਸਦੀ ਮਹਿੰਗਾਈ ਭੱਤਾ ਦੇਣ ਦਾ ਪੱਤਰ ਜਾਰੀ ਕਰ ਰਹੀ ਹੈ ।

ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਸਰਕਾਰ ਨੇ ਚੋਣਾਂ ਦੇ ਨੇੜੇ ਹੋਣ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਬਣਦੇ ਹੱਕ ਨਾ ਦਿੱਤੇ ਤਾਂ 11 ਸਤੰਬਰ ਨੂੰ ਪੰਜਾਬ ਯੂ .ਟੀ. ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਚੰਡੀਗਡ਼੍ਹ ਵਿੱਚ ਹੋਣ ਵਾਲੀ ਰੈਲੀ ਵੀ 29 ਜੁਲਾਈ ਪਟਿਆਲਾ ਰੈਲੀ ਦੇ ਵੀ ਰਿਕਾਰਡ ਤੋੜੇਗੀ ਤੇ ਇਸ ਸੂਬਾਈ ਰੈਲੀ ਵਿੱਚ ਫਰੰਟ ਦੀ ਸੂਬਾਈ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ ।

ਇਸ ਦੌਰਾਨ ਫਰੰਟ ਦੇ ਸੱਦੇ ਅਨੁਸਾਰ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਛਿੰਦਰਪਾਲ ਸਿੰਘ ਢਿੱਲੋਂ , ਪੰਜਾਬ ਪੈਨਸ਼ਨਰ ਯੂਨੀਅਨ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ ਤੇ ਜਨਰਲ ਸਕੱਤਰ ਅਸ਼ੋਕ ਕੌਸ਼ਲ , ਪੈਨਸ਼ਨਰ ਆਗੂ ਕੁਲਵਿੰਦਰ ਸਿੰਘ ਮੌੜ , ਗੁਰਦਿਆਲ ਭੱਟੀ , ਪ੍ਰੇਮ ਚਾਵਲਾ , ਤਰਸੇਮ ਨਰੂਲਾ ਤੇ ਪਰਮਿੰਦਰ ਸਿੰਘ ਜਟਾਣਾ ਦੀ ਅਗਵਾਈ ਹੇਠ ਵੱਖ ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਪੈਨਸ਼ਨਰਾਂਂ ਵੱਲੋਂ ਕਾਲੇ ਬਿੱਲੇ ਲਾ ਕੇ ਪੰਜਾਬ ਸਰਕਾਰ ਵਿਰੁੱਧ ਰੋਸ ਹਫਤਾ ਮਨਾਇਆ ਜਾ ਰਿਹਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ