ਲੰਪੀ ਸਕਿੱਨ ਦੀ ਰੋਕਥਾਮ ਲਈ ਅਹਿਮ ਕਦਮ ਚੁੱਕਣ ਜਾ ਰਹੀ ਐ ਪੰਜਾਬ ਸਰਕਾਰ, ਟੀਕਾਕਰਨ ਮੁਹਿੰਮ ਚਲਾਵੇਗੀ

Punjab Government

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Punjab Government) ਨੇ ਲੰਪੀ ਸਕਿਨ ਬੀਮਾਰੀ ਤੋਂ ਗਾਵਾਂ ਦੇ ਅਗਾਊਂ ਬਚਾਅ ਲਈ ਮੈਗਾ ਟੀਕਾਕਰਨ ਮੁਹਿੰਮ ਵਿੱਢਣ ਵਾਸਤੇ ਗੋਟ ਪੋਕਸ ਵੈਕਸੀਨ ਦੀਆਂ 25 ਲੱਖ ਖ਼ੁਰਾਕਾਂ ਏਅਰਲਿਫ਼ਟ ਕਰ ਲਈਆਂ ਹਨ। ਪਿਛਲੇ ਵਰ੍ਹੇ ਦੂਜੇ ਸੂਬਿਆਂ ਤੋਂ ਪੰਜਾਬ ਵਿੱਚ ਫੈਲੀ ਇਸ ਬੀਮਾਰੀ ਨਾਲ ਪਸ਼ੂ-ਧੰਨ ਦਾ ਬਹੁਤ ਨੁਕਸਾਨ ਹੋਇਆ ਸੀ। ਇਹ ਗੱਲ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਹੀ। ਉਨ੍ਹਾਂ ਕਿਹਾ ਕਿ ਇਹ ਬੀਮਾਰੀ ਮੁੜ ਸੂਬੇ ਵਿੱਚ ਕਿਰਸਾਣੀ, ਪਸ਼ੂ-ਧੰਨ ਅਤੇ ਸਬੰਧਤ ਕਿੱਤਿਆਂ ਦਾ ਨੁਕਸਾਨ ਨਾ ਕਰ ਸਕੇ, ਇਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਵਿਉਂਤਬੰਦੀ ਕੀਤੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਲੰਪੀ ਸਕਿਨ ਬੀਮਾਰੀ ਦੀ ਰੋਕਥਾਮ ਅਤੇ ਭਵਿੱਖੀ ਰਣਨੀਤੀ ਉਲੀਕਣ ਲਈ ਗਠਤ ਕੀਤੇ ਗਏ ਮੰਤਰੀ ਸਮੂਹ ਦੀ ਮੀਟਿੰਗ ਦੌਰਾਨ ਲਏ ਫ਼ੈਸਲੇ ਅਨੁਸਾਰ 15 ਫ਼ਰਵਰੀ, 2023 ਤੋਂ ਸੂਬਾ ਪੱਧਰੀ ਮੈਗਾ ਟੀਕਾਕਰਨ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਅਤੇ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਰੀਬ 45 ਦਿਨ ਤਕ ਚੱਲਣ ਵਾਲੀ ਇਸ ਟੀਕਾਕਰਨ ਮੁਹਿੰਮ ਵਿੱਚ 31 ਮਾਰਚ, 2023 ਤੱਕ ਸੂਬੇ ਦੇ ਸਮੁੱਚੇ ਗਊਧਨ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ।

ਤੇਲੰਗਾਨਾ ਤੋਂ ਖ਼ਰੀਦੀਆਂ ਖੁਰਾਕਾਂ (Punjab Government)

ਪਸ਼ੂ ਪਾਲਣ ਮੰਤਰੀ ਨੇ ਦੱਸਿਆ ਕਿ ਤੇਲੰਗਾਨਾ ਦੇ ਸਰਕਾਰੀ “ਸਟੇਟ ਵੈਟਰਨਰੀ ਬਾਇਓਲੌਜੀਕਲ ਐਂਡ ਰਿਸਰਚ ਇੰਸਟੀਚਿਊਟ, ਹੈਦਰਾਬਾਦ’’ ਤੋਂ 25 ਲੱਖ ਖ਼ੁਰਾਕਾਂ ਖ਼ਰੀਦ ਕੇ ਲੁਧਿਆਣਾ ਸਥਿਤ ਪੰਜਾਬ ਵੈਟਨਰੀ ਵੈਕਸੀਨ ਸੰਸਥਾ ਵਿਖੇ ਸਟੋਰ ਕੀਤੀਆਂ ਗਈਆਂ ਹਨ, ਜਿੱਥੋਂ ਇਨ੍ਹਾਂ ਖ਼ੁਰਾਕਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਵੈਕਸੀਨ ਨੂੰ ਤੇਲੰਗਾਨਾ ਤੋਂ ਟਰਾਂਸਪੋਰਟ ਕਰਦੇ ਸਮੇਂ ਵੈਕਸੀਨ ਦੀ ਗੁਣਵੱਤਾ ਲਈ ਕੋਲਡ ਚੇਨ ਬਰਕਰਾਰ ਰੱਖਣ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।

ਮੈਗਾ ਟੀਕਾਕਰਨ ਮੁਹਿੰਮ ਲਈ ਕੀਤੇ ਗਏ ਪ੍ਰਬੰਧ

ਪਸ਼ੂ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਟੀਕਾਕਰਨ ਮੁਹਿੰਮ ਨੂੰ ਪ੍ਰਭਾਵਸਾਲੀ ਢੰਗ ਨਾਲ ਲਾਗੂ ਕਰਨ ਲਈ ਡਾਇਰੈਕਟੋਰੇਟ ਵਿਖੇ ਇਕ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀ ਨੂੰ ਨੋਡਲ ਅਫਸਰ ਵਜੋਂ ਨਿਯੁਕਤ ਕੀਤਾ ਜਾ ਰਿਹਾ ਹੈ, ਜੋ ਰੋਜ਼ਾਨਾ ਪ੍ਰਗਤੀ ਦੀ ਪੈਰਵਾਈ ਕਰੇਗਾ ਅਤੇ ਤਾਲਮੇਲ ਰੱਖੇਗਾ। ਵਿਭਾਗ ਵੱਲੋਂ ਪਹਿਲਾਂ ਜਾਰੀ ਹਦਾਇਤਾਂ ਅਨੁਸਾਰ ਪਸ਼ੂ ਹਸਪਤਾਲ/ਸੰਸਥਾ ਪੱਧਰ ‘ਤੇ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇਗਾ ਅਤੇ ਟੀਕਾਕਰਨ ਦੌਰਾਨ ਕੋਲਡ ਚੇਨ ਦਾ ਵਿਸੇਸ ਧਿਆਨ ਰੱਖਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਵਿਭਾਗ ਦੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਸੰਬਰ 2022 ਵਿੱਚ 77 ਵੈਟਰਨਰੀ ਅਫਸਰਾਂ ਨੂੰ ਸੀਨੀਅਰ ਵੈਟਰਨਰੀ ਅਫਸਰਾਂ/ਸਹਾਇਕ ਡਾਇਰੈਕਟਰਾਂ ਵਜੋਂ ਤਰੱਕੀ ਦਿਤੀ ਗਈ ਤਾਂ ਜੋ ਸਮੁੱਚੇ ਪੰਜਾਬ ਵਿੱਚ ਜ਼ਿਲਾ/ਤਹਿਸੀਲ ਪੱਧਰ ‘ਤੇ ਟੀਕਾਕਰਨ ਮੁਹਿੰਮ ਅਤੇ ਹੋਰ ਵਿਭਾਗੀ ਸਕੀਮਾਂ ਦਾ ਸੁਚੱਜਾ ਨਿਰੀਖਣ ਯਕੀਨੀ ਬਣਾਈ ਜਾ ਸਕੇ। ਟੀਕਾਕਰਨ ਮੁਹਿੰਮ ਦੇ ਮੱਦੇਨਜ਼ਰ ਵਿਭਾਗ ਵੱਲੋਂ 418 ਵੈਟਰਨਰੀ ਅਫਸਰਾਂ ਦੀ ਭਰਤੀ ਪ੍ਰਕਿਰਿਆ ਤੇਜੀ ਨਾਲ ਮੁਕੰਮਲ ਕੀਤੀ ਜਾ ਰਹੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here