ਸਾਰੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੇ ਆਊਟਸੋਰਸ ਮੁਲਾਜ਼ਮਾਂ ਅਤੇ ਸਕੀਮ ਵਰਕਰਾਂ ਦੀਆਂ ਉਜਰਤਾਂ ਵਿੱਚ ਵਾਧਾ ਕੀਤਾ ਜਾਵੇ
ਕੋਟਕਪੂਰਾ, (ਅਜੈ ਮਨਚੰਦਾ)। ਪੰਜਾਬ ਸਰਕਾਰ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਦਾ ਇੱਕ ਬਿਆਨ ਅੱਜ ਦੇ ਸਾਰੇ ਅਖ਼ਬਾਰਾਂ ਵਿੱਚ ਛਪਿਆ ਹੈ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਚਾਲੂ ਵਿੱਤੀ ਸਾਲ ਦੀ ਪਹਿਲੀ ਛਿਮਾਹੀ ਵਿੱਚ ਪੰਜਾਬ ਸਰਕਾਰ ਨੇ ਜੀ.ਐਸ.ਟੀ. ਦੀ ਉਗਰਾਹੀ ਤੋਂ 10604 ਕਰੋੜ ਰੁਪਏ ਵਸੂਲੇ ਹਨ, ਜੋ ਪਿਛਲੇ ਸਾਲ ਦੀ ਪਹਿਲੀ ਛਿਮਾਹੀ ਤੋਂ ਕਰੀਬ 23 ਫ਼ੀਸਦੀ ਜਿਆਦਾ ਹਨ ਅਤੇ ਤਿਉਹਾਰਾਂ ਦੇ ਦਿਨਾਂ ਵਿੱਚ ਇਸ ਵਿੱਚ ਹੋਰ ਵਾਧਾ ਹੋਣਾ ਯਕੀਨੀ ਹੈ। (Employees And Pensioners )
ਇਹ ਵੀ ਪੜ੍ਹੋ : ਵਿਧਾਇਕਾ ਨਰਿੰਦਰ ਕੌਰ ਭਰਾਜ ਭਲਕੇ ਵਿਆਹ ਦੇ ਬੰਧਨ ‘ਚ ਬਝਣਗੇ
ਇਸ ਤੋਂ ਇਲਾਵਾ 1954 ਕਰੋੜ ਰੁਪਏ ਹੋਰ ਸੋਮਿਆਂ ਤੋਂ ਵੀ ਸਰਕਾਰ ਦੇ ਖਜ਼ਾਨੇ ਵਿੱਚ ਆਏ ਹਨ। ਪੰਜਾਬ ਦੇ ਵਿੱਤ ਮੰਤਰੀ ਦੇ ਇਸ ਤਾਜ਼ਾ ਬਿਆਨ ਤੇ ਟਿੱਪਣੀ ਕਰਦੇ ਹੋਏ ਗੌਰਮਿੰਟ ਸਕੂਲ ਟੀਚਰਜ ਯੂਨੀਅਨ ਪੰਜਾਬ ਦੇ ਸੂਬਾ ਸਲਾਹਕਾਰ ਪ੍ਰੇਮ ਚਾਵਲਾ ਅਤੇ ਜਿਲਾ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ, ਪੰਜਾਬ ਪੈਨਸ਼ਨਰਜ ਯੂਨੀਅਨ ਏਟਕ ਦੇ ਆਗੂ ਅਸ਼ੋਕ ਕੌਸ਼ਲ, ਕੁਲਵੰਤ ਸਿੰਘ ਚਾਨੀ, ਸੋਮ ਨਾਥ ਅਰੋੜਾ , ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਨਛੱਤਰ ਸਿੰਘ ਭਾਣਾ ਤੇ ਜਨਰਲ ਸਕੱਤਰ ਹਰਵਿੰਦਰ ਸ਼ਰਮਾ ਅਤੇ ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲਾ ਫਰੀਦਕੋਟ ਦੇ ਜਨਰਲ ਸਕੱਤਰ ਇਕਬਾਲ ਸਿੰਘ ਰਣ ਸਿੰਘ ਵਾਲਾ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਹੈ ਕਿ ਜਦੋਂ ਸਰਕਾਰ ਦੀ ਆਮਦਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤਾਂ ਫਿਰ ਉਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ ਤਿੰਨ ਕਿਸ਼ਤਾਂ ਦਾ ਬਣਦਾ ਮਹਿੰਗਾਈ ਭੱਤਾ 38 ਫੀਸਦੀ ਅਤੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦਾ ਬਕਾਇਆ ਕਿਉਂ ਨਹੀਂ ਦੇ ਰਹੀ ?
ਚੋਣ ਵਾਅਦੇ ਤੁਰੰਤ ਪੂਰੇ ਕੀਤੇ ਆਪ ਸਰਕਾਰ
ਇਸ ਤੋਂ ਇਲਾਵਾ ਨਿਗੂਣੇ ਮਾਣ ਭੱਤੇ ’ਤੇ ਕੰਮ ਕਰ ਰਹੀਆਂ ਆਸ਼ਾ ਵਰਕਰ, ਮਿਡ ਡੇਅ ਮੀਲ ਕੁੱਕ ਵਰਕਰ ਅਤੇ ਆਂਗਣਵਾੜੀ ਵਰਕਰਾਂ , ਹੈਲਪਰਾਂ ਤੇ ਆਊਟਸੋਰਸਿੰਗ ਅਧੀਨ ਵੱਖ ਵੱਖ ਵਿਭਾਗਾਂ , ਬੋਰਡਾਂ ਅਤੇ ਯੂਨੀਵਰਸਿਟੀਆਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਦੇ ਸਰਕਾਰੀ ਮੁਲਾਜ਼ਮ ਮੰਨ ਕੇ ਘਟ ਤੋਂ ਘੱਟ ਉਜਰਤ ਕਾਨੂੰਨ ਦੇ ਘੇਰੇ ਵਿੱਚ ਕਿਉਂ ਨਹੀਂ ਲਿਆਂਦਾ ਜਾ ਰਿਹਾ? ਆਗੂਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ਤੇ ਦੀਵਾਲੀ ਤੋਂ ਪਹਿਲਾਂ ਮੁਲਾਜਮਾਂ, ਪੈਨਸ਼ਨਰਾਂ, ਠੇਕਾ, ਆਊਟਸੋਰਸ ਮੁਲਾਜ਼ਮਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਦੇ ਮਸਲੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਕੀਤੇ ਗਏ ਚੋਣ ਵਾਅਦੇ ਤੁਰੰਤ ਪੂਰੇ ਕੀਤੇ ਜਾਣ ।
ਪੰਜਾਬ ਦੇ ਸਰਕਾਰੀ ਖਜ਼ਾਨੇ ਵਿੱਚੋਂ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਬਰਬਾਦ ਕਰਨ ਤੋਂ ਗੁਰੇਜ ਕੀਤਾ ਜਾਵੇ । ਆਗੂਆਂ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹੁਕਮਰਾਨ ਪੰਜਾਬ ਸਰਕਾਰ ਵੱਲੋਂ ਰੁਜ਼ਗਾਰ ਦੇਣ ਦੇ ਚੋਣ ਵਾਅਦਿਆਂ ਦੀ ਸਥਿਤੀ ਇਹ ਹੈ ਕਿ ਈਟੀ.ਟੀ ਟੈਟ ਪਾਸ ਬੇਰੁਜ਼ਗਾਰਾਂ ਨੇ ਸੰਗਰੂਰ ਦੇ ਡੀ.ਸੀ .ਦਫ਼ਤਰ ਅੱਗੇ ਮਰਨ ਵਰਤ ਸ਼ੁਰੂ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ ਅਤੇ ਦੋ ਬੇਰੁਜ਼ਗਾਰ ਪੀ.ਟੀ.ਆਈ. ਬੀਬੀਆਂ ਹੱਥਾਂ ਵਿੱਚ ਪੈਟਰੋਲ ਦੀਆਂ ਬੋਤਲਾਂ ਫੜੀ ਮੋਹਾਲੀ ਏਅਰਪੋਰਟ ਸੜਕ ਤੇ ਸਥਿਤ ਸੋਹਾਣਾ ਪਿੰਡ ਦੀ ਟੈਂਕੀ ‘ਤੇ ਜਾ ਚੜ੍ਹੀਆਂ ਹਨ। ਚੇਤੇ ਰਹੇ ਕਿ ਇਨਾਂ ਵਿੱਚ ਇੱਕ ਬੀਬੀ ਸਿੱਪੀ ਸ਼ਰਮਾ ਵੀ ਹੈ ਜਿਸ ਨੂੰ ਕਾਂਗਰਸ ਰਾਜ ਸਮੇਂ ‘ਆਪ’ ਸੁਪਰੀਮੋ ਕੇਜਰੀਵਾਲ ਨੇ ਆਪਣੀ ਛੋਟੀ ਭੈਣ ਕਹਿ ਕੇ ਟੈਂਕੀ ਤੋਂ ਉਤਾਰਿਆ ਸੀ ਅਤੇ ਭਰੋਸਾ ਦਿਵਾਇਆ ਸੀ ਕਿ ਉਨਾਂ ਦੀ ਪਾਰਟੀ ਦਾ ਰਾਜ ਆਉਣ ’ਤੇ ਸਭ ਨੂੰ ਇਨਸਾਫ ਮਿਲੇਗਾ ਅਤੇ ਧਰਨਾ ਪ੍ਰਦਰਸ਼ਨ ਕਰਨ ਦੀ ਲੋੜ ਹੀ ਨਹੀਂ ਰਹੇਗੀ।
ਆਗੂਆਂ ਨੇ ਦੋਸ਼ ਲਾਇਆ ਕਿ ਸਰਕਾਰ ਵਿੱਚ ਆਉਣ ’ਤੇ ਪਾਰਟੀ ਦੇ ਸੁਪਰੀਮੋ ਅਤੇ ਪੰਜਾਬ ਦੇ ਮੁੱਖ ਮੰਤਰੀ ਲੋਕਾਂ ਨਾਲ ਕੀਤੇ ਚੋਣ ਵਾਅਦੇ ਭੁੱਲ ਗਏ ਹਨ ਤੇ ਸੰਘਰਸ਼ਸ਼ੀਲ ਲੋਕਾਂ ਤੇ ਹਰ ਰੋਜ਼ ਸੰਗਰੂਰ ਵਿਖੇ ਲਾਠੀਚਾਰਜ ਕੀਤਾ ਜਾ ਰਿਹਾ ਹੈ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਰਾਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ , ਇਕਬਾਲ ਸਿੰਘ ਮੰਘੇਡ਼ਾ ,ਤਰਸੇਮ ਨਰੂਲਾ ,ਕੁਲਦੀਪ ਸਿੰਘ ਸਹਿਦੇਵ , ਹਾਕਮ ਸਿੰਘ , ਗੁਰਾ ਸਿੰਘ ਢਿੱਲਵਾਂ ,ਗੁਰਚਰਨ ਸਿੰਘ ਮਾਨ , ਸੁਖਚੈਨ ਸਿੰਘ ਥਾਂਦੇਵਾਲਾ , ਮੇਜਰ ਸਿੰਘ ,ਪ੍ਰਿੰਸੀਪਲ ਬਲਵੀਰ ਸਿੰਘ ਬਰਾੜ , ਰਮੇਸ਼ ਢੈਪਈ , ਰਛਪਾਲ ਸਿੰਘ ਭੁੱਲਰ, ਅਮਰਜੀਤ ਕੌਰ ਛਾਬਡ਼ਾ ਤੇ ਗੇਜ ਰਾਮ ਭੋਰਾ ਆਦਿ ਸ਼ਾਮਲ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ