ਹਰ ਸਕੂਲ ਦੇ ਖ਼ਿਲਾਫ਼ ਹੋਵੇਗੀ ਕਾਰਵਾਈ, ਤਿਆਰ ਕੀਤੀ ਜਾ ਰਹੀ ਐ ਲਿਸਟ ਹਰਜੋਤ ਸਿੰਘ ਬੈਂਸ | Punjab Government
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਵਾਧੂ ਫੀਸਾਂ ਅਤੇ ਫੰਡ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਨੂੰ ਹੁਣ ਰੋਕਣ ਲਈ ਪੰਜਾਬ ਸਰਕਾਰ (Punjab Government) ਦੇ ਨਾਲ ਆਮ ਜਨਤਾ ਵੀ ਅੱਗੇ ਆ ਗਈ ਹੈ। ਸਰਕਾਰ ਵੱਲੋਂ ਸ਼ਿਕਾਇਤ ਕਰਨ ਦਾ ਸੁਨੇਹਾ ਮਿਲਣ ਤੋਂ ਬਾਅਦ ਇਸ ਤਰ੍ਹਾਂ ਦੀਆਂ 1600 ਸ਼ਿਕਾਇਤਾਂ ਸਿਰਫ਼ 24 ਘੰਟਿਆਂ ਵਿੱਚ ਹੀ ਸਰਕਾਰ ਕੋਲ ਪੁੱਜ ਗਈਆ ਹਨ।
ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਵੀ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵੱਲੋਂ ਕਿਤਾਬ ਅਤੇ ਫੰਡਾਂ ਦੇ ਨਾਂਅ ’ਤੇ ਕੀਤੀ ਜਾ ਰਹੀ ਲੁੱਟ ਦੀਆਂ ਸ਼ਿਕਾਇਤਾਂ ਨੂੰ ਦੇਖਣ ਤੋਂ ਬਾਅਦ ਜਲਦ ਹੀ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਵੀ ਜਾਰੀ ਕਰ ਦਿੱਤੇ ਗਏ ਹਨ।ਇਸ ਸਬੰਧੀ ਜਾਰੀ ਦਿੰਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਈਮੇਲ ’ਤੇ 1600 ਤੋਂ ਵੱਧ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਨੂੰ ਜ਼ਿਲ੍ਹਾਵਾਰ ਗਠਿਤ ਸਿੱਖਿਆ ਮੰਤਰੀ ਟਾਸਕ ਫੋਰਸ ਨੂੰ ਜਾਂਚ ਲਈ ਭੇਜ ਦਿੱਤਾ ਗਿਆ ਹੈ।
ਸਰਕਾਰੀ ਹਿਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ 30 ਸਕੂਲਾਂ ਨੂੰ ਨੋਟਿਸ ਜਾਰੀ
ਟਾਸਕ ਫੋਰਸ ਸਕੂਲਾਂ ਦਾ ਦੌਰਾ ਕਰਕੇ ਤੱਥਾਂ ਦੀ ਜਾਂਚ ਕਰੇਗੀ ਅਤੇ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਪੇਸ਼ ਕਰੇਗੀ। ਸਿੱਖਿਆ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸਿੱਖਿਆ ਦੇ ਨਾਂਅ ’ਤੇ ਲੁੱਟ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੂਬੇ ਦੇ 30 ਨਿੱਜੀ ਸਕੂਲਾਂ ਨੂੰ ਸਰਕਾਰੀ ਹਿਦਾਇਤਾਂ ਦੀ ਪਾਲਣਾ ਨਾ ਕਰਨ ’ਤੇ ਨੋਟਿਸ ਜਾਰੀ ਕੀਤੇ ਗਏ ਹਨ। ਇਨ੍ਹਾਂ ਸਕੂਲਾਂ ਵੱਲੋਂ ‘ਦੀ ਪੰਜਾਬ ਰੈਗੂੁਲੇਸ਼ਨ ਆਫ ਫੀਸ ਆਫ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ 2016 ਅਤੇ 2019 ਦੀ ਉਲੰਘਣਾ ਕੀਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ 7 ਦਿਨਾਂ ਵਿਚ ਜੁਆਬ ਦੇਣ ਲਈ ਕਿਹਾ ਗਿਆ ਹੈ।