ਸ਼ਹੀਦ ਨਾਇਕ ਰਾਜਵਿੰਦਰ ਸਿੰਘ ਨੂੰ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਸ਼ਰਧਾਂਜਲੀ ਭੇਂਟ
ਸਮਾਣਾ, (ਸੁਨੀਲ ਚਾਵਲਾ)। ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੀ ਯਾਦ ਨੂੰ ਸਦੀਵੀ ਬਣਾਏਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਜੰਮੂ ਕਸ਼ਮੀਰ ਦੇ ਪੁਲਵਾਮਾ ਖੇਤਰ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨੌਜਵਾਨ ਸੈਨਿਕ ਨਾਇਕ ਰਾਜਵਿੰਦਰ ਸਿੰਘ ਦੇ ਜੱਦੀ ਪਿੰਡ ਦੋਦੜਾ ਵਿਖੇ ਸ਼ਹੀਦ ਨਮਿਤ ਹੋਈ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਮੌਕੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਕੀਤਾ।
ਸ਼ਹੀਦ ਦੀ ਕੁਰਬਾਨੀ ਨੂੰ ਨਮਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਫ਼ੌਜੀ ਪਿਛੋਕੜ ਦੇ ਹੋਣ ਕਰਕੇ ਫ਼ੌਜੀਆਂ ਦਾ ਦਰਦ ਸਮਝਦੇ ਹਨ, ਜਿਸ ਲਈ ਉਨ੍ਹਾਂ ਨੇ ਲੰਮੇ ਸਮੇਂ ਤੋਂ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਜਾਂਦੀ ਸਹਾਇਤਾ ਰਾਸ਼ੀ 12 ਲੱਖ ਤੋਂ ਵਧਾ ਕੇ 50 ਲੱਖ ਰੁਪਏ ਕੀਤੀ ਹੈ।
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸ਼ਹਾਦਤ ਦਾ ਕੋਈ ਮੁੱਲ ਨਹੀਂ ਮੋੜਿਆ ਜਾ ਸਕਦਾ ਪਰੰਤੂ ਫੇਰ ਵੀ ਪੰਜਾਬ ਸਰਕਾਰ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਯੋਗ ਜੀਅ ਨੂੰ ਨੌਕਰੀ ਅਤੇ 50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਆਪਣਾ ਬਣਦਾ ਫ਼ਰਜ਼ ਨਿਭਾਇਆ ਹੈ ਪਰੰਤੂ ਹੁਣ ਕੇਂਦਰ ਸਰਕਾਰ ‘ਚ ਭਾਈਵਾਲਾਂ ਅਤੇ ਦਿੱਲੀ ‘ਚ ਸਰਕਾਰ ਚਲਾ ਰਹੀ ਪਾਰਟੀ ਨੂੰ ਵੀ ਚਾਹੀਦਾ ਹੈ ਕਿ ਉਹ ਕੇਂਦਰ ਸਰਕਾਰ ‘ਤੇ ਦਬਾਅ ਬਣਾ ਕੇ ਸ਼ਹੀਦਾਂ ਲਈ ਕੁਝ ਵੱਡਾ ਕਰਕੇ ਦਿਖਾਵੇ।
ਇਸ ਮੌਕੇ ਕੈਬਨਿਟ ਮੰਤਰੀ ਸ. ਧਰਮਸੋਤ ਨੇ ਕਿਹਾ ਕਿ ਪਿੰਡ ਦੋਦੜਾ ਦੀ ਗ੍ਰਾਮ ਪੰਚਾਇਤ ਵੱਲੋਂ ਦਿੱਤੇ ਮੰਗ ਪੱਤਰ ਮੁਤਾਬਕ ਪਿੰਡ ਦੇ ਸਮੁੱਚੇ ਵਿਕਾਸ ਤੇ ਸ਼ਹੀਦ ਦੀ ਯਾਦਗਾਰ ਸਮੇਤ ਸੜਕਾਂ ਦੇ ਨਿਰਮਾਣ ਤੇ ਸ਼ਹੀਦ ਦੇ ਨਾਮ ‘ਤੇ ਨਾਮਕਰਨ, ਪਿੰਡ ਦਾ ਵਿਕਾਸ ਕਰਵਾਉਣ ਲਈ ਪੰਜਾਬ ਸਰਕਾਰ ਆਪਣੀ ਵਚਨਬੱਧਤਾ ਬਹੁਤ ਛੇਤੀ ਨਿਭਾਏਗੀ।
ਉਨ੍ਹਾਂ ਨੇ ਸ਼ਹੀਦ ਦੇ ਪਿਤਾ ਅਵਤਾਰ ਸਿੰਘ ਅਤੇ ਮਾਤਾ ਮਹਿੰਦਰ ਕੌਰ ਨੂੰ ਨਤਮਸਤਕ ਹੁੰਦਿਆਂ ਕਿਹਾ ਕਿ ਇਸ ਪਰਿਵਾਰ ਨੇ ਦੇਸ਼ ਦੀ ਅਜ਼ਮਤ ਦੀ ਰਾਖੀ ਲਈ ਮਰ ਮਿਟਣ ਵਾਲਾ ਯੋਧਾ ਪੈਦਾ ਕੀਤਾ, ਜਿਸਨੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰੱਖਿਆ ਕਰਨ ਲਈ ਅੱਤਵਾਦੀਆਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜਾਮ ਪੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ।
ਇਸ ਦੌਰਾਨ ਓ.ਐਸ.ਡੀ. ਰਾਜ ਕੁਮਾਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ, ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤੰਨ ਸਿੰਘ ਜੌੜੇਮਾਜਰਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਕਾਰ ਸਿੰਘ ਭੁੱਲਰ ਨੇ ਵੀ ਸ਼ਰਧਾਂਜਲੀ ਅਰਪਿਤ ਕੀਤੀ। ਪਿੰਡ ਦੋਦੜਾ ਦੇ ਸਰਪੰਚ ਪਰਮਜੀਤ ਕੌਰ ਸਮੇਤ ਗ੍ਰਾਮ ਪੰਚਾਇਤ ਨੇ ਸਾਧੂ ਸਿੰਘ ਧਰਮਸੋਤ ਨੂੰ ਮੰਗ ਪੱਤਰ ਸੌਂਪਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ