Punjab Government News: ਚੰਡੀਗੜ੍ਹ। ਪੰਜਾਬ ਮੰਤਰੀ ਮੰਡਲ ਦੀ ਇੱਕ ਹੋਰ ਅਹਿਮ ਮੀਟਿੰਗ ਅੱਜ 3 ਜੂਨ ਨੂੰ ਹੋਵੇਗੀ। ਇਹ ਮੀਟਿੰਗ 12 ਵਜੇ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਮੀਟਿੰਗ ਬਾਰੇ ਫਿਲਹਾਲ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਪਰ ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਹੀ ਮੰਤਰੀ ਮੰਡਲ ਦੀ ਬੈਠਕ ਹੋਈ ਸੀ।
ਕੀ ਹੋਇਆ ਸੀ ਬੀਤੇ ਦਿਨ ਵਾਲੀ ਮੀਟਿੰਗ ’ਚ | Punjab Government News
ਪੰਜਾਬ ਕੈਬਨਿਟ ਵੱਲੋਂ ਸੋਮਵਾਰ ਨੂੰ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਨਾਲ ਹੀ ਪੰਜਾਬ ਵਿੱਚ ਹੁਣ ਤੋਂ ਬਾਅਦ ਨਵੀਂ ਲੈਡ ਪੂਲਿੰਗ ਨੀਤੀ ਦੇ ਤਹਿਤ ਹੀ ਕਿਸਾਨਾਂ ਤੋਂ ਜ਼ਮੀਨ ਨੂੰ ਲਿਆ ਜਾਵੇਗਾ।
ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਵੀਂ ਨੀਤੀ ਦਾ ਮਕਸਦ ਜ਼ਮੀਨ ਮਾਲਕਾਂ, ਪ੍ਰੋਮੋਟਰਾਂ ਅਤੇ ਕੰਪਨੀਆਂ ਨੂੰ ਵਿਕਾਸ ਪ੍ਰਕਿਰਿਆ ਵਿੱਚ ਭਾਈਵਾਲਾਂ ਵਜੋਂ ਸ਼ਾਮਲ ਕਰਨਾ ਅਤੇ ਜ਼ਮੀਨ ਮਾਲਕਾਂ ਦੀ ਲੈਂਡ ਪੂਲਿੰਗ ਵਿੱਚ ਦਿਲਚਸਪੀ ਵਧਾਉਣਾ ਹੈ।
ਇਸ ਸੋਧੀ ਸਕੀਮ ਨੂੰ ਜ਼ਮੀਨ ਮਾਲਕਾਂ ਨੂੰ ਵਧੇਰੇ ਬਦਲ ਮੁਹੱਈਆ ਕਰ ਕੇ ਛੋਟੇ ਅਤੇ ਹਾਸ਼ੀਏ ਉੱਤੇ ਧੱਕੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਸੂਬੇ ਵਿੱਚ ਗਰੁੱਪ ਹਾਊਸਿੰਗ ਅਤੇ ਯੋਜਨਾਬੱਧ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ ਤਾਂ ਜੋ ਆਖ਼ਰਕਾਰ ਆਮ ਆਦਮੀ ਨੂੰ ਲਾਭ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਇਸ ਨੀਤੀ ਤਹਿਤ ਪੂਰਾ ਅਧਿਕਾਰ ਕਿਸਾਨ ਕੋਲ ਹੈ ਅਤੇ ਇਹ 100 ਫੀਸਦੀ ਕਿਸਾਨ ਦਾ ਫੈਸਲਾ ਹੋਵੇਗਾ ਕਿ ਸਰਕਾਰ ਨੂੰ ਜ਼ਮੀਨ ਦੇਣੀ ਹੈ ਜਾਂ ਨਹੀਂ। ਕਿਸਾਨ ਜਾਂ ਤਾਂ ਆਪਣੀ ਜ਼ਮੀਨ ਰੱਖ ਸਕਦੇ ਹਨ ਅਤੇ ਖੇਤੀ ਜਾਰੀ ਰੱਖ ਸਕਦੇ ਹਨ ਜਾਂ ਇਸ ਨੂੰ ਵੇਚਣ ਦੀ ਚੋਣ ਕਰ ਸਕਦੇ ਹਨ। ਪਹਿਲਾਂ ਵਾਂਗ ਜ਼ਬਰਦਸਤੀ ਕੋਈ ਜ਼ਮੀਨ ਐਕੁਆਇਰ ਨਹੀਂ ਹੋਵੇਗੀ।
Punjab Government News
ਕਿਸਾਨ ਦੀ ਲਿਖਤੀ ਸਹਿਮਤੀ (ਐੱਨਓਸੀ) ਤੋਂ ਬਿਨਾਂ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਜ਼ਮੀਨ ਸਿੱਧੇ ਤੌਰ ’ਤੇ ਸਰਕਾਰ ਨੂੰ ਦਿੱਤੀ ਜਾਵੇਗੀ, ਪ੍ਰਾਈਵੇਟ ਡਿਵੈਲਪਰਾਂ ਨੂੰ ਨਹੀਂ। ਸਰਕਾਰ ਜ਼ਮੀਨ ਦਾ ਪੂਰੀ ਤਰ੍ਹਾਂ ਵਿਕਾਸ ਕਰੇਗੀ ਅਤੇ ਕਿਸਾਨਾਂ ਨੂੰ ਪਲਾਟ ਵਾਪਸ ਕਰੇਗੀ ਅਤੇ ਇਨ੍ਹਾਂ ਪਲਾਟਾਂ ਵਿੱਚ ਸੜਕਾਂ, ਬਿਜਲੀ ਅਤੇ ਪਾਣੀ ਦੇ ਕੁਨੈਕਸ਼ਨ, ਸੀਵਰੇਜ ਪਾਈਪ, ਸਟਰੀਟ ਲਾਈਟਾਂ ਅਤੇ ਪਾਰਕ ਵਰਗੀਆਂ ਸਾਰੀਆਂ ਸਹੂਲਤਾਂ ਸ਼ਾਮਲ ਹੋਣਗੀਆਂ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪਲਾਟਾਂ ਦੀ ਕੀਮਤ ਮਾਰਕੀਟ ਭਾਅ ਤੋਂ ਚਾਰ ਗੁਣਾ ਵੱਧ ਹੋਵੇਗੀ। ਹਰੇਕ ਕਿਸਾਨ ਨੂੰ ਸਰਕਾਰ ਤੋਂ ਇਕ ਲਿਖਤੀ ਦਸਤਾਵੇਜ਼ ਪ੍ਰਾਪਤ ਹੋਵੇਗਾ ਅਤੇ ਇਸ ਪੱਤਰ ਵਿੱਚ ਕਿਸਾਨ ਦੇ ਪੂਰੇ ਹੱਕ ਦਾ ਸਪੱਸ਼ਟ ਤੌਰ ’ਤੇ ਜ਼ਿਕਰ ਹੋਵੇਗਾ। ਕਿਸਾਨ 500 ਵਰਗ ਗਜ਼ ਦੇ ਦੋ ਪਲਾਟ ਪ੍ਰਾਪਤ ਕਰਨ ਦੀ ਚੋਣ ਕਰ ਸਕਦੇ ਹਨ ਅਤੇ ਕਿਸਾਨਾਂ ਨੂੰ ਉਹ ਪਲਾਟ ਰੱਖਣ ਜਾਂ ਵੇਚਣ ਦੀ ਪੂਰੀ ਆਜ਼ਾਦੀ ਹੋਵੇਗੀ। ਲਾਭ ਸਿਰਫ਼ ਇਕ ਏਕੜ ਤੱਕ ਸੀਮਤ ਨਹੀਂ ਹੈ ਅਤੇ ਕਿਸਾਨ ਜਿੰਨਾ ਜ਼ਿਆਦਾ ਦਾ ਯੋਗਦਾਨ ਪਾਉਂਦਾ ਹੈ, ਓਨਾ ਹੀ ਜ਼ਿਆਦਾ ਮੁਨਾਫ਼ਾ ਹੋਵੇਗਾ।
Punjab Government News
ਇਸ ਤੋਂ ਇਲਾਵਾ ਭਾਈਵਾਲੀ ਰਾਹੀਂ ਵਾਧੂ ਲਾਭ ਹੋਣਗੇ ਕਿਉਂਕਿ ਜੇ ਕੋਈ ਕਿਸਾਨ ਨੌਂ ਏਕੜ ਦਾ ਯੋਗਦਾਨ ਪਾਉਂਦਾ ਹੈ ਤਾਂ ਉਸ ਨੂੰ ਤਿੰਨ ਏਕੜ ਵਿਕਸਤ ਗਰੁੱਪ ਹਾਊਸਿੰਗ ਜ਼ਮੀਨ ਮਿਲੇਗੀ। ਜੇ ਕਈ ਕਿਸਾਨ ਸਰਕਾਰ ਲਈ 50 ਏਕੜ ਜ਼ਮੀਨ ਇਕੱਠੀ ਕਰਦੇ ਹਨ ਤਾਂ ਉਨ੍ਹਾਂ ਨੂੰ ਬਦਲੇ ਵਿੱਚ 30 ਏਕੜ ਪੂਰੀ ਤਰ੍ਹਾਂ ਵਿਕਸਤ ਜ਼ਮੀਨ ਮਿਲੇਗੀ। ਇਹ ਨੀਤੀ ਭੂਮੀ ਮਾਫ਼ੀਆ ਰਾਜ ਦੇ ਅੰਤ ਅਤੇ ਗੈਰ-ਕਾਨੂੰਨੀ ਕਲੋਨੀਆਂ ’ਤੇ ਪੂਰੀ ਤਰ੍ਹਾਂ ਪਾਬੰਦੀ ਲਾਉਣ ਦੀ ਵਿਵਸਥਾ ਕਰਦੀ ਹੈ।
ਮੰਤਰੀ ਮੰਡਲ ਨੇ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ (ਪਾਪਰਾ), 1995 ਦੇ ਤਹਿਤ ਕਲੋਨੀਆਂ ਨੂੰ ਜਾਰੀ ਕੀਤੇ ਗਏ ਲਾਇਸੈਂਸਾਂ ਦੇ ਅੰਸ਼ਕ ਸਮਰਪਣ ਅਤੇ ਅੰਸ਼ਕ ਰੱਦ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਵਜ਼ਾਰਤ ਨੇ ਉਦਯੋਗਿਕ ਪਾਰਕ ਪ੍ਰਾਜੈਕਟਾਂ ਨੂੰ ਜਾਰੀ ਕੀਤੀਆਂ ਗਈਆਂ ਪ੍ਰਵਾਨਗੀਆਂ ਦੇ ਅੰਸ਼ਕ ਰੱਦ ਕਰਨ ਨੂੰ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।
Punjab Government News
ਰਿਹਾਇਸ਼ੀ, ਵਪਾਰਕ ਅਤੇ ਹੋਰ ਜਾਇਦਾਦਾਂ ਦੇ ਪਲਾਟਾਂ ਦੇ ਅਲਾਟੀਆਂ ਅਤੇ ਬੋਲੀਕਾਰਾਂ ਨੂੰ ਕੁੱਲ ਰਕਮ ਦੀ 75 ਫੀਸਦੀ ਰਕਮ ਦੀ ਯਕਮੁਸ਼ਤ ਅਦਾਇਗੀ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ ਮੰਤਰੀ ਮੰਡਲ ਨੇ ਅਲਾਟੀਆਂ ਨੂੰ ਕਈ ਰਿਆਇਤਾਂ ਦੇਣ ਦੀ ਪ੍ਰਵਾਨਗੀ ਦੇ ਦਿੱਤੀ। ਅਲਾਟੀਆਂ ਨੂੰ ਯਕਮੁਸ਼ਤ ਅਦਾਇਗੀ ਦੇ ਬਦਲੇ ਪਲਾਟ/ਸਾਈਟ ਦੀ ਕੀਮਤ ’ਤੇ 15 ਫੀਸਦੀ ਛੋਟ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸੂਬਾ ਸਰਕਾਰ ਨੂੰ ਇਕੋ ਵੇਲੇ ਆਮਦਨ ਇਕੱਠੀ ਹੋਵੇਗੀ ਅਤੇ ਅਜਿਹੇ ਮਾਮਲਿਆਂ ਵਿੱਚ ਡਿਫਾਲਟਰਾਂ ਦੀ ਸੂਚੀ ਵੀ ਘਟੇਗੀ।
ਪੰਜਾਬ ’ਚ ਈਡੀਸੀ ਅਤੇ ਸੀਐੱਲਯੂ ਲਾਇਸੰਸ ਫੀਸ ’ਚ ਵਾਧਾ, ਲੋਕਾਂ ਨੂੰ ਵੱਡਾ ਝਟਕਾ
ਪੰਜਾਬ ਸਰਕਾਰ ਵੱਲੋਂ ਆਪਣੇ ਖ਼ਜ਼ਾਨੇ ਨੂੰ ਭਰਨ ਲਈ ਪੰਜਾਬ ਵਿੱਚ ਰੀਅਲ ਅਸਟੇਟ ਪ੍ਰੋਮੋਟਰਾਂ ’ਤੇ ਲਾਗੂ ਹੁੰਦੀਆਂ ਬਾਹਰੀ ਵਿਕਾਸ ਦਰਾਂ (ਈਡੀਸੀ), ਜ਼ਮੀਨ ਵਰਤੋਂ ਬਾਰੇ ਤਬਦੀਲੀ (ਸੀਐੱਲਯੂ) ਦੀਆਂ ਦਰਾਂ, ਲਾਇਸੈਂਸ ਫੀਸ (ਐੱਲਐੱਫ) ਅਤੇ ਹੋਰ ਦਰਾਂ ਨੂੰ ਵਧਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਇਸ ਦਰਾਂ ਦੇ ਵਧਣ ਨਾਲ ਪੰਜਾਬ ਵਿੱਚ ਆਮ ਲੋਕਾਂ ਨੂੰ ਵੀ ਵੱਡਾ ਝਟਕਾ ਲੱਗੇਗਾ ਕਿਉਂਕਿ ਇਸ ਖਰਚੇ ਨੂੰ ਰੀਅਲ ਅਸਟੇਟ ਪ੍ਰੋਮੋਟਰਾਂ ਵੱਲੋਂ ਆਮ ਜਨਤਾ ਤੋਂ ਹੀ ਵਸੂਲ ਕੀਤਾ ਜਾਵੇਗਾ ਅਤੇ ਵੱਡੀਆਂ ਤੇ ਪਾਸ਼ ਕਲੋਨੀਆ ਵਿੱਚ ਪਲਾਟ ਤੋਂ ਲੈ ਕੇ ਫਲੈਟ ਤੱਕ ਦੇ ਰੇਟਾਂ ਵਿੱਚ ਵਾਧਾ ਹੋਣ ਦਾ ਅੰਦਾਜਾ ਲਾਇਆ ਜਾ ਰਿਹਾ ਹੈ।
ਆਮ ਜਨਤਾ ਨੂੰ ਇਸ ਬੋਝ ਤੋਂ ਬਚਾਉਣ ਲਈ ਪਿਛਲੀ ਸਰਕਾਰਾਂ ਵੱਲੋਂ 2016 ਵਿੱਚ ਲਾਗੂ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹਰ ਸਾਲ ਹੋਣ ਵਾਲੇ 10 ਫੀਸਦੀ ਵਾਧੇ ਦੇ ਫੈਸਲੇ ਨੂੰ ਕੁਝ ਸਾਲਾਂ ਲਈ ਟਾਲ ਵੀ ਦਿੱਤਾ ਗਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ 10 ਫੀਸਦੀ ਵਾਧੇ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਨ੍ਹਾਂ ਪ੍ਰਮੋਟਰਾਂ ਨੂੰ ਪਾਪਰਾ ਅਧੀਨ ਕਲੋਨੀਆਂ ਦੇ ਨਾਲ-ਨਾਲ ਪੰਜਾਬ ਸਰਕਾਰ ਦੀ ਮੈਗਾ ਪ੍ਰੋਜੈਕਟ ਨੀਤੀ ਅਧੀਨ ਮੈਗਾ ਪ੍ਰਾਜੈਕਟਾਂ ਲਈ ਬਾਹਰੀ ਵਿਕਾਸ ਚਾਰਜ (ਈਡੀਸੀ) ਜਮ੍ਹਾਂ ਕਰਨ ਦੀ ਲੋੜ ਹੁੰਦੀ ਹੈ। ਇਨ੍ਹਾਂ ਦਰਾਂ ਵਿੱਚ ਤਬਦੀਲੀ ਕਰਨ ਲਈ ਆਖਰੀ ਵਾਰ 06 ਮਈ, 2016 ਨੂੰ ਨੋਟੀਫਾਈ ਕੀਤਾ ਗਿਆ ਸੀ, ਜਿਸ ਵਿੱਚ ਇਹ ਧਾਰਾ ਵੀ ਜੋੜੀ ਗਈ ਸੀ ਕਿ ਇੱਕ ਅਪਰੈਲ ਤੋਂ ਹਰ ਸਾਲ 10 ਫੀਸਦੀ ਦੀ ਦਰ ਨਾਲ ਇਨ੍ਹਾਂ ਦਰਾਂ ਵਿੱਚ ਵਾਧਾ ਹੋਵੇਗਾ।
ਹਾਲਾਂਕਿ ਕੁਝ ਸਾਲਾਂ ਲਈ ਸਰਕਾਰ ਨੇ ਇਸ ਵਾਧੇ ਨੂੰ ਮੁਆਫ ਕਰ ਦਿੱਤਾ ਸੀ। ਇਨ੍ਹਾਂ ਦਰਾਂ ਵਿੱਚ ਇਕ ਅਪਰੈਲ 2020 ਤੋਂ ਵਾਧਾ ਕੀਤਾ ਗਿਆ ਸੀ ਅਤੇ ਸਾਲ 2016 ਤੋਂ ਲਗਭਗ 77 ਫੀਸਦੀ ਦਾ ਵਾਧਾ ਹੋਇਆ ਹੈ। ਇਸ ਫੈਸਲੇ ਨਾਲ ਸੀਐੱਲਯੂ ਦਰਾਂ, ਈਡੀਸੀ ਦਰਾਂ ਅਤੇ ਲਾਇਸੰਸ ਫੀਸ ਵਿੱਚ ਇੱਕ ਅਪਰੈਲ 2026 ਤੋਂ ਹਰੇਕ ਸਾਲ 10 ਫੀਸਦੀ ਦਾ ਵਾਧਾ ਹੋਵੇਗਾ।