ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੋਵੇਗੀ ਸ਼ੁਰੂ : ਲਾਲਜੀਤ ਸਿੰਘ ਭੁੱਲਰ

Laljit Singh Bhullar

ਪੰਜਾਬ ਦੇ ਟਰਾਂਸਪੋਰਟ ਸਕੱਤਰ ਵੱਲੋਂ ਦਿੱਲੀ ਸਰਕਾਰ ਦੇ ਹਮਰੁਤਬਾ ਅਧਿਕਾਰੀ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ

(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀ ਬੱਸ ਸੇਵਾ ਛੇਤੀ ਹੀ ਮੁੜ ਸ਼ੁਰੂ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਇਸ ਸਬੰਧੀ ਦੋਵੇਂ ਸਰਕਾਰਾਂ ਦੇ ਮੁੱਖ ਮੰਤਰੀਆਂ ਦਰਮਿਆਨ ਗੱਲਬਾਤ ਉਪਰੰਤ ਟਰਾਂਸਪੋਰਟ ਵਿਭਾਗਾਂ ਦੇ ਸਕੱਤਰ ਪੱਧਰ ਦੀ ਮੀਟਿੰਗ ਦੌਰਾਨ ਇਸ ਮਸਲੇ ਨੂੰ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ।

ਸ. ਭੁੱਲਰ ਨੇ ਦੱਸਿਆ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਦੌਰਾਨ ਉਨਾਂ ਨੇ ਕਾਫ਼ੀ ਦੇਰ ਤੋਂ ਲਮਕ ਰਹੇ ਇਸ ਅਹਿਮ ਮੁੱਦੇ ਬਾਰੇ ਜਾਣੂ ਕਰਵਾਇਆ ਸੀ। ਜਿਸ ਨਾਲ ਟਰਾਂਸਪੋਰਟ ਵਿਭਾਗ ਦੀ ਆਮਦਨ ਵਿੱਚ ਜਿੱਥੇ ਸਿੱਧੇ ਤੌਰ ‘ਤੇ ਵਾਧਾ ਹੋਣ ਬਾਰੇ ਮੁੱਖ ਮੰਤਰੀ ਨੂੰ ਦੱਸਿਆ ਗਿਆ, ਉਥੇ ਸਰਕਾਰੀ ਬੱਸਾਂ ਨਾ ਚਲਣ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰਾਂ ਵੱਲੋਂ ਸੂਬੇ ਦੇ ਮੁਸਾਫ਼ਰਾਂ ਦੀ ਕੀਤੀ ਜਾ ਰਹੀ ਲੁੱਟ ਸਬੰਧੀ ਮਾਮਲਾ ਵੀ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਕੋਲ ਇਹ ਮਾਮਲਾ ਚੁੱਕਿਆ ਸੀ।

ਸ. ਭੁੱਲਰ ਨੇ ਦੱਸਿਆ ਕਿ ਇਸ ਉਪਰੰਤ ਉਨਾਂ ਨੇ ਟਰਾਂਸਪੋਰਟ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਗਰਗ ਨੂੰ ਦਿੱਲੀ ਸਰਕਾਰ ਦੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਨ ਲਈ ਕਿਹਾ ਸੀ ਜਿਸ ਪਿੱਛੋਂ ਅੱਜ ਪੰਜਾਬ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਿਕਾਸ ਗਰਗ ਵੱਲੋਂ ਦਿੱਲੀ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਅਤੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਵਿਸਥਾਰਤ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਅਦਾਲਤ ਦੇ ਹੁਕਮਾਂ ਦੀ ਰੌਸ਼ਨੀ ਵਿੱਚ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ-ਚਰਚਾ ਕੀਤੀ ਗਈ।

ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ‘ਤੇ ਸਫ਼ਰ ਮੁਹੱਈਆ ਕਰਵਾਇਆ ਜਾਵੇਗਾ : ਟਰਾਂਸਪੋਰਟ ਮੰਤਰੀ

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਦਿੱਲੀ ਹਵਾਈ ਅੱਡੇ ਤੱਕ ਪੰਜਾਬ ਸਰਕਾਰ ਦੀਆਂ ਬੱਸਾਂ ਵੱਖ-ਵੱਖ ਸ਼ਹਿਰਾਂ ਤੋਂ ਸ਼ੁਰੂ ਨਾਲ ਯਾਤਰੀਆਂ ਨੂੰ ਕਿਫ਼ਾਇਤੀ ਦਰਾਂ ‘ਤੇ ਸਫ਼ਰ ਮੁਹੱਈਆ ਕਰਵਾਇਆ ਜਾ ਸਕੇਗਾ। ਇਸੇ ਦੌਰਾਨ ਟਰਾਂਸਪੋਰਟ ਸਕੱਤਰ ਵਿਕਾਸ ਗਰਗ ਨੇ ਦੱਸਿਆ ਕਿ ਦਿੱਲੀ ਸਰਕਾਰ ਦੇ ਪ੍ਰਮੁੱਖ ਸਕੱਤਰ ਅਸ਼ੀਸ਼ ਕੁੰਦਰਾ ਨੇ ਮੀਟਿੰਗ ਦੌਰਾਨ ਭਰੋਸਾ ਦਿਵਾਇਆ ਕਿ ਇਸ ਮਸਲੇ ਦਾ ਛੇਤੀ ਹੀ ਹੱਲ ਕੱਢ ਲਿਆ ਜਾਵੇਗਾ ਅਤੇ ਪੰਜਾਬ ਦੀ ਸਰਕਾਰੀ ਬੱਸ ਸਰਵਿਸ ਦਿੱਲੀ ਹਵਾਈ ਅੱਡੇ ਤੱਕ ਚਲ ਸਕੇਗੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here