Punjab Government News: ਪੰਜਾਬ ਸਰਕਾਰ ਵੱਲੋਂ ਐਸਸੀ ਭਾਈਚਾਰੇ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਵੱਡੀ ਰਾਹਤ

Punjab Government News

ਸਕੀਮ ਤਹਿਤ 4727 ਕਰਜ਼ਦਾਰ ਪਰਿਵਾਰਾਂ ਦੇ ਕਰਜ਼ੇ ਕੀਤੇ ਮੁਆਫ | Punjab Government News

Punjab Government News: (ਰਾਜਨ ਮਾਨ) ਅੰਮ੍ਰਿਤਸਰ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅੱਜ ਇੱਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਸੌਂਪਣ ਲਈ ਕਰਵਾਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਮ ਆਦਮੀ ਨੂੰ ਹੋਰ ਵਧੇਰੇ ਸਮਰੱਥ ਬਣਾਉਣ ਲਈ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰ ਰਹੀ ਹੈ।

ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮੱਦਦ ਲਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਅਮੀਰ ਲੋਕਾਂ ਦੇ ਕਰਜ਼ੇ ਮੁਆਫ਼ ਕੀਤੇ ਜਾਂਦੇ ਸਨ ਜਦੋਂਕਿ ਗਰੀਬ ਲੋਕਾਂ ਦੀ ਭਲਾਈ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾਂਦੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਇਹ ਵੀ ਪੜ੍ਹੋ: Internet Ban: ਇਨ੍ਹਾਂ ਪੰਜ ਜ਼ਿਲ੍ਹਿਆਂ ’ਚ ਪੰਜ ਦਿਨਾਂ ਲਈ ਇੰਟਰਨੈੱਟ ਬੰਦ, ਜਾਣੋ

ਮੁੱਖ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਖੇਤਰ ਨੂੰ ਸਭ ਤੋਂ ਵੱਧ ਤਰਜ਼ੀਹ ਦੇ ਰਹੀ ਹੈ ਕਿਉਂਕਿ ਇਸ ਨਾਲ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਨਵੇਂ ਰਾਹ ਖੁੱਲ੍ਹਦੇ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਹਰੇਕ ਵਿਅਕਤੀ ਦੀ ਸਫਲਤਾ ਲਈ ਕੁੰਜੀ ਹੈ ਅਤੇ ਸੂਬੇ ਦੇ ਹਰੇਕ ਨੌਜਵਾਨ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਵਿੱਚ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਜਨਤਕ ਭਲਾਈ ਵਾਲੇ ਅਤੇ ਖੁਸ਼ੀ ਦੇ ਅਜਿਹੇ ਕਾਰਜ ਬਹੁਤ ਘੱਟ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ ਜਦੋਂ ਸਰਕਾਰ ਵੱਲੋਂ ਆਏ ਦਿਨ ਨਵੇਂ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾ ਰਹੇ ਹਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਮਿਲ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ‘ਰੰਗਲਾ ਪੰਜਾਬ’ ਦੀ ਝਲਕ ਹੈ ਅਤੇ ਸੂਬਾ ਸਰਕਾਰ ਹੁਣ ਖੁਸ਼ੀ ਦੇ ਅਜਿਹੇ ਸਮਾਗਮਾਂ ਰਾਹੀਂ ਲੋਕਾਂ ਦੀ ਸਹੂਲਤ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ।

67.84 ਕਰੋੜ ਰੁਪਏ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ : ਮੁੱਖ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ 67.84 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਨਾਲ ਤਕਰੀਬਨ 4800 ਪਰਿਵਾਰਾਂ ਨੂੰ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐਸ.ਸੀ.ਐਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਇਸ ਕਦਮ ਨਾਲ ਕੁੱਲ 4,727 ਕਰਜ਼ਦਾਰਾਂ ਨੂੰ 67.84 ਕਰੋੜ ਰੁਪਏ ਦੀ ਕੁੱਲ ਰਕਮ ਦਾ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁੱਲ 4,727 ਕਰਜ਼ਦਾਰ ਸਨ ਜਿਨ੍ਹਾਂ ਵਿੱਚ 4,685 ਡਿਫਾਲਟ ਕਰਜ਼ਦਾਰ ਅਤੇ 42 ਰੈਗੂਲਰ ਕਰਜ਼ਦਾਰ ਹਨ, ਇਸ ਕਰਜ਼ਾ ਮੁਆਫ਼ੀ ਯੋਜਨਾ ਹੇਠ ਆਉਣਗੇ। Punjab Government News

Punjab Government News
Punjab Government News

ਜਿਨ੍ਹਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਲਿਆ ਹੈ, ਉਹ ਵੀ ਸਕੀਮ ਦੇ ਯੋਗ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ‘ਕੋਈ ਇਤਰਾਜ਼ ਨਹੀਂ’ ਸਰਟੀਫਿਕੇਟ (ਨੋ ਡਿਊ ਸਰਟੀਫਿਕੇਟ) ਜਾਰੀ ਕੀਤੇ ਜਾਣਗੇ। ਬੁਲਾਰੇ ਨੇ ਅੱਗੇ ਦੱਸਿਆ ਕਿ 30 ਅਪ੍ਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ 67.84 ਕਰੋੜ ਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐਸ.ਸੀ.ਐਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਗੱਲ ਇਹ ਹੈ ਕਿ ਜਿਨ੍ਹਾਂ ਕਰਜ਼ਦਾਰਾਂ ਨੇ ਪਹਿਲਾਂ ਵੀ ਕਰਜ਼ਾ ਮੁਆਫੀ ਸਕੀਮਾਂ ਲਾਭ ਪ੍ਰਾਪਤ ਕੀਤਾ ਹੈ, ਉਹ ਵੀ ਇਸ ਮੁਆਫੀ ਸਕੀਮ ਦਾ ਲਾਭ ਲੈਣ ਲਈ ਯੋਗ ਮੰਨੇ ਜਾਣਗੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਵਾਰ ਫਿਰ ਇਹ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਵਾਅਦੇ ਹੀ ਨਹੀਂ ਕਰਦੇ ਸਗੋਂ ਉਨ੍ਹਾਂ ਨੂੰ ਪੂਰਾ ਵੀ ਕਰਦੇ ਹਨ ਜਦਕਿ ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਨੂੰ ਸਿਰਫ਼ ਵੋਟ ਬੈਂਕ ਵਜੋਂ ਵਰਤਿਆ ਹੈ। ਉਨ੍ਹਾਂ ਕਿਹਾ ਕਿ ਆਪ ਸਰਕਾਰ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ ਅਤੇ ਉਨ੍ਹਾਂ ਨੂੰ ਹਮੇਸ਼ਾ ਬਰਾਬਰਤਾ, ਬਣਦੇ ਹੱਕ ਅਤੇ ਮਾਣ-ਸਤਿਕਾਰ ਦਿੱਤਾ ਹੈ। ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ ਈ.ਟੀ.ਓ., ਲਾਲ ਚੰਦ ਕਟਾਰੂਚੱਕ ਅਤੇ ਕੁਲਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਸਖਸ਼ੀਅਤਾਂ ਹਾਜ਼ਰ ਸਨ। Punjab Government News