ਪੰਜਾਬ ਦਾ ਰੁਕਿਆ ਫੰਡ ਅਤੇ ਹੜ੍ਹਾਂ ਦਾ ਮੁਆਵਜ਼ਾ ਜਾਰੀ ਕਰੇ ਕੇਂਦਰ ਸਰਕਾਰ
Union Budget 2026: (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪੰਜਾਬ ਦੇ ਖ਼ਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਕੇਂਦਰੀ ਬਜਟ ਤੋਂ ਪੰਜਾਬ ਨੂੰ ਵੱਡੀਆਂ ਆਸਾਂ ਹਨ, ਕਿਉਂਕਿ ਪਿਛਲੇ ਚਾਰ ਸਾਲਾਂ ਤੋਂ ਕੇਂਦਰ ਨੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਹੀ ਕੀਤਾ ਹੈ। ਇਹ ਪ੍ਰਗਟਾਵਾ ਵਿੱਤ ਮੰਤਰੀ ਵੱਲੋਂ ਅੱਜ ਇੱਥੇ ਪੀਆਰਟੀਸੀ ਦੇ ਚੇਅਰਮੈਨ ਦੀ ਹੋਈ ਤਾਜਪੋਸੀ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਕੀਤਾ ਗਿਆ।
ਇਸ ਦੌਰਾਨ ਚੀਮਾ ਨੇ ਉਮੀਦ ਜਤਾਈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਪੰਜਾਬ ਨਾਲ ਇਨਸਾਫ਼ ਕਰਦਿਆਂ ਪੰਜਾਬ ਦਾ ਰੁਕਿਆ ਹੋਇਆ 8500 ਕਰੋੜ ਰੁਪਏ ਦਾ ਫੰਡ ਇਸ ਬਜਟ ਵਿੱਚ ਜਾਰੀ ਕਰਨਗੇ ਅਤੇ ਹੜ੍ਹਾਂ ਲਈ ਮੁਆਵਜ਼ੇ ਵਜੋਂ ਐਲਾਨੇ 1600 ਕਰੋੜ ਰੁਪਏ ਵੀ ਦੇਣ ਸਮੇਤ ਪੰਜਾਬ ਵੱਲੋਂ ਹੜ੍ਹਾਂ ਦੇ ਨੁਕਸਾਨ ਦੀ ਭਰਪਾਈ ਲਈ ਭੇਜੀ ਤਜਵੀਜ਼ ਦੇ 20,000 ਕਰੋੜ ਰੁਪਏ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: Sunetra Pawar: ਸਵਰਗੀ ਅਜੀਤ ਪਵਾਰ ਦੀ ਪਤਨੀ ਸੁਨੇਤਰਾ ਪਵਾਰ ਨੇ ਚੁੱਕੀ ਉਪ ਮੁੱਖ ਮੰਤਰੀ ਵਜੋਂ ਸਹੁੰ
ਉਨ੍ਹਾਂ ਹੋਰ ਕਿਹਾ ਕਿ ਇਸ ਦੇ ਨਾਲ ਹੀ ਭਾਰਤ-ਪਾਕਿਸਤਾਨ ਸਬੰਧਾਂ ’ਚ ਖਟਾਸ ਆਉਣ ਸਮੇਂ ਆਪਰੇਸ਼ਨ ਸਿੰਧੂਰ ਸਮੇਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਦਾ ਜੋ ਨੁਕਸਾਨ ਹੋਇਆ ਉਸ ਦਾ ਮੁਆਵਜ਼ਾ ਦੇਣ ਲਈ ਕੇਂਦਰੀ ਵਿੱਤ ਮੰਤਰੀ ਦੇ ਸਨਮੁੱਖ 1000 ਕਰੋੜ ਰੁਪਏ ਦੀ ਰੱਖੀ ਗਈ ਮੰਗ ਪੂਰੀ ਕੀਤੀ ਜਾਵੇ ਤਾਂ ਕਿ ਪੰਜਾਬ ਦੀ ਡਿਫੈਂਸ ਲਾਈਨ ਨੂੰ ਮਜ਼ਬੂਤ ਕੀਤਾ ਜਾਵੇ। ਇਸ ਤੋਂ ਬਿਨ੍ਹਾਂ ਦਿਹਾਤੀ ਮਜ਼ਦੂਰਾਂ ਲਈ ਮਗਨਰੇਗਾ ਸਕੀਮ ਨੂੰ ਵੀ ਦੁਬਾਰਾ ਬਹਾਲ ਕੀਤਾ ਜਾਵੇ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰਕੇ ਵਰਗਾਂ ਲਈ ਕੰਮ ਕਰ ਰਹੀ ਹੈ ਅਤੇ 10 ਲੱਖ ਰੁਪਏ ਦਾ ਸਿਹਤ ਬੀਮਾ ਪੰਜਾਬ ਦੇ ਲੋਕਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਵੱਲੋਂ ਨੌਜਵਾਨੀ ਨੂੰ ਨੌਕਰੀਆਂ ਵੰਡ ਦੇ ਪਿਛਲੀਆਂ ਸਰਕਾਰਾਂ ਨੂੰ ਸ਼ੀਸਾ ਦਿਖਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨੌਕਰੀਆਂ ਮੈਰਿਟ ਦੇ ਅਧਾਤ ’ਤੇ ਮਿਲੀਆਂ ਹਨ। Union Budget 2026














