ਸਾਡੇ ਨਾਲ ਸ਼ਾਮਲ

Follow us

14.6 C
Chandigarh
Tuesday, February 3, 2026
More
    Home Breaking News ਪੰਜਾਬ ਕੋਲ ਸਿਰ...

    ਪੰਜਾਬ ਕੋਲ ਸਿਰਫ਼ ਇੱਕ ਦਿਨ ਦਾ ਕੋਲਾ ਤੇ 10 ਫੀਸਦੀ ਯੂਰੀਆ : ਅਮਰਿੰਦਰ

    ਕਿਹਾ, ਕਿਸਾਨ ਜਥੇਬੰਦੀਆਂ ਪੰਜਾਬ ਦੀ ਬਜਾਇ ਦਿੱਲੀ ਜਾ ਕੇ ਧਰਨੇ ਦੇਣ
    ਹੁਸ਼ਿਆਰਪੁਰ ਜਬਰ ਜਨਾਹ ਮਾਮਲੇ ‘ਚ ਚਲਾਨ ਇਸੇ ਹਫ਼ਤੇ ਪੇਸ਼ ਹੋਵੇਗਾ

    ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਪੁੱਤਰ ਰਣਇੰਦਰ ਸਿੰਘ ਨੂੰ ਸੰਮਨ ਜਾਰੀ ਹੋਣ ਵਾਲੇ ਮਾਮਲੇ ‘ਤੇ ਕਿਹਾ ਹੈ ਕਿ ਉਨ੍ਹਾਂ ਦੇ ਪਰਿਵਾਰ ਨੂੰ ਇਹ ਪਹਿਲੀ ਵਾਰ ਜਾਰੀ ਨਹੀਂ ਹੋਏ ਅਤੇ ਇਹ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ। ਅਮਰਿੰਦਰ ਸਿੰਘ ਅੱਜ ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ।  ਉਨ੍ਹਾਂ ਕਿਸਾਨਾਂ ਵੱਲੋਂ ਪ੍ਰਗਟਾਏ ਜਾ ਰਹੇ ਰੋਸ ਪ੍ਰਦਰਸ਼ਨਾਂ ਸਬੰਧੀ ਕਿਹਾ ਕਿ ਇਸ ਨਾਲ ਪੰਜਾਬ ਦਾ ਹੀ ਨੁਕਸਾਨ ਹੋ ਰਿਹਾ ਹੈ, ਕਿਉਂਕਿ ਪ੍ਰਾਈਵੇਟ ਥਰਮਲਾਂ ਨੂੰ ਜਾਂਦੀਆਂ ਰੇਲਾਂ ਰੋਕਣ ਨਾਲ ਪੰਜਾਬ ਅੰਦਰ ਬਿਜਲੀ ਦੀ ਸਮੱਸਿਆ ਖੜ੍ਹੀ ਹੋ ਜਾਵੇਗੀ ਅਤੇ ਪੰਜਾਬ ਦੀ ਬੱਤੀ ਕਦੇ ਵੀ ਗੁੱਲ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿ ਕਿਸਾਨ ਦਿੱੱਲੀ ਜਾ ਕੇ ਆਪਣਾ ਰੋਸ ਪ੍ਰਗਟ ਕਰਨ।

    ਉਨ੍ਹਾਂ ਇਸ਼ਾਰਾ ਕੀਤਾ ਕਿ ਸੂਬੇ ਕੋਲ ਸਿਰਫ ਇੱਕ ਦਿਨ ਦਾ ਕੋਲੇ ਦਾ ਸਟਾਕ ਅਤੇ ਸਿਰਫ 10 ਫੀਸਦੀ ਯੂਰੀਆ ਬਚਿਆ ਹੈ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੌਮੀ ਗਰਿੱਡ ਤੋਂ ਬਿਜਲੀ ਖਰੀਦਣ ਦਾ ਬਦਲ ਸੂਬੇ ਕੋਲ ਨਹੀਂ ਹੈ ਕਿਉਂਕਿ ਸੂਬੇ ਕੋਲ ਪੈਸਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੰਤਰੀ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਇਸ ਸਮੱਸਿਆ ਨਾਲ ਨਜਿੱਠਿਆ ਜਾ ਸਕੇ।

    ਕੇਂਦਰ ਦੇ ਕਾਨੂਨਾਂ ਖਿਲਾਫ਼ ਹਿੱਕ ਡਾਅ ਕੇ ਲੜਾਈ ਲੜਨਗੇ  :ਅਮਰਿੰਦਰ

    ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ ਅਤੇ ਉਹ ਕੇਂਦਰ ਦੇ ਕਾਨੂਨਾਂ ਖਿਲਾਫ਼ ਹਿੱਕ ਡਾਅ ਕੇ ਲੜਾਈ ਲੜਨਗੇ।  ਇੱਕ ਸੁਆਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਾਥਰਸ ਮਾਮਲੇ ਵਿੱਚ ਉਤਰ ਪ੍ਰਦੇਸ਼ ਸਰਕਾਰ ਦੀ ਢਿੱਲੀ ਕਾਰਵਾਈ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਹੁਸ਼ਿਆਰਪੁਰ ਜਬਰ-ਜਿਨਾਹ ਤੇ ਕਤਲ ਮਾਮਲੇ ਵਿੱਚ ਤੁਰੰਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਚਲਾਨ ਇਸੇ ਹਫ਼ਤੇ ਅਦਾਲਤ ਵਿੱਚ ਪੇਸ਼ ਕਰ ਦਿੱਤਾ ਜਾਵੇਗਾ। ਪੰਜਾਬ ਪੁਲਿਸ ਵੱਲੋਂ ਇਸ ਮਾਮਲੇ ਵਿੱਚ ਫੌਰੀ ਤੌਰ ‘ਤੇ ਕਾਰਵਾਈ ਕਰਦੇ ਹੋਏ ਬਿਨਾ ਦੇਰੀ ਕੀਤਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਜਦੋਂ ਕਿ ਹਾਥਰਸ ਮਾਮਲੇ ਵਿੱਚ ਅਜਿਹਾ ਨਹੀਂ ਹੋਇਆ।

    ਉਨ੍ਹਾਂ ਅੱਗੇ ਦੱਸਿਆ ਕਿ ਇਹੋ ਕਾਰਨ ਹੈ ਕਿ ਰਾਹੁਲ ਗਾਂਧੀ ਨੂੰ ਪੀੜਤ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਹਾਥਰਸ ਜਾਣਾ ਪਿਆ ਪਰੰਤੂ ਹੁਸ਼ਿਆਰਪੁਰ ਜਾਣ ਦੀ ਲੋੜ ਨਹੀਂ ਪਈ। ਇੱਕ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਪੰਜਾਬ ਕਾਂਗਰਸ ਵਿੱਚ ਨਵਜੋਤ ਸਿੰਘ ਸਿੱਧੂ ਦਰਕਿਨਾਰ ਹਨ। ਉਨ੍ਹਾਂ ਕਿਹਾ ਕਿ ਇਹ ਸਭ ਕਿਆਸ ਅਰਾਈਆਂ ਲਗਾਈਆਂ ਜਾਂਦੀਆਂ ਹਨ। ਅਕਾਲੀਆਂ ਵੱਲੋਂ ਉਨ੍ਹਾਂ ਉਤੇ ਖੇਤੀਬਾੜੀ ਕਾਨੂੰਨਾਂ ਬਾਰੇ ਕੇਂਦਰ ਸਰਕਾਰ ਨਾਲ ਗੰਢਤੁਪ ਕਰਨ ਦੇ ਇਲਜ਼ਾਮਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੌਣ ਕਿਸ ਦੇ ਨਾਲ ਮਿਲਿਆ ਹੋਇਆ ਹੈ। ਇਹ ਅਕਾਲੀ ਹੀ ਹਨ ਜੋ ਕਿ ਭਾਜਪਾ ਨਾਲ ਰਲੇ ਹੋਏ ਹਨ ਜਿਨ੍ਹਾਂ ਨੇ ਲੋਕਾਂ ਦੇ ਦਬਾਅ ਹੇਠ ਐਨ.ਡੀ.ਏ. ਦਾ ਸਾਥ ਛੱਡਿਆ ਪਰ ਹਾਲੇ ਵੀ ਇਕੱਠੇ ਕੰਮ ਕਰ ਰਹੇ ਹਨ।

    ਹਰਸਿਮਰਤ ਬਾਦਲ ਕਿਸਾਨ ਵਿਰੋਧੀ ਆਰਡੀਨੈਂਸ ਲਿਆਉਣ ਵਿੱਚ ਸ਼ਾਮਲ ਸੀ

    ਉਨ੍ਹਾਂ ਕਿਹਾ ਕਿ ਹਰਸਿਮਰਤ ਬਾਦਲ ਕਿਸਾਨ ਵਿਰੋਧੀ ਆਰਡੀਨੈਂਸ ਲਿਆਉਣ ਵਿੱਚ ਸ਼ਾਮਲ ਸੀ ਅਤੇ ਕੇਂਦਰ ਸਰਕਾਰ ਵੱਲੋਂ ਜਦੋਂ ਇਨ੍ਹਾਂ ਨੂੰ ਕੇਂਦਰੀ ਕੈਬਨਿਟ ਵਿੱਚ ਪਾਸ ਕੀਤਾ ਗਿਆ ਉਦੋਂ ਹਰਸਿਮਰਤ ਕੈਬਨਿਟ ਮੰਤਰੀ ਵਜੋਂ ਹਾਜ਼ਰ ਸੀ। ਜਦਕਿ ਅਸੀਂ ਨੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਲਈ ਆਪਣੇ ਬਿਲ ਲਿਆਂਦੇ ਹਨ। ਹੋਰਨਾਂ ਸੂਬਿਆਂ ਵਿੱਚ ਖੇਤੀਬਾੜੀ ਕਾਨੂੰਨਾਂ ਸੰਬੰਧਾਂ ਬਾਰੇ ਮਤਿਆਂ ਦੀ ਸਥਿਤੀ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ 11 ਸੂਬਿਆਂ ਵਿੱਚ ਗੈਰ ਭਾਜਪਾ ਦੀਆਂ ਸਰਕਾਰਾਂ ਹਨ ਅਤੇ 4 ਸੂਬਿਆਂ ਵਿੱਚ ਕਾਂਗਰਸ ਸੱਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਕਾਂਗਰਸ ਸਰਕਾਰਾਂ ਵੱਲੋਂ ਕੇਂਦਰੀ ਕਾਨੂੰਨਾਂ ਖਿਲ਼ਾਫ ਅਜਿਹੇ ਹੀ ਮਤੇ ਲਿਆਂਦੇ ਜਾਣਗੇ ਅਤੇ ਉਮੀਦ ਹੈ ਕਿ ਬਾਕੀ ਗ਼ੈਰ ਭਾਜਪਾ ਵਾਲੇ ਸੂਬੇ ਜਿਵੇਂ ਕਿ ਪੱਛਮੀ ਬੰਗਾਲ ਆਦਿ ਵੱਲੋਂ ਅਜਿਹੀ ਹੀ ਕਾਰਵਾਈ ਕੀਤੀ ਜਾਵੇਗੀ।

    ਇਸ ਮੌਕੇ ਉਨ੍ਹਾਂ ਦੇ ਨਾਲ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਰਾਣਾ ਗੁਰਮੀਤ ਸਿੰਘ ਸੋਢੀ,  ਵਿਜੈ ਇੰਦਰ ਸਿੰਗਲਾ, ਮੈਡਮ ਰਜ਼ੀਆ ਸੁਲਤਾਨਾ, ਐਮ.ਐਲ.ਏ. ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਨਿਰਮਲ ਸਿੰਘ, ਰਾਜਿੰਦਰ ਸਿੰਘ, ਆਦਿ ਮੌਜੂਦ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.