ਪੁਲਿਸ ਕੇਸ ’ਚ ਪੱਖ ਰੱਖਣ ਲਈ ਮੰਗ ਰਿਹਾ ਸੀ 20 ਹਜ਼ਾਰ ਰੁਪਏ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਪੁਲਿਸ ਚੌਕੀ ਪਿੰਡ ਲਲਤੋਂ ਕਲਾਂ (ਜ਼ਿਲ੍ਹਾ ਲੁਧਿਆਣਾ) ਵਿਖੇ ਤਾਇਨਾਤ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦੇ ਵਲੰਟੀਅਰ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਣ ਤਹਿਤ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹਰਜਿੰਦਰ ਸਿੰਘ ਵਿਰੁੱਧ ਇਹ ਕੇਸ ਮਨਦੀਪ ਕੌਰ ਵਾਸੀ ਭਾਈ ਬਾਲਾ ਕਲੋਨੀ ਲੁਧਿਆਣਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਦਰਜ ਕੀਤਾ ਗਿਆ ਹੈ। Taking Bribe
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਸੀ ਕਿ ਪੁਲਿਸ ਚੌਕੀ ਲਲਤੋਂ ਕਲਾਂ, ਲੁਧਿਆਣਾ ਵਿਖੇ ਤਾਇਨਾਤ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਅਤੇ ਏ.ਐਸ.ਆਈ. ਰਵਿੰਦਰ ਕੁਮਾਰ ਉਸਦੇ ਭਰਾਵਾਂ ਵਿਰੁੱਧ ਦਰਜ ਪੁਲਿਸ ਕੇਸ ਵਿੱਚ ਉਸਦੀ ਮੱਦਦ ਕਰਨ ਬਦਲੇ ਉਸ ਤੋਂ 30 ਹਜ਼ਾਰ ਰੁਪਏ ਰਿਸ਼ਵਤ ਮੰਗ ਰਹੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਏ.ਐਸ.ਆਈ. ਦੀ ਤਰਫੋਂ ਪੀ.ਐਚ.ਜੀ. ਹਰਜਿੰਦਰ ਸਿੰਘ ਉਸ ਤੋਂ ਪਹਿਲਾਂ ਹੀ 10 ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਹੈ ਤੇ ਹੁਣ ਬਾਕੀ ਰਹਿੰਦੇ 20 ਹਜ਼ਾਰ ਰੁਪਏ ਮੰਗ ਰਿਹਾ ਹੈ। Taking Bribe
ਇਹ ਵੀ ਪੜ੍ਹੋ: Agniveer Rule : ਅਗਨੀਵੀਰਾਂ ਲਈ ਖੁਸ਼ਖਬਰੀ, ਸੇਵਾ ’ਚ ਹੋਇਆ ਵੱਡਾ ਬਦਲਾਅ!
ਸ਼ਿਕਾਇਤਕਰਤਾ ਨੇ ਸਬੂਤ ਵਜੋਂ ਉਕਤ ਪੀ.ਐਚ.ਜੀ. ਵਲੰਟੀਅਰ ਵੱਲੋਂ ਕੀਤੀ ਗਈ ਮੰਗ ਦੀ ਰਿਕਾਰਡਿੰਗ ਵੀ ਵਿਜੀਲੈਂਸ ਨੂੰ ਸੌਂਪੀ। ਜਿਸ ਦੇ ਅਧਾਰ ’ਤੇ ਵਿਜੀਲੈਂਸ ਨੇ ਪੜਤਾਲ ਕੀਤੀ ਅਤੇ ਸ਼ਿਕਾਇਤਕਰਤਾ ਵੱਲੋਂ ਲਾਏ ਗਏ ਦੋਸ਼ਾਂ ਨੂੰ ਸਹੀ ਪਾਉਣ ਤੋਂ ਬਾਅਦ ਰਿਪੋਰਟ ਦੇ ਆਧਾਰ ’ਤੇ ਪੀ.ਐਚ.ਜੀ. ਵਲੰਟੀਅਰ ਹਰਜਿੰਦਰ ਸਿੰਘ ਦੇ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਅਤੇ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਉਪਰੋਕਤ ਏ.ਐਸ.ਆਈ ਰਵਿੰਦਰ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।