Punjab News: ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਗ਼ੈਰ-ਕਾਨੂੰਨੀ ਕਬਜ਼ਿਆਂ ਅਤੇ ਅਣਅਧਿਕਾਰਤ ਕਾਲੋਨੀਆਂ ਦੇ ਵਿਕਾਸ ਨੂੰ ਰੋਕਣ ਲਈ ਪਟਿਆਲਾ ਵਿਕਾਸ ਅਥਾਰਟੀ ਨੇ ਜਲਾਲਪੁਰ, ਚੌਰਾ ਅਤੇ ਹਸਨਪੁਰ ਪ੍ਰੋਹਤਾਂ ਵਿੱਚ ਸਥਿਤ ਤਿੰਨ ਅਣਅਧਿਕਾਰਤ ਕਲੋਨੀਆਂ ਨੂੰ ਢਾਹੁਣ ਦੀਆਂ ਮੁਹਿੰਮਾਂ ਚਲਾਈਆਂ। ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ ਨੇ ਦੱਸਿਆ ਕਿ ਪੀਡੀਏ ਵੱਲੋਂ ਗੈਰਕਾਨੂੰਨੀ ਉਸਾਰੀਆਂ ਢਾਹੁਣ ਦੀ ਇਹ ਕਾਰਵਾਈ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਕਾਨੂੰਨ ਦੇ ਸ਼ਾਸਨ ਨੂੰ ਬਰਕਰਾਰ ਰੱਖਣ ਲਈ ਚੱਲ ਰਹੇ ਯਤਨਾਂ ਦਾ ਹਿੱਸਾ ਹੈ। ਇਹ ਅਣਅਧਿਕਾਰਤ ਕਲੋਨੀਆਂ ਸਥਾਪਿਤ ਇਮਾਰਤੀ ਨਿਯਮਾਂ ਦੀ ਉਲੰਘਣਾ ਕਰਦੀਆਂ ਪਾਈਆਂ ਗਈਆਂ ਅਤੇ ਇਨ੍ਹਾਂ ਵਿੱਚ ਲੋੜੀਂਦੀਆਂ ਪ੍ਰਵਾਨਗੀਆਂ ਦੀ ਘਾਟ ਸੀ।
ਪੀਡੀਏ ਪ੍ਰਸ਼ਾਸਨ ਨੇ ਆਮ ਲੋਕਾਂ ਨੂੰ ਪਲਾਟ ਖਰੀਦਣ ਵੇਲੇ ਸੁਚੇਤ ਰਹਿਣ ਦੀ ਵੀ ਅਪੀਲ ਕੀਤੀ ਹੈ। ਮਨੀਸ਼ਾ ਰਾਣਾ ਨੇ ਲੋਕਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਪਲਾਟ ਜਾਂ ਕਿਸੇ ਹੋਰ ਥਾਂ ਖਰੀਦਣ ਤੋਂ ਪਹਿਲਾਂ ਸਬੰਧਤ ਅਧਿਕਾਰੀਆਂ ਜਾਂ ਸਬੰਧਤ ਵਿਭਾਗਾਂ ਤੋਂ ਕਿਸੇ ਵੀ ਜ਼ਮੀਨ ਜਾਂ ਜਾਇਦਾਦ ਦੀ ਕਾਨੂੰਨੀ ਸਥਿਤੀ ਦੀ ਪੁਸ਼ਟੀ ਕਰਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਕਾਨੂੰਨੀ ਅਤੇ ਵਿੱਤੀ ਪੇਚੀਦਗੀਆਂ ਤੋਂ ਬਚਣ ਲਈ ਇਹ ਕਦਮ ਮਹੱਤਵਪੂਰਨ ਹੈ। Punjab News
ਇਸੇ ਦੌਰਾਨ ਏਸੀਏ ਜਸ਼ਨਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਪੀਡੀਏ ਪ੍ਰਸ਼ਾਸਨ ਸਾਰੀਆਂ ਸ਼ਹਿਰੀ ਯੋਜਨਾਬੰਦੀ ਪਹਿਲਕਦਮੀਆਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਬਣਾਈ ਰੱਖਣ ਅਤੇ ਖੇਤਰ ਵਿੱਚ ਟਿਕਾਊ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।