ਪੰਜਾਬ : ਆਮ ਵਰਗਾਂ ਨੂੰ 10 ਫੀਸਦੀ ਕੋਟਾ

Punjab, Percent, General, Categories

ਹੁਣ 2.85 ਲੱਖ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਮਿਲੇਗੀ ਕਰਜ਼ਾ ਰਾਹਤ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਸੰਵਿਧਾਨ ਦੀ ਸੋਧ ਅਨੁਸਾਰ ਆਮ ਵਰਗਾਂ ਦੇ ਆਰਥਿਕ ਤੌਰ ‘ਤੇ ਕਮਜ਼ੋਰ ਲੋਕਾਂ ਨੂੰ ਸਰਕਾਰੀ ਨੌਕਰੀਆਂ ਲਈ 10 ਫੀਸਦੀ ਰਾਖਵਾਂਕਰਨ ਦੇਵੇਗੀ ਇਹ ਫੈਸਲਾ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲਿਆ ਸਰਕਾਰ ਨੇ ਚੋਣਾਵੀ ਛੱਕਾ ਮਾਰਦਿਆਂ ਬਟਾਲਾ ਤੇ ਅਬੋਹਰ ਨੂੰ ਨਗਰ ਨਿਗਮ ਬਣਾਉਣ ਦਾ ਵੀ ਐਲਾਨ ਕੀਤਾ ਹੈ
ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨਾਲ ਸਬੰਿਧਤ ਪੰਜਾਬ ਦੇ ਉਨ੍ਹਾਂ ਵਾਸੀਆਂ ਨੂੰ 10 ਫ਼ੀਸਦੀ ਰਾਖਵਾਂਕਰਨ ਮੁਹੱਈਆ ਕਰਵਾਇਆ ਜਾਵੇਗਾ ਜੋ ਅਨੁਸੂਚਿਤ ਜਾਤਾਂ/ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਲਈ ਰਾਖਵੇਂਕਰਨ ਦੀ ਮੌਜੂਦਾ ਸਕੀਮ ਹੇਠ ਨਹੀਂ ਆਉਂਦੇ ਅਤੇ ਜਿਨ੍ਹਾਂ ਦੇ ਪਰਿਵਾਰਾਂ ਦੀ ਕੁੱਲ ਸਾਲਾਨਾ ਆਮਦਨ ਅੱਠ ਲੱਖ ਤੋਂ ਘੱਟ ਹੈ।

ਇਹ ਰਾਖਵਾਂਕਰਨ ਸੂਬੇ ਦੇ ਵਿਭਾਗਾਂ/ਬੋਰਡਾਂ/ਕਾਰਪੋਰੇਸ਼ਨਾਂ/ਸਥਾਨਕ ਸੰਸਥਾਵਾਂ ਵਿੱਚ ਏ, ਬੀ, ਸੀ ਅਤੇ ਡੀ ਗਰੁੱਪਾਂ ਵਿੱਚ ਸਿੱਧੀ ਭਰਤੀ ਦੌਰਾਨ ਮੁਹੱਈਆ ਕਰਵਾਇਆ ਜਾਵੇਗਾ।  ਇਸ ਮਕਸਦ ਲਈ ਪਰਿਵਾਰ ਦੀ ਆਮਦਨ ਵਿੱਚ ਸਾਰੇ ਸਰੋਤਾਂ ਨੂੰ ਸ਼ਾਮਲ ਕੀਤਾ ਜਾਵੇਗਾ, ਜਿਨ੍ਹਾਂ ਵਿੱਚ ਤਨਖ਼ਾਹ, ਖੇਤੀਬਾੜੀ, ਬਿਜ਼ਨਸ, ਕਿੱਤਾ ਆਦਿ ਹੋਣਗੇ। ਇਹ ਅਰਜ਼ੀ ਦੇਣ ਵਾਲੇ ਸਾਲ ਤੋਂ ਪਹਿਲਾਂ ਵਾਲੇ ਵਿੱਤੀ ਸਾਲ ਦੀ ਆਮਦਨ ਹੋਵੇਗੀ।ਖੇਤੀਬਾੜੀ ਵਾਲੀ ਜ਼ਮੀਨ ਪੰਜ ਏਕੜ ਅਤੇ 1000 ਵਰਗ ਗਜ ਤੋਂ ਉੱਪਰ ਦੇ ਰਿਹਾਇਸ਼ੀ ਫਲੈਟ ਅਤੇ ਨੋਟੀਫਾਈਡ ਮਿਉਂਸੀਪਲਟੀਆਂ ਵਿੱਚ 100 ਵਰਗ ਗਜ ਜਾਂ ਇਸ ਤੋਂ ਉੱਪਰ ਦਾ ਰਿਹਾਇਸ਼ੀ ਪਲਾਟ ਅਤੇ ਨੋਟੀਫਾਈਡ ਮਿਉਂਸੀਪਲਟੀਆਂ ਦੇ ਖੇਤਰਾਂ ਦੇ ਬਾਹਰ 200 ਵਰਗ ਗਜ ਜਾਂ ਇਸ ਤੋਂ ਉੱਪਰ ਦਾ ਪਲਾਟ ਜਿਨਾਂ ਵਿਅਕਤੀਆਂ ਦਾ ਹੋਵੇਗਾ, ਉਨਾਂ ਨੂੰ ਆਰਥਿਕ ਤੌਰ ‘ਤੇ ਪੱਛੜੇ ਵਰਗਾਂ ਵਿੱਚੋ ਬਾਹਰ ਰੱਖਿਆ ਜਾਵੇਗਾ। ਭਾਵੇਂ ਉਨਾਂ ਦੀ ਪਰਿਵਾਰਕ ਆਮਦਨ ਕੁੱਝ ਵੀ ਹੋਵੇ। ਪਰਿਵਾਰ ਦੀ ਆਮਦਨ ਅਤੇ ਸੰਪਤੀ ਸਬੰਧਤ ਦਸਤਾਵੇਜ਼ ਦੀ ਪੜਤਾਲ ਤੋਂ ਬਾਅਦ ਤਸਦੀਕ ਹੋਣੇ ਲੋੜੀਂਦੇ ਹੋਣਗੇ।

ਪੰਜਾਬ ਮੰਤਰੀ ਮੰਡਲ ਨੇ ਪੀ.ਏ.ਸੀ.ਐਸ. ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਬੇਜਮੀਨੇ ਕਿਸਾਨਾਂ ਦੇ ਵਾਸਤੇ ਕਰਜ਼ਾ ਰਾਹਤ ਸਕੀਮ ਨੂੰ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਦੇ ਨਾਲ 2.85 ਲੱਖ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਜਿਨਾਂ ਵਿੱਚ ਤਕਰੀਬਨ 70 ਫ਼ੀਸਦੀ ਦਲਿਤ ਹਨ। ਇਸ ਸਕੀਮ ਦੇ ਨਾਲ ਪੀ.ਏ.ਸੀ.ਐਸ. ਦੇ ਮੈਂਬਰ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ 520.55 ਕਰੋੜ ਰੁਪਏ ਦਾ ਲਾਭ ਹੋਵੇਗਾ। ਇਸ ਮੁਆਫੀ ਵਿੱਚ 388.55 ਕਰੋੜ ਰੁਪਏ ਦੀ ਮੂਲ ਰਾਸ਼ੀ ਹੈ। ਜਦਕਿ 31 ਮਾਰਚ, 2017 ਤੱਕ 7 ਫ਼ੀਸਦੀ ਵਿਆਜ ਦੀ ਦਰ ਨਾਲ 78 ਕਰੋੜ ਰੁਪਏ ਵਿਆਜ ਲੱਗਾ ਹੈ। ਇਸ ਤੋਂ ਇਲਾਵਾ 1 ਅਪ੍ਰੈਲ, 2017 ਤੋਂ 31 ਮਾਰਚ, 2019 ਤੱਕ 7 ਫ਼ੀਸਦੀ ਦੇ ਨਾਲ 54 ਕਰੋੜ ਰੁਪਏ ਵਿਆਜ ਦੀ ਹੋਰ ਰਾਸ਼ੀ ਹੈ।

ਇਕ ਸਰਕਾਰੀ ਬੁਲਾਰੇ ਦੇ ਅਨੁਸਾਰ ਸਿਰਫ਼ ਉਹ ਪੀ.ਏ.ਸੀ.ਐਸ. ਮੈਂਬਰ ਕਰਜ਼ਾ ਰਾਹਤ ਲਈ ਯੋਗ ਹੋਣਗੇ ਜਿਨਾਂ ਨੇ ਡੀ.ਸੀ.ਸੀ.ਬੀਜ਼ ਤੋਂ ਰਾਸ਼ੀ ਪ੍ਰਾਪਤ ਕੀਤੀ ਹੋਵੇਗੀ। 31 ਮਾਰਚ, 2017 ਤੱਕ 25 ਹਜ਼ਾਰ ਰੁਪਏ ਤੱਕ ਦੀ ਮੂਲ ਰਾਸ਼ੀ ਦਾ ਲਿਆ ਗਿਆ ਕਰਜ਼ਾ ਹੀ ਰਾਹਤ ਦੇ ਯੋਗ ਹੋਵੇਗਾ ਜਿਸ ‘ਤੇ ਸਧਾਰਨ ਵਿਆਜ ਪ੍ਰਤੀ ਸਾਲ 7 ਫ਼ੀਸਦੀ ਦਰ ਨਾਲ ਹੋਵੇਗਾ। ਉਨਾਂ ਮੈਂਬਰਾਂ ਦੇ ਵਾਸਤੇ ਕਰਜ਼ਾ ਰਾਹਤ ਯੋਗ ਨਹੀਂ ਹੋਵੇਗੀ ਜੋ ਸਰਕਾਰੀ/ਅਰਧ ਸਰਕਾਰੀ/ ਕਿਸੇ ਵੀ ਸੂਬੇ/ਕੇਂਦਰ ਸਰਕਾਰ ਦੀ ਜਨਤਕ ਸੈਕਟਰ ਅੰਡਰਟੇਕਿੰਗ ਦੇ ਮੁਲਾਜ਼ਮ/ਪੈਂਸ਼ਨਰ ਹੋਣਗੇ ਜਾਂ ਆਮਦਨ ਕਰ ਦਾ ਭੁਗਤਾਨ ਕਰਦੇ ਹੋਣਗੇ।
ਹੁਣ ਸਿਵਲ ਜੱਜ ਪੀਪੀਐਸਸੀ ਨਹੀਂ ਹਾਈ ਕੋਰਟ ਦਾ ਰਜਿਸਟਰਾਰ ਕਰੇਗਾ ਭਰਤੀ ਪੰਜਾਬ ਮੰਤਰੀ ਮੰਡਲ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਚੋਣ ਦਾ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਘੇਰੇ ਵਿੱਚੋਂ ਕੱਢਣ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਮਾਮਲੇ ਦੀ ਫੌਰੀ ਜ਼ਰੂਰਤ ਦੇ ਮੱਦੇਨਜ਼ਰ ਵਿੱਤ ਤੇ ਪ੍ਰਸੋਨਲ ਵਿਭਾਗਾਂ ਅਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਨੇ ਸਿਵਲ ਜੱਜ (ਜੂਨੀਅਰ ਡਵੀਜ਼ਨ-ਕਮ-ਜੂਡੀਸ਼ੀਅਲ ਮੈਜਿਸਟ੍ਰੇਟ) ਦੀਆਂ 75 ਅਸਾਮੀਆਂ ਦੀ ਭਰਤੀ ਪ੍ਰਕਿਰਿਆ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ ਜਨਰਲ ਨੂੰ ਦੇਣ ਦੀ ਪਹਿਲਾਂ ਹੀ ਸਹਿਮਤੀ ਦੇ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।