ਸਿੱਧੂ ਮੂਸੇਵਾਲ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਛੇ ਸ਼ੱਕੀਆਂ ਨੂੰ ਲਿਆ ਹਿਰਾਸਤ ’ਚ

gangster

ਉੱਤਰਾਖੰਡ ਦੀ ਪੁਲਿਸ ਦੀ ਮੱਦਦ ਨਾਲ ਕੀਤਾ ਕਾਬੂ

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਉੱਤਰਾਖੰਡ ਤੋਂ 6 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਲਿਆ ਹੈ। ਐਸਟੀਐਫ ਤੇ ਦੇਹਰਾਦੂਨ ਪੁਲਿਸ ਨੇ ਪੰਜਾਬ ਪੁਲਿਸ ਦੀ ਮੱਦਦ ਲਈ ਜਾਂਚ ਸ਼ੁਰੂ ਕੀਤੀ ਸੀ। ਦੇਹਰਾਦੂਨ ਪੁਲਿਸ ਵੱਲੋਂ ਜਿਸ ਦੇ ਮੱਦੇਨਜ਼ਰ ਨਾਕਾ ਲੈ ਕੇ ਆਉਣ-ਜਾਣ ਵਾਲੀਆਂ ਗੱਡੀਆਂ ਦੀ ਚੈਂਕਿੰਗ ਕੀਤੀ। ਚੈਂਕਿੰਗ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਦੋ ਗੱਡੀਆਂ ’ਚ ਸਵਾਰ ਛੇ ਵਿਅਕਤੀਆਂ ਨੂੰ ਹਿਰਾਸਤ ’ਚ ਲੈ ਲਿਆ। ਜਿਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਦਿੱਤੀ ਗਈ। ਪੰਜਾਬ ਪੁਲਿਸ ਨੇ ਇਨ੍ਹਾਂ ਸ਼ੱਕੀ ਵਿਅਕਤੀਆਂ ਨੂੰ ਆਪਣੀ ਕਸਟਡੀ ’ਚ ਲੈ ਲਿਆ ਹੈ ਤੇ ਇਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਫੜ੍ਹੇ ਗਏ ਇਹ ਵਿਅਕਤੀ ਬਿਸ਼ਨੋਈ ਗੈਂਗ ਦੇ ਦੱਸੇ ਜਾ ਰਹੇ ਹਨ। ਇਨ੍ਹਾਂ ਦੀ ਲੋਕਸ਼ਨ ਵੀ ਟਰੈਕ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਇਨ੍ਹਾਂ ਨੇ ਕਿੱਥੇ-ਕਿੱਥੇ ਫੋਨ ਕੀਤਾ ਹੈ।

ਆਲਟੋ ਕਾਰ ਖੋਹ ਕੇ ਫਰਾਰ ਹੋਏ ਸਨ ਹਮਲਾਵਰ

(ਸੱਚ ਕਹੂੰ ਨਿਊਜ਼) ਮਾਨਸਾ। ਸਿੱਧੂ ਮੂਸੇਵਾਲਾ ਦਾ ਕਤਲ ਕਰਨ ਤੋਂ ਬਾਅਦ ਜਿਸ ਕਾਰ ’ਚ ਹਮਲਾਵਰ ਫਰਾਰ ਹੋਏ ਸਨ ਉਹ ਆਲਟੋ ਕਾਰ ਮੋਗਾ ਤੋਂ ਬਰਾਮਦ ਕਰ ਲਈ ਗਈ ਹੈ। ਹਮਲਾਵਾਰ ਇਹ ਕਾਰ ਕਿਸੇ ਤੋਂ ਖੋਹ ਕੇ ਫਰਾਰ ਹੋਏ ਸਨ। ਜਿਸ ਨੂੰ ਪੁਲਿਸ ਨੇ ਮੋਗੇ ਤੋਂ ਬਰਾਮਦ ਕੀਤਾ ਹੈ। ਪੁਲਿਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਕਾਤਲਾਂ ਨੂੰ ਫੜ੍ਹਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ…

ਕਿਹਾ, ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜਲਦ ਹੀ ਸਲਾਖਾਂ ਪਿੱਛੇ ਹੋਣਗੇ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ (Sidhu Musewala Murder) ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਂਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਉਨ੍ਹਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ।

ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।

 ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ : ਮਾਨ

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਅਤੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪ੍ਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪ੍ਰਤੀਕ ਸੀ। ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ