ਪੰਜਾਬ ਵਿਧਾਨ ਸਭਾ ਵਿੱਚ ਨਾਗਰਿਕਤਾ ਸੋਧਨਾ ਐਕਟ ਖ਼ਿਲਾਫ਼ ਪ੍ਰਸਤਾਵ ਪਾਸ, ਕੇਂਦਰ ਨੂੰ ਭੇਜਿਆ ਜਾਏਗਾ ਪ੍ਰਸਤਾਵ
ਪੰਜਾਬ ਵਿੱਚ ਹਰ ਜਾਤ ਦੇ ਲੋਕਾਂ ਦੀ ਹੋਏਗੀ ਗਿਣਤੀ, ਮੁਸਲਿਮ ਨੂੰ ਵੀ ਕੀਤਾ ਜਾਏਗਾ ਸ਼ਾਮਲ
ਕੈਪਟਨ ਅਮਰਿੰਦਰ ਸਿੰਘ ਨੇ ਕਾਨੂੰਨ ਦੀ ਤੁਲਨਾ ਜਰਮਨੀ ਵਿੱਚ ਹਿਟਲਰ ਵੱਲੋਂ ਖਾਸ ਫਿਰਕੇ ਦੇ ਲੋਕਾਂ ਦੇ ਕੀਤੇ ਸਫਾਏ ਨਾਲ ਕੀਤੀ
ਜੇਕਰ ਹੁਣ ਆਵਾਜ਼ ਬੁਲੰਦ ਨਾ ਕੀਤੀ ਤਾਂ ਬਹੁਤ ਦੇਰ ਹੋ ਜਾਵੇਗੀ-ਮੁੱਖ ਮੰਤਰੀ ਵੱਲੋਂ ਵਿਰੋਧੀ ਧਿਰਾਂ ਨੂੰ ਅਪੀਲ
ਸੀ.ਏ.ਏ. ਵਿਰੁੱਧ ਸੁਪਰੀਮ ਕੋਰਟ ਜਾਵੇਗਾ ਪੰਜਾਬ, ਮਰਦਮਸ਼ੁਮਾਰੇ ਲਈ ਕੇਂਦਰ ਸਰਕਾਰ ਦੇ ਨਵੇਂ ਮਾਪਦੰਡ ਲਾਗੂ ਨਹੀਂ ਕਰਾਂਗੇ
ਚੰਡੀਗੜ, (ਅਸ਼ਵਨੀ ਚਾਵਲਾ) ਕੇਰਲ ਦੀ ਸਰਕਾਰ ਤੋਂ ਬਾਅਦ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਖ਼ਿਲਾਫ਼ ਪੰਜਾਬ ਵਿਧਾਨ ਸਭਾ ਨੇ ਮਤਾ ਪਾਸ ਕਰ ਦਿੱਤਾ ਹੈ। ਹੁਣ ਇਸ ਨਾਗਰਿਕਤਾ ਕਾਨੂੰਨ ਨੂੰ ਪੰਜਾਬ ਵਿੱਚ ਲਾਗੂ ਨਹੀਂ ਕੀਤਾ ਜਾਏਗਾ, ਇਸ ਦੇ ਸੰਕੇਤ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਵਿੱਚ ਆਪਣੇ ਭਾਸ਼ਣ ਦੌਰਾਨ ਵੀ ਦੇ ਦਿੱਤੇ । ਨਾਗਰਿਕਤਾ ਕਾਨੂੰਨ (ਸੋਧ) 2019 ਦੇ ਖ਼ਿਲਾਫ਼ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਜਾਣ ਦਾ ਵੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਇਸੇ ਸਾਲ ਮਈ ਤੋਂ ਸ਼ੁਰੂ ਹੋਣ ਵਾਲੀ ਮਰਦਮਸ਼ੁਮਾਰੀ ਵਿੱਚ ਪੰਜਾਬ ਭਾਗ ਤਾਂ ਜਰੂਰ ਲਏਗਾ ਪਰ ਇਹ ਮਰਦਮਸ਼ੁਮਾਰੀ ਪੁਰਾਣੇ ਤਰੀਕੇ ਨਾਲ ਹੀ ਕੀਤੀ ਜਾਏਗੀ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਪਾਏ ਜਾਣ ਵਾਲੇ ਨਵੇਂ ਬਿੰਦੂਆਂ ਨੂੰ ਸ਼ਾਮਲ ਨਹੀਂ ਕੀਤਾ ਜਾਏਗਾ। Supreme Court
ਪੰਜਾਬ ਵਿਧਾਨ ਸਭਾ ਵਿੱਚ ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਪ੍ਰਸਤਾਵ ਦੀ ਜਿਥੇ ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧਤਾ ਕੀਤੀ ਤਾਂ ਉਥੇ ਹੀ ਆਮ ਆਦਮੀ ਪਾਰਟੀ ਨੇ ਇਸ ਮਤੇ ਦੀ ਹਮਾਇਤ ਕਰਦੇ ਹੋਏ ਇਸ ਸੋਧ ਐਕਟ ਨੂੰ ਪੰਜਾਬ ਵਿੱਚ ਲਾਗੂ ਨਾ ਕਰਨ ਸਬੰਧੀ ਪੰਜਾਬ ਸਰਕਾਰ ਨੂੰ ਥਾਪੜਾ ਵੀ ਦਿੱਤਾ
ਪੰਜਾਬ ਵਿਧਾਨ ਸਭਾ ਵਿੱਚ ਸੰਸਦੀ ਕਾਰਜ ਮੰਤਰੀ ਬ੍ਰਹਮ ਮਹਿੰਦਰਾਂ ਵਲੋਂ ਪ੍ਰਸਤਾਵ ਪੇਸ਼ ਕੀਤਾ ਗਿਆ ਕਿ ਸੰਸਦ ਦੁਆਰਾ ਨਾਗਰਿਕਤਾ ਸੋਧਨਾ ਐਕਟ 2019 (ਸੀਏਏ) ਕਾਨੂੰਨ ਬਣਾਉਣ ਦੇ ਕਾਰਨ ਦੇਸ਼ ਭਰ ਵਿੱਚ ਵਿਆਪਕ ਤੌਰ ਤੇ ਵਿਰੋਧ ਦੇ ਨਾਲ ਨਾਲ ਦੇਸ਼ ਵਿਆਪੀ ਗੁੱਸਾ ਅਤੇ ਸਮਾਜਿਕ ਅਰਾਜਕਤਾ ਫੈਲ ਗਈ ਹੈ। ਪੰਜਾਬ ਰਾਜ ਨੇ ਵੀ ਇਸ ਕਾਨੂੰਨ ਦੇ ਵਿਰੁੱਧ ਗਵਾਹੀ ਭਰੀ ਹੈ। ਜਿਸ ਵਿੱਚ ਸਮਾਜ ਦੇ ਸਾਰੇ ਫਿਰਕਿਆਂ ਨੇ ਇਸ ਵਿਰੁੱਧ ਲਾਮਬੰਦ ਹੋ ਕੇ ਸ਼ਾਂਤਮਈ ਢੰਗ ਨਾਲ ਮੁਜ਼ਾਹਰੇ ਕੀਤੇ ਹੈ। ਸੀ.ਏ.ਏ. ਧਰਮ ਨਿਰਪੱਖਤਾ ਦੇ ਢਾਂਚੇ ਨੂੰ ਅਸਵੀਕਾਰ ਕਰਨ ਦੀ ਮੰਗ ਕਰਦਾ ਹੈ। ਜਿਸ ਉੱਤੇ ਸਾਡੇ ਭਾਰਤ ਦਾ ਸੰਵਿਧਾਨ ਅਧਾਰਿਤ ਹੈ।
ਇਤਿਹਾਸ ਤੋਂ ਕੋਈ ਸਬਕ ਨਹੀਂ ਸਿੱਖਿਆ
ਸਦਨ ਵਿੱਚ ਮਤੇ ‘ਤੇ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਤਿੱਖੇ ਤੇਵਰ ਅਪਣਾਉਂਦਿਆਂ ਆਖਿਆ ਕਿ ਸਪੱਸ਼ਟ ਤੌਰ ‘ਤੇ ਇਤਿਹਾਸ ਤੋਂ ਕੋਈ ਸਬਕ ਨਹੀਂ ਸਿੱਖਿਆ। ਉਨਾਂ ਨੇ ਕੇਂਦਰ ਸਰਕਾਰ ਨੂੰ ਕੌਮੀ ਆਬਾਦੀ ਰਜਿਸਟਰ (ਐਨ.ਪੀ.ਆਰ.) ਨਾਲ ਸਬੰਧਤ ਫਾਰਮਾਂ/ਦਸਤਾਵੇਜ਼ਾਂ ਵਿੱਚ ਢੁਕਵੀਂ ਸੋਧ ਕੀਤੇ ਜਾਣ ਤੱਕ ਇਸ ਦਾ ਕੰਮ ਰੋਕਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਹ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ ਕਿ ਇਹ ਕੌਮੀ ਨਾਗਰਿਕ ਰਜਿਸਟਰ ਦਾ ਮੁੱਢ ਹੈ ਅਤੇ ਇਕ ਵਰਗ ਨੂੰ ਭਾਰਤੀ ਨਾਗਰਿਕਤਾ ਤੋਂ ਵਿਰਵਾ ਕਰ ਦੇਣ ਅਤੇ ਸੀ.ਏ.ਏ. ਨੂੰ ਅਮਲ ਵਿੱਚ ਲਿਆਉਣ ਲਈ ਇਸ ਨੂੰ ਤਿਆਰ ਕੀਤਾ ਗਿਆ ਹੈ।
ਸਦਨ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸੀ.ਏ.ਏ. ਨੂੰ ਪੰਜਾਬ ਜਾਂ ਇਸ ਦੀ ਮੁਖਾਲਫ਼ਤ ਕਰ ਰਹੇ ਹੋਰ ਸੂਬਿਆਂ ਵਿੱਚ ਲਾਗੂ ਕੀਤਾ ਜਾਣਾ ਹੈ ਤਾਂ ਕੇਂਦਰ ਸਰਕਾਰ ਨੂੰ ਇਸ ਵਿੱਚ ਲੋੜੀਂਦੀਆਂ ਸੋਧਾਂ ਕਰਨੀਆਂ ਹੋਣਗੀਆਂ। ਉਨਾਂ ਕਿਹਾ ਕਿ ਕੇਰਲਾ ਵਾਂਗ ਉਨਾਂ ਦੀ ਸਰਕਾਰ ਵੀ ਇਸ ਮੁੱਦੇ ‘ਤੇ ਸੁਪਰੀਮ ਕੋਰਟ ਵੱਲ ਰੁਖ ਕਰੇਗੀ।
ਇਸ ਤੋਂ ਪਹਿਲਾਂ ਸਦਨ ਵਿੱਚ ਮੁੱਖ ਮੰਤਰੀ ਨੇ ਇਸ ਫੁੱਟਪਾਊ ਐਕਟ ਨੂੰ ਦੁਖਾਂਤ ਦੱਸਿਆ ਅਤੇ ਆਖਿਆ ਕਿ ਇਹ ਉਨਾਂ ਦੀ ਬਦਕਿਸਮਤੀ ਹੈ ਕਿ ਆਪਣੇ ਜੀਵਨ ਵਿੱਚ ਅਜਿਹਾ ਦੇਖਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਦੁੱਖ ਜ਼ਾਹਰ ਕਰਦਿਆਂ ਕਿਹਾ,”ਸਾਲ 1930 ਵਿੱਚ ਜੋ ਕੁਝ ਹਿਟਲਰ ਦੀ ਅਗਵਾਈ ਵਿੱਚ ਜਰਮਨੀ ਵਿੱਚ ਵਾਪਰਿਆ ਸੀ, ਉਹੀ ਕੁਝ ਹੁਣ ਭਾਰਤ ਵਿੱਚ ਵਾਪਰ ਰਿਹਾ ਹੈ।” ਉਨਾਂ ਨੇ ਵਿਰੋਧੀ ਧਿਰਾਂ ਖਾਸ ਕਰਕੇ ਅਕਾਲੀਆਂ ਨੂੰ ਅਡੋਲਫ ਹਿਟਲਰ ਦੀ ‘ਮੇਨ ਕੈਂਫ’ ਨੂੰ ਪੜਨ ਦੀ ਅਪੀਲ ਕੀਤੀ ਤਾਂ ਕਿ ਸੀ.ਏ.ਏ. ਦੇ ਖਤਰਿਆਂ ਨੂੰ ਸਮੱਝਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਕਿਤਾਬ ਦਾ ਉਲੱਥਾ ਕਰਵਾ ਕੇ ਵੰਡਣਗੇ ਤਾਂ ਕਿ ਉਹ ਸਾਰੇ ਹਿਟਲਰ ਵੱਲੋਂ ਕੀਤੀਆਂ ਇਤਿਹਾਸਕ ਭੁੱਲਾਂ ਬਾਰੇ ਜਾਣ ਸਕਣ।
ਮੁੱਖ ਮੰਤਰੀ ਨੇ ਕਿਹਾ, ਆਸਾਮ ਵਿੱਚ ਗੈਰ ਕਾਨੂੰਨੀ ਐਲਾਨੇ 18 ਲੱਖ ਲੋਕ ਕਿੱਥੇ ਜਾਣਗੇ ਜੇ ਉਨਾਂ ਨੂੰ ਕਿਸੇ ਹੋਰ ਮੁਲਕ ਨੇ ਪਨਾਹ ਦੇਣ ਤੋਂ ਨਾਂਹ ਕਰ ਦਿੱਤੀ?
ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਧਰਮਾਂ ਦੇ ਲੋਕ ਇਸ ਦੇਸ਼ ਵਿੱਚ ਸਾਲਾਂ ਤੋਂ ਇਕਜੁੱਟ ਹੋ ਕੇ ਰਹਿ ਰਹੇ ਹਨ ਅਤੇ ਮੁਸਲਮਾਨਾਂ ਨੇ ਇਸ ਦੇਸ਼ ਲਈ ਆਪਣਾ ਜਾਨਾਂ ਵਾਰੀਆਂ ਹਨ। ਉਨਾਂ ਨੇ ਹੋਰਨਾਂ ਸਣੇ ਭਾਰਤੀ ਫੌਜ ਦੇ ਸਿਪਾਹੀ ਅਬਦੁਲ ਹਮੀਦ ਦੀ ਮਿਸਾਲ ਦਿੱਤੀ ਜਿਸ ਨੂੰ 1965 ਵਿੱਚ ਭਾਰਤ-ਪਾਕਿਸਤਾਨ ਜੰਗ ਵਿੱਚ ਦਿਖਾਈ ਬਹਾਦਰੀ ਬਦਲੇ ਮਰਨ ਉਪਰੰਤ ਪਰਮ ਵੀਰ ਚੱਕਰ ਨਾਲ ਸਨਮਾਨਿਆ ਗਿਆ। ਉਨਾਂ ਕਿਹਾ ਕਿ ਅੰਡੇਮਾਨ ਦੀ ਸੈਲੂਲਰ ਜੇਲ ਵਿੱਚ ਮੁਸਲਮਾਨਾਂ ਦੀ ਵੱਡੀ ਗਿਣਤੀ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਮੁਸਲਮਾਨਾਂ ਨੂੰ ਕਿਉਂ ਬਾਹਰ ਰੱਖਿਆ ਗਿਆ?” ਕੇਂਦਰ ਨੇ ਸੀ.ਏ.ਏ. ਵਿੱਚੋਂ ਯਹੂਦੀਆਂ ਨੂੰ ਕਿਉਂ ਨਹੀਂ ਸ਼ਾਮਲ ਕੀਤਾ? ਉਨਾਂ ਕਿਹਾ ਕਿ ਭਾਰਤ ਵਿੱਚ ਜਨਰਲ ਜੈਕਬ ਵਜੋਂ ਇਕ ਯਹੂਦੀ ਰਾਜਪਾਲ ਰਹੇ ਹਨ ਜਿਨਾਂ ਨੇ ਦੇਸ਼ ਲਈ 1971 ਦੀ ਜੰਗ ਲੜੀ। ਉਨਾਂ ਅਕਾਲੀਆਂ ਨੂੰ ਕਿਹਾ ਕਿ ਕੀ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਭੁੱਲ ਗਏ? ਉਨਾਂ ਕਿਹਾ, ”ਤੁਹਾਨੂੰ ਸ਼ਰਮ ਆਉਣੀ ਚਾਹੀਦੀ ਹੈ ਅਤੇ ਤੁਸੀਂ ਇਕ ਦਿਨ ਪਛਤਾਓਗੇ। ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਬੋਲੀ ਬੋਲਦਿਆਂ ਉਨਾਂ ਨੂੰ ਵੀ ਬੁਰਾ ਮਹਿਸੂਸ ਹੋ ਰਿਹਾ ਹੈ ਪਰ ਹਾਲਾਤ ਹੀ ਅਜਿਹੇ ਬਣ ਗਏ ਕਿ ਇਹ ਕਹਿਣਾ ਜ਼ਰੂਰੀ ਹੋ ਗਿਆ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।