ਪੰਜਾਬ ਰੋਡਵੇਜ, ਪਨਬੱਸ ਤੇ ਪੀਆਰਟੀਸੀ ਯੂਨੀਅਨ ਵੱਲੋਂ ਅਣਮਿਥੇ ਸਮੇਂ ਲਈ ਹੜਤਾਲ ਅੱਜ ਤੋਂ
(ਜਸਵੀਰ ਸਿੰਘ ਗਹਿਲ) ਬਰਨਾਲਾ। ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਅਤੇ ਆਪਣੀਆਂ ਹੱਕੀ ਮੰਗਾਂ ਲਈ ਪੰਜਾਬ ਰੋਡਵੇਜ, ਪਨਬੱਸ ਅਤੇ ਪੀ ਆਰ ਟੀ ਸੀ ਕੱਚੇ ਮੁਲਾਜ਼ਮ ਯੂਨੀਅਨ ਦੀ ਇੱਕ ਮੀਟਿੰਗ ਟੂਲ ਪਲਾਜ਼ਾ ਬਡਬਰ ਵਿਖੇ ਹੋਈ। ਜਿੱਥੇ ਮੁਲਾਜ਼ਮਾਂ ਦੇ ਸੰਘਰਸ਼ ਨੂੰ ਕਈ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਸਮਰਥਨ ਦੇਣ ਦਾ ਭਰੋਸਾ ਦਿੱਤਾ ਗਿਆ।
ਇਸ ਮੌਕੇ ਡਿੱਪੂ ਪ੍ਰਧਾਨ ਨਿਰਪਾਲ ਸਿੰਘ ਪੱਪੂ ਨੇ ਦੱਸਿਆ ਕਿ ਸਰਕਾਰ ਵੱਲੋਂ ਸਰਕਾਰੀ ਬੱਸਾਂ ਨੂੰ ਬੰਦ ਕਰਨ ਦੀ ਕੀਤੀ ਜਾ ਰਹੀ ਸਾਜਿਸ਼ ਸਮੇਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ, ਸਰਕਾਰੀ ਬੱਸਾਂ ਦੀ ਗਿਣਤੀ ਵਧਾ ਕੇ ਬੇਰੁਜਗਾਰਾਂ ਨੂੰ ਨੌਕਰੀਆਂ ਦੇਣ, ਬਰਾਬਰ ਕੰਮ- ਬਰਾਬਰ ਤਨਖਾਹ ਦੇ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਆਦਿ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪਰ ਸਰਕਾਰ ਵਾਰ ਵਾਰ ਮੀਟਿੰਗਾਂ ਕਰਕੇ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਇ ਉਨ੍ਹਾਂ ਨੂੰ ਖੱਜ਼ਲ-ਖੁਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਟਾਲ- ਮਟੋਲ ਦੀ ਨੀਤੀ ਅਤੇ ਟਰਾਸਪੋਰਟ ਮੰਤਰੀ ਦੇ ਵਾਅਦਿਆਂ ਤੋਂ ਅੱਕੇ ਕੱਚੇ ਮੁਲਾਜ਼ਮਾਂ ਵੱਲੋਂ 6 ਸਤੰਬਰ ਤੋਂ ਅਣਮਿਥੇ ਸਮੇਂ ਲਈ ਹੜਤਾਲ ਕਰਦਿਆਂ ਬੱਸਾਂ ਬੰਦ ਕਰਕੇ ਸਰਕਾਰ ਖਿਲਾਫ ਸੰਘਰਸ਼ ਕੀਤਾ ਜਾਵੇਗਾ।
ਇਸੇ ਲੜੀ ਤਹਿਤ ਹੀ 7 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ ਅੱਗੇ ਪੱਕਾ ਮੋਰਚਾ ਲਗਾਉਣ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਪਹਿਲੇ ਦਿਨ ਵੱਡੇ ਇਕੱਠ ਦੇ ਰੂਪ ’ਚ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਜਥੇਬੰਦੀ ਦੇ ਪ੍ਰਧਾਨ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਸੰਘਰਸ਼ ਨੂੰ ਵੱਖ ਵੱਖ ਭਰਾਤਰੀ ਜਥੇਬੰਦੀਆਂ ਦੇ ਨੁਮਾਇੰਦੀਆਂ ਨੇ ਹਮਾਇਤ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਜਦੋਂ ਤੱਕ ਸਰਕਾਰ ਪਨਬੱਸ ਅਤੇ ਪੀ ਆਰ ਟੀ ਸੀ ਕੱਚੇ ਮੁਲਾਜਮਾਂ ਨੂੰ ਪੱਕਾ ਕਰਕੇ ਇੰਨ੍ਹਾਂ ਦੀ ਬਾਕੀ ਮੰਗਾਂ ਨਹੀ ਮੰਨਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਹਾਜਰੀਨ ਆਗੂਆਂ ਇਸ ਮੌਕੇ ਖੇਤੀ ਕਾਨੂੰਨ ਵੀ ਰੱਦ ਕਰਨ ਦੀ ਮੰਗ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ