ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈੱਡਰੇਸ਼ਨ ਵੱਲੋਂ ਲੁਧਿਆਣਾ ਵਿਖੇ ਮੀਟਿੰਗ 12 ਨਵੰਬਰ ਨੂੰ

ਸੰਘਰਸ਼ ਦੇ ਮਹੱਤਵਪੂਰਨ ਫ਼ੈਸਲੇ ਕਰਨ ਦਾ ਐਲਾਨ (Punjab Subordinate Services Federation )

  • ਪੰਜਾਬ ਸਰਕਾਰ ਤੇ ਵਾਅਦਾ ਖਿਲਾਫ਼ੀਆਂ ਕਰਨ ਦਾ ਲਾਇਆ ਦੋਸ਼

ਕੋਟਕਪੂਰਾ, ਅਜੈ ਮਨਚੰਦਾ/ਸੁਭਾਸ਼ ਸ਼ਰਮਾ)। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਮੁਲਾਜ਼ਮਾਂ ਨਾਲ ਇਕਰਾਰਨਾਮਾ ਪ੍ਰਕਾਸ਼ਿਤ ਕਰਕੇ ਵੰਡਿਆ ਗਿਆ ਸੀ । ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਗਏ ਇਸ ਇਕਰਾਰਨਾਮੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਰਾਜ ਭਾਗ ਦੇ 7 ਮਹੀਨਿਆਂ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਜਾਂ ਕਿਸੇ ਵੀ ਹੋਰ ਮੁਲਾਜ਼ਮ ਜੱਥੇਬੰਦੀ ਨਾਲ ਅਜੇ ਤੱਕ ਇੱਕ ਵੀ ਮੀਟਿੰਗ ਕਰਨਾ ਮੁਨਾਸਿਬ ਨਹੀਂ ਸਮਝਿਆ ਗਿਆ । (Punjab Subordinate Services Federation)

ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ ਦਿਨੋ-ਦਿਨ ਵਿਆਪਕ ਰੋਸ ਵਧਦਾ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ ਸੂਬਾ ਕਾਰਜਕਾਰਨੀ ਕਮੇਟੀ, ਏਟਕ ਅਤੇ ਪ.ਸ.ਸ.ਫ. ਨਾਲ ਸਬੰਧਤ ਸਾਰੀਆਂ ਜੱਥੇਬੰਦੀਆਂ ਦੇ ਆਗੂਆਂ ਦੀ ਇੱਕ ਬਹੁਤ ਜ਼ਰੂਰੀ ਮੀਟਿੰਗ 12 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸਵੇਰੇ ਠੀਕ 11 ਵਜੇ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਦੇ ਸੂਬਾਈ ਸਰਪ੍ਰਸਤ ਚਰਨ ਸਿੰਘ ਸਰਾਭਾ , ਚੇਅਰਮੈਨ ਰਣਬੀਰ ਸਿੰਘ ਢਿੱਲੋਂ ,ਵਰਕਿੰਗ ਚੇਅਰਮੈਨ ਦਰਸ਼ਨ ਸਿੰਘ ਲੁਬਾਣਾ , ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ , ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਮੰਗਵਾਲ , ਗੁਰਜੀਤ ਸਿੰਘ ਘੋੜੇਵਾਹ ਤੇ ਗੁਰਮੇਲ ਸਿੰਘ ਮੈਲਡੇ , ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ , ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਤੇ ਕਰਤਾਰ ਸਿੰਘ ਪਾਲ, ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ ਤੇ ਪ੍ਰਭਜੀਤ ਸਿੰਘ ਉੱਪਲ ਨੇ ਕਿਹਾ ਕਿ ਪੰਜਾਬ ਸਰਕਾਰ ਪਿਛਲੇ ਕਾਫ਼ੀ ਸਾਲਾਂ ਤੋਂ ਕੰਮ ਕਰ ਰਹੇ ਕੱਚੇ ਤੇ ਠੇਕਾ ਆਧਾਰਤ ਕਾਮਿਆਂ ਨੂੰ ਰੈਗੂਲਰ ਕਰਨ ਦੇ ਹੁਕਮ ਜਾਰੀ ਕਰਨ ਵਿੱਚ ਅਜੇ ਤਕ ਸਫ਼ਲ ਨਹੀੰ ਹੋ ਸਕੀ।

ਸਰਕਾਰ ਤੁਰੰਤ ਮੰਗਾਂ ਨੂੰ ਪੂਰਾ ਕਰੇ

ਵੱਖ ਵੱਖ ਵਿਭਾਗਾਂ ਵਿੱਚ ਕੀਤੀਆਂ ਜਾ ਰਹੀਆਂ ਭਰਤੀਆਂ ਪਿਛਲੀਆਂ ਅਕਾਲੀ- ਭਾਜਪਾ ਤੇ ਕਾਂਗਰਸ ਸਰਕਾਰਾਂ ਵਾਂਗ ਉੱਕਾ ਪੁੱਕਾ ਤਨਖਾਹ ’ਤੇ ਕੀਤੀਆਂ ਜਾ ਰਹੀਆਂ ਹਨ, ਆਊਟਸੋਰਸਿੰਗ ਅਧੀਨ ਕੰਮ ਕਰਦੇ ਮੁਲਾਜ਼ਮਾਂ ਦੀਆਂ ਉਜਰਤਾਂ ਵਿੱਚ ਕੀਤਾ ਗਿਆ ਵਾਧਾ ਨਾ ਮਾਤਰ ਹੈ ਇਸ ਵਾਧੇ ਕਾਰਨ ਕਰਮਚਾਰੀਆਂ ਨੂੰ ਖੁਸ਼ੀ ਘੱਟ ਅਤੇ ਨਿਰਾਸ਼ਾ ਵੱਧ ਪੱਲੇ ਪਈ ਹੈ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਅੱਧ ਵਿਚਾਲੇ ਹੀ ਲਟਕ ਰਿਹਾ ਹੈ, ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲਣ ਵਾਲਾ ਮਹਿੰਗਾਈ ਭੱਤਾ ਅਸਿੱਧੇ ਢੰਗ ਨਾਲ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪਿਛਲੀਆਂ ਹੁਕਮਰਾਨ ਸਰਕਾਰਾਂ ਵਾਂਗ ਡੀ ਲਿੰਕ ਕਰਨ ਦਾ ਕੋਝਾ ਯਤਨ ਕੀਤਾ ਜਾ ਰਿਹਾ ਹੈ ।

ਆਗੂਆਂ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ਦੌਰਾਨ ਪ.ਸ.ਸ.ਫ. ਵੱਲੋਂ 17 ਦਸੰਬਰ ਨੂੰ ਮੁੱਖ ਮੰਤਰੀ ਪੰਜਾਬ ਦੇ ਸ਼ਹਿਰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਸੂਬਾ ਪੱਧਰ ਦੀ ਰੈਲੀ ਦੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਤੇ ਆਉਣ ਵਾਲੇ ਸਮੇਂ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਜੱਥੇਬੰਦਕ ਤਾਕਤ ਨੂੰ ਹੋਰ ਮਜ਼ਬੂਤ ਕਰਨ ਅਤੇ ਕੀਤੇ ਜਾਣ ਵਾਲੇ ਸੰਘਰਸ਼ਾਂ ਸਬੰਧੀ ਫੈਸਲੇ ਲਏ ਜਾਣਗੇ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ