31 ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਮੁਕੰਮਲ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਹੁੰਗਾਰੇ ਨੂੰ ਸੂਬੇ ਦੇ ਲੋਕਾਂ ਵੱਲੋਂ ਵੱਡਾ ਹੁੰਗਾਰਾ ਦਿੱਤਾ ਜਾ ਰਿਹਾ ਹੈ। ਸੂਬੇ ਅੰਦਰ ਕਾਰੋਬਾਰ ਕਰਨ ਵਾਲੇ ਹਰ ਵਰਗ ਵੱਲੋਂ ਪੰਜਾਬ ਬੰਦ ਦੀ ਸਪੋਟ ਕੀਤੀ ਜਾ ਰਹੀ ਹੈ। ਜਥੇਬੰਦੀਆਂ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਖੇਤੀ ਬਿੱਲਾਂ ਦੇ ਵਿਰੋਧ ‘ਚ ਪੰਜਾਬ ਦੇ ਇਕੱਠੇ ਹੋਏ ਹਰ ਵਰਗ ਦਾ ਰੋਸ ਕੇਂਦਰ ਸਰਕਾਰ ਦੀ ਨੀਂਦ ਉਡਾਵੇਗਾ।
ਪੰਜਾਬ ਅੰਦਰ ਸਾਰੇ ਸੂਬੇ ਵਿੱਚੋਂ ਇਕੱਠੀ ਕੀਤੀ ਰਿਪੋਰਟ ਮੁਤਾਬਿਕ ਪੰਜਾਬ ਦੀਆਂ ਸਾਰੀਆਂ ਹੀ ਜਥੇਬੰਦੀਆਂ, ਭਾਵੇਂ ਉਹ ਦੁੱਧ ਧੰਦੇ ਨਾਲ ਸਬੰਧਤ ਨੇ, ਭਾਵੇਂ ਵਪਾਰੀ ਵਰਗ ਹੋਵੇ, ਪੱਲੇਦਾਰ ਜਾਂ ਮੰਡੀ ਮੁਲਾਜਮ, ਦੁਕਾਨਦਾਰ ਜਾਂ ਟਰਾਂਸਪੋਰਟਰ ਜਿਵੇਂ ਕਿ ਟੈਂਪੂਆਂ, ਮਿੰਨੀ ਬੱਸਾਂ ਅਤੇ ਬੱਸਾਂ ਅਤੇ ਟਰੱਕਾਂ ਵਾਲਿਆਂ ਦੀਆਂ ਯੂਨੀਅਨਾਂ, ਮੁਲਾਜ਼ਮਾਂ ਜਥੇਬੰਦੀਆਂ, ਨੌਜਵਾਨਾਂ, ਵਿਦਿਆਰਥੀ ਅਤੇ ਮਜ਼ਦੂਰਾਂ ਦੀਆਂ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਸਾਰਿਆਂ ਨੇ ਹੀ ਬੰਦ ਵਿੱਚ ਹਿੱਸਾ ਲੈਣ ਅਤੇ ਬੰਦ ਨੂੰ ਕਾਮਯਾਬ ਕਰਨ ਦਾ ਸੱਦਾ ਦਿੱਤਾ ਹੈ। 31 ਜਥੇਬੰਦੀਆਂ ਦੇ ਨੁੰਮਾਇੰਦੇ ਡਾ. ਦਰਸ਼ਨਪਾਲ ਨੇ ਦੱਸਿਆ ਕਿ ਅਜਿਹਾ ਪਹਿਲੀ ਵਾਰ ਹੈ, ਜਦੋਂ ਆਪ ਮੁਹਾਰੇ ਲੋਕ ਬੰਦ ਦਾ ਸਮਰੱਥਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੰਦ ਸਵੇਰੇ ਦਿਨ ਚੜ੍ਹਦੇ ਤੋਂ ਸ਼ੁਰੂ ਹੋਕੇ ਸ਼ਾਮ 4.00 ਵਜੇ ਤੱਕ ਰਹੇਗਾ।
ਕੇਵਲ ਭਾਰਤੀ ਜਨਤਾ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਸਿਆਸੀ ਦਲਾਂ ਨੇ ਵੀ ਪੰਜਾਬ ਬੰਦ ਵਿੱਚ ਸ਼ਾਮਲ ਹੋਣ ਅਤੇ ਕਾਮਯਾਬ ਕਰਨ ਦਾ ਸੱਦਾ ਦਿੱਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਰੇ ਪੰਜਾਬ ਵਿੱਚ ਵੱਖ ਵੱਖ ਸ਼ਹਿਰਾਂ, ਕਸਬਿਆਂ ਅਤੇ ਮੰਡੀਆਂ ਵਿੱਚ ਮੋਟਰਸਾਈਕਲਾਂ ‘ਤੇ ਝੰਡੇ ਲਾ ਕੇ, ਨਾਅਰੇ ਮਾਰਦੇ ਹੋਏ ਕਿਸਾਨ ਜਥੇਬੰਦੀਆਂ ਨੇ ਬਾਜ਼ਾਰਾਂ ਅਤੇ ਦੁਕਾਨਾਂ ਨੂੰ ਬੰਦ ਕਰਨ ਦਾ ਸੱਦਾ ਦਿੰਦੇ ਹੋਏ ਵਿਖਾਵੇ ਕੀਤੇ। ਉਨ੍ਹਾਂ ਦੱਸਿਆ ਕਿ ਇਹ ਬੰਦ 22 ਜ਼ਿਲ੍ਹਿਆਂ ਦੇ ਅੰਦਰ ਜੇਕਰ ਔਸਤਨ ਪੰਜ ਨਾਕੇ ਪ੍ਰਤੀ ਜ਼ਿਲ੍ਹੇ ਮੁਤਾਬਿਕ 100 ਤੋਂ 125 ਥਾਵਾਂ ਉੱਤੇ ਰੇਲਾਂ ਅਤੇ ਸੜਕਾਂ ‘ਤੇ ਆਵਾਜਾਈ ਠੱਪ ਕੀਤੀ ਜਾਵੇਗੀ ਅਤੇ ਜਾਮ ਲਾਏ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਵਾਪਰ ਰਿਹਾ ਹੈ ਕਿ ਦੇਸ਼ ਅਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇਸ਼ ਅਤੇ ਪੰਜਾਬ ਵਿੱਚ ਇੱਕ ਅਜਿਹਾ ਮਾਹੌਲ ਸਿਰਜ ਰਹੀਆਂ ਹਨ
ਜਿਸ ਨਾਲ ਵੱਖੋ ਵੱਖ ਪਾਰਟੀਆਂ ਦੀਆਂ ਸਰਕਾਰਾਂ ਲਈ ਸਿਰਦਰਦੀਆਂ ਖੜ੍ਹੀਆਂ ਹੋ ਚੁੱਕੀਆਂ ਹਨ ਅਤੇ ਪੰਜਾਬ ਦੇ ਕਿਸਾਨ ਅਤੇ ਲੋਕ ਇਸ ਵਿੱਚ ਮੋਹਰੀ ਭੂਮਿਕਾ ਨਿਭਾ ਰਹੇ ਹਨ। ਉਹਨਾਂ ਪੰਜਾਬ ਦੀਆਂ 31 ਜਥੇਬੰਦੀਆਂ ਵੱਲੋਂ ਪੰਜਾਬ ਦੇ ਸਮੂਹ ਲੋਕਾਂ ਖ਼ਾਸ ਕਰਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਸ ਸੰਘਰਸ਼ ਵਿੱਚ ਪੰਜਾਬ ਬੰਦ ਦੇ ਸੱਦੇ ਨੂੰ ਅਤੇ ਬੀਜੇਪੀ ਦੇ ਆਗੂਆਂ ਦੇ ਬਾਈਕਾਟ ਦੇ ਸੱਦੇ ਨੂੰ ਪੁਰ ਅਮਨ ਤਰੀਕੇ ਨਾਲ ਲਾਗੂ ਕਰਨ ਕਿਉਂਕਿ ਹੋ ਸਕਦਾ ਹੈ ਕਿ ਕਿਸਾਨ, ਪੰਜਾਬ ਅਤੇ ਲੋਕ ਵਿਰੋਧੀ ਸ਼ਕਤੀਆਂ ਸਾਡੇ ਇਸ ਸੰਘਰਸ਼ ਦੀ ਪਿੱਠ ਵਿੱਚ ਛੁਰਾ ਖੋਭਣ ਲਈ ਸ਼ਰਾਰਤੀ ਅਨਸਰਾਂ ਨੂੰ ਭੜਕਾਊ ਅਤੇ ਗਲਤ ਹਰਕਤ ਕਰਨ ਲਈ ਕਹਿਣ ਇਸ ਲਈ ਉਨ੍ਹਾਂ ਨੇ ਅਜਿਹੇ ਅਨਸਰਾਂ ਤੋਂ ਸੁਚੇਤ ਰਹਿਣ ਦਾ ਵੀ ਸੱਦਾ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.