ਸਾਡੇ ਨਾਲ ਸ਼ਾਮਲ

Follow us

10.1 C
Chandigarh
Friday, January 23, 2026
More
    Home Breaking News ਅੱਜ ਤੋਂ ਸ਼ੁਰੂ ...

    ਅੱਜ ਤੋਂ ਸ਼ੁਰੂ ਹੋਏਗੀ ਪੰਜਾਬ ‘ਚ ਝੋਨੇ ਦੀ ਖ਼ਰੀਦ, ਕੇਂਦਰ ਸਰਕਾਰ ਦੇ ਆਦੇਸ਼ ਤੋਂ ਬਾਅਦ ਪੰਜਾਬ ਨੇ ਲਿਆ ਫੈਸਲਾ

    ਪੰਜਾਬ ਸਰਕਾਰ ਨੇ ਸੂਬੇ ਵਿਚ 4035 ਸਥਾਨਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ

    ਖ਼ਰੀਦ ਕੇਂਦਰ ਵਿਖੇ ਕਿਸਾਨਾਂ ਅਤੇ ਮਜ਼ਦੂਰਾਂ ਲਈ ਕੀਤੇ ਗਏ ਢੁਕਵੇਂ ਪ੍ਰਬੰਧ

    ਚੰਡੀਗੜ, (ਅਸ਼ਵਨੀ ਚਾਵਲਾ)। ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਫ਼ਸਲ ਦੀ ਦੀ ਖ਼ਰੀਦ ਪੰਜਾਬ ਸਰਕਾਰ 27 ਸਤੰਬਰ ਤੋਂ ਹੀ ਸ਼ੁਰੂ ਕਰਨ ਜਾ ਰਹੀ ਹੈ। ਪਹਿਲਾਂ ਪੰਜਾਬ ਸਰਕਾਰ ਵਲੋਂ ਖਰੀਦ 1 ਅਕਤੂਬਰ ਤੋਂ ਕੀਤੀ ਜਾਣੀ ਸੀ ਪਰ ਕੇਂਦਰ ਸਰਕਾਰ ਦੇ ਆਦੇਸ਼ ਆਉਣ ਤੋਂ ਬਾਅਦ ਹੀ ਤੁਰੰਤ ਖਰੀਦ ਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

    ਪੰਜਾਬ ਸਰਕਾਰ ਵੱਲੋਂ ਕੋਵਿਡ 19 ਦੇ ਫੈਲਾਅ ਨੂੰ ਰੋਕਣ ਅਤੇ ਕਿਸਾਨਾਂ, ਮਜ਼ਦੂਰਾਂ, ਪੱਲੇਦਾਰਾ,  ਆੜਤੀਆਂ, ਢੋਅ-ਢੁਆਈ ਵਿਚ ਸ਼ਾਮਿਲ ਲੋਕਾਂ ਅਤੇ ਖ਼ਰੀਦ ਕਾਰਜ ਵਿੱਚ ਲੱਗੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਬਚਾਅ ਲਈ ਸੂਬੇ ਭਰ ਵਿਚ 4035 ਥਾਵਾਂ ਨੂੰ ਖਰੀਦ ਕੇਂਦਰ ਵਜੋਂ ਨੋਟੀਫਾਈ ਕੀਤਾ ਗਿਆ ਹੈ। ਇਨਾਂ ਵਿਚੋਂ 1871 ਸਰਕਾਰੀ ਮੰਡੀਆਂ ਹਨ ਜਦ ਕਿ 2164 ਜਨਤਕ ਥਾਵਾਂ ਤੇ ਮਿੱਲਾਂ ਦੀਆਂ ਥਾਵਾਂ ਹਨ। ਕੋਵਿਡ 19 ਤੋਂ ਬਚਾਅ ਲਈ ਕੀਤੇ ਗਏ ਪ੍ਰਬੰਧਾਂ ਵਿਚ ਕਣਕ ਦੀ ਖਰੀਦ ਦੌਰਾਨ ਕੀਤੇ ਗਏ ਜ਼ਿਆਦਾਤਰ ਪ੍ਰਬੰਧਾਂ ਨੂੰ ਰੂ-ਬ-ਰੂ ਲਾਗੂ ਕੀਤਾ ਗਿਆ ਹੈ ਤਾਂ ਜੋ ਸਮਾਜਿਕ ਵਿੱਥ ਸਬੰਧੀ ਜੋ ਆਦੇਸ਼ ਸੂਬੇ ਦੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਹਨ ਉਨਾਂ ਨੂੰ ਪੂਰੀ ਤਰਾਂ ਲਾਗੂ ਕੀਤਾ ਜਾ ਸਕੇ।

    Farmer

    ਖ਼ਰੀਦ ਪ੍ਰਕਿਰਿਆ ਵਿਚ ਸ਼ਾਮਿਲ ਸਾਰੇ ਵਿਅਕਤੀਆ ਨੂੰ ਸੈਨੇਟਾਈਜੇਸ਼ਨ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਹੱਥਾਂ ਨੂੰ ਸੈਨੇਟਾਈਜ ਕਰਨ ਲਈ ਸਾਬਣ, ਪਾਣੀ ਅਤੇ 70 ਫੀਸਦੀ  ਅਲਕੋਹਲ ਵਾਲੇ ਹੈਂਡ ਸੈਨੇਟਾਈਜਰ ਦਾ ਵੀ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ। ਇਹ ਖਰੀਦ ਪ੍ਰਕਿਰਿਆ 30 ਨਵੰਬਰ 2020 ਤੱਕ ਜਾਰੀ ਰਹੇਗੀ ਅਤੇ ਖਰੀਦ ਤੋਂ 48 ਘੰਟਿਆਂ ਵਿੱਚ ਜਿਣਸ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਇਸ ਵਾਰ ਵੀ ਰੱਬੀ ਸੀਜ਼ਨ ਵਾਂਗ ਪੰਜਾਬ ਮੰਡੀ ਬੋਰਡ ਵੱਲੋਂ ਆੜਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾਣਗੇ ਜਿਨਾਂ ਦਾ ਰੰਗ ਹਰੇਕ ਦਿਨ ਬਦਲਵਾਂ ਹੋਵੇਗਾ । ਪੰਜਾਬ ਸਰਕਾਰ ਵਲੋਂ ਖਰੀਦ ਕੇਂਦਰਾਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਲਈ ਪੀਣ ਵਾਲੇ ਪਾਣੀ, ਲਾਈਟ, ਛਾਂਦਾਰ ਬੈਠਣ ਵਾਲੀ ਜਗਾ ਅਤੇ ਸਾਫ਼ ਸੁਥਰੇ ਪਖਾਨਿਆਂ ਦਾ ਵੀ ਪ੍ਰਬੰਧ ਕਰਨ ਦੇ ਹੁਕਮ ਦਿੱਤੇ ਗਏ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.