ਪੰਜਾਬ ਵਿਧਾਨ ਸਭਾ ’ਚ ਲੱਗਣਗੇ ਸ਼ਹੀਦ ਭਗਤ ਸਿੰਘ ਅਤੇ ਡਾ. ਅੰਬੇਡਕਰ ਦੇ ਬੁੱਤ, ਭਗਵੰਤ ਮਾਨ ਨੇ ਪੇਸ਼ ਕੀਤਾ ਮਤਾ

Maan

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ 23 ਮਾਰਚ ਨੂੰ ਛੁੱਟੀ ਦਾ ਐਲਾਨ

(ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਵਿਧਾਨ ਸਭਾ (Punjab Vidhan Sabha) ਵਿੱਚ ਜਲਦ ਹੀ ਸ਼ਹੀਦੇ-ਏ-ਆਜਮ ਭਗਤ ਸਿੰਘ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲਗਾਏ ਜਾਣਗੇ। ਇਸ ਸਬੰਧੀ ਪੰਜਾਬ ਵਿਧਾਨ ਸਭਾ ਨੇ ਅੱਜ ਸਦਨ ਦੇ ਆਗੂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦੇ ਕੰਪਲੈਕਸ ਵਿੱਚ ਸ਼ਹੀਦ-ਏ-ਆਜਮ ਭਗਤ ਸਿੰਘ ਅਤੇ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਲਗਾਉਣ ਲਈ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਸਾਰੀ ਪਾਰਟੀਆਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

(Punjab Vidhan Sabha) ਸਦਨ ਵਿੱਚ ਭਗਵੰਤ ਮਾਨ ਨੇ ਕਿਹਾ, “ਇੱਕ ਕਰਜ਼ਦਾਰ ਕੌਮ ਵਜੋਂ ਅਸੀਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲ ਸਕਦੇ ਜਿਨਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸੇ ਤਰ੍ਹਾਂ, ਡਾ. ਬੀ.ਆਰ. ਅੰਬੇਡਕਰ ਨੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਦੇ ਤੌਰ ‘ਤੇ ਆਜ਼ਾਦੀ ਤੋਂ ਪਹਿਲਾਂ ਅਤੇ ਬਾਅਦ ਦੇ ਯੁੱਗ ਵਿੱਚ ਦੇਸ਼ ਦੀ ਕਿਸਮਤ ਨੂੰ ਘੜਿਆ।

ਇਨਾਂ ਮਹਾਨ ਆਗੂਆਂ ਨੂੰ ਸਾਡੇ ਸਾਰਿਆਂ ਲਈ ਦੇਸ਼ ਦਾ ਰੋਲ ਮਾਡਲ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਨਾਂ ਮਹਾਨ ਆਗੂਆਂ ਦਾ ਜੀਵਨ ਸਾਰੇ ਲੋਕਾਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਬਣਿਆ ਰਹੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਮਹਾਨ ਸ਼ਖਸੀਅਤਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਦੌਰਾਨ ਭਗਵੰਤ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਇਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵਜੋਂ ਬੁੱਧਵਾਰ (23 ਮਾਰਚ) ਨੂੰ ਸੂਬੇ ਭਰ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਵੀ ਕੀਤਾ।

ਰਾਜਾ ਵੜਿੰਗ ਦੀ ਹੋਈ ਕਿਰਕਿਰੀ, ਨਹੀਂ ਦੱਸ ਪਾਏ ਜਨਮ ਦਿਨ

ਸਾਬਕਾ ਕੈਬਨਿਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਉਸ ਸਮੇਂ ਵਿਧਾਨ ਸਭਾ ਵਿੱਚ ਕਿਰਕਿਰੀ ਹੋਈ, ਜਦੋਂ ਉਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਗਤ ਸਿੰਘ ਦਾ ਜਨਮ ਦਿਨ ਪੁੱਛ ਲਿਆ ਗਿਆ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭਗਤ ਸਿੰਘ ਦਾ ਜਨਮ ਦਿਨ ਯਾਦ ਨਹੀਂ ਸੀ, ਜਿਸ ਕਾਰਨ ਉਹ ਚੁੱਪ ਕਰਕੇ ਖੜੇ ਰਹੇ ਤਾਂ ਭਗਵੰਤ ਮਾਨ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੰਦੇ ਹੋਏ ਦੱਸਿਆ ਕਿ 28 ਸਤੰਬਰ ਨੂੰ ਭਗਤ ਸਿੰਘ ਦਾ ਜਨਮ ਦਿਨ ਆਉਂਦਾ ਹੈ ਅਤੇ ਇਸ ਦਿਨ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਭਗਤ ਸਿੰਘ ਦੇ ਨਾਟਕ ਅਤੇ ਸ਼ੋਅ ਕਰਵਾਏ ਜਾਣਗੇ ਤਾਂ ਕਿ ਨੌਜਵਾਨ ਪੀੜੀ ਨੂੰ ਭਗਤ ਸਿੰਘ ਦੀ ਸਹਾਦਤ ਬਾਰੇ ਸਾਰੀ ਜਾਣਕਾਰੀ ਮਿਲ ਸਕੇ। ਅਮਰਿੰਦਰ ਸਿੰਘ ਰਾਜਾ ਵੜਿੰਗ 23 ਮਾਰਚ ਨੂੰ ਛੁੱਟੀ ਦੀ ਘੋਸ਼ਣਾ ਦਾ ਇਤਰਾਜ ਜ਼ਾਹਿਰ ਕਰ ਰਹੇ ਸਨ ਪਰ ਮੁੱਖ ਮੰਤਰੀ ਵੱਲੋਂ ਰਾਜਾ ਵੜਿੰਗ ਦੀ ਸੋਚ ਅਤੇ ਯਾਦ ’ਤੇ ਹੀ ਟਿੱਪਣੀ ਕੀਤੀ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ