Punjab Water Dispute: ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ : ਮੁੱਖ ਮੰਤਰੀ ਮਾਨ

CM Bhagwant Mann
Punjab Water Dispute: ਪੰਜਾਬ ਕੋਲ ਹੋਰ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ : ਮੁੱਖ ਮੰਤਰੀ ਮਾਨ

ਪੰਜਾਬ ਵਿਧਾਨ ਸਭਾ ਵੱਲੋਂ ਡੈਮਾਂ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੀ ਮੁਖਾਲਫ਼ਤ ਦਾ ਮਤਾ ਪਾਸ | Punjab Water Dispute

Punjab Water Dispute: (ਅਸ਼ਵਨੀ ਚਾਵਲਾ) ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੇ ਕੁਝ ਦਹਾਕਿਆਂ ਤੋਂ ਕਾਂਗਰਸ ਅਤੇ ਭਾਜਪਾ ਦੀਆਂ ਫੁੱਟਪਾਊ ਨੀਤੀਆਂ ਲਈ ਦੋਵਾਂ ਪਾਰਟੀਆਂ ’ਤੇ ਅੱਜ ਵਰ੍ਹਦਿਆਂ ਕਿਹਾ ਕਿ ਜੇਕਰ ਇਹ ਧਿਰਾਂ ਦੇਸ਼ ਪ੍ਰਤੀ ਇਮਾਨਦਾਰੀ ਨਾਲ ਕੰਮ ਕਰਨ ਤਾਂ ਸਾਡਾ ਮੁਲਕ ਹਰ ਖੇਤਰ ਵਿੱਚ ਬੇਮਿਸਾਲ ਤਰੱਕੀ ਦਾ ਗਵਾਹ ਬਣ ਸਕਦਾ ਹੈ।

ਡੈਮਾਂ ’ਤੇ ਸੀ.ਆਈ.ਐਸ.ਐਫ. ਦੀ ਤਾਇਨਾਤੀ ਦੇ ਵਿਰੋਧ ਵਿੱਚ ਪੰਜਾਬ ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਮਤੇ ’ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਰਾਜਨੀਤਿਕ ਪਾਰਟੀਆਂ ਨੇ ਲੋਕਾਂ ਨੂੰ ਸੰਕੀਰਨ, ਖੇਤਰੀ, ਭਾਸ਼ਾਈ, ਫਿਰਕੂ ਅਤੇ ਹੋਰ ਲੀਹਾਂ ’ਤੇ ਵੰਡਿਆ, ਜਿਸ ਕਾਰਨ ਸੂਬੇ ਇਕ-ਦੂਜੇ ਨਾਲ ਟਕਰਾਅ ਦੇ ਹਾਲਾਤਾਂ ਵਿੱਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦਾ ਇੱਕੋ-ਇੱਕ ਉਦੇਸ਼ ਅਜਿਹੇ ਮਾੜੇ ਕੰਮਾਂ ਰਾਹੀਂ ਰਾਜਨੀਤਿਕ ਸੱਤਾ ਹਾਸਲ ਕਰਨਾ ਹੈ, ਜਿਸ ਨੇ ਦੇਸ਼ ਅਤੇ ਸੂਬਿਆਂ ਨੂੰ ਨਾ ਪੂਰਾ ਹੋਣ ਵਾਲਾ ਨੁਕਸਾਨ ਪਹੁੰਚਾਇਆ ਹੈ।

ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇਕਰ ਇਹ ਪਾਰਟੀਆਂ ਦੇਸ਼ ਦੇ ਲੋਕਾਂ ਨੂੰ ਆਪਸ ਵਿੱਚ ਲੜਾਉਣਾ ਬੰਦ ਕਰ ਦੇਣ ਤਾਂ ਸਾਡਾ ਮੁਲਕ ਕਿਸੇ ਵੀ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਸਕਦਾ ਹੈ। ਦੋਵਾਂ ਪਾਰਟੀਆਂ ਦੇ ਨਾਪਾਕ ਇਰਾਦਿਆਂ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਮੋਦੀ ਯੂਕਰੇਨ ਅਤੇ ਰੂਸ ਵਿਚਕਾਰ ਜੰਗ ਨੂੰ ਖਤਮ ਕਰ ਸਕਦੇ ਹਨ, ਜਿਵੇਂ ਕਿ ਉਨ੍ਹਾਂ ਦੇ ਮੀਡੀਆ ਦੁਆਰਾ ਪ੍ਰਚਾਰਿਆ ਜਾ ਰਿਹਾ ਹੈ ਤਾਂ ਫਿਰ ਉਨ੍ਹਾਂ ਨੂੰ ਪੰਜਾਬ ਅਤੇ ਹਰਿਆਣਾ ਵਿਚਕਾਰ ਸੁਖਾਵੇਂ ਹਾਲਾਤ ਯਕੀਨੀ ਬਣਾਉਣ ਤੋਂ ਕੌਣ ਰੋਕ ਰਿਹਾ ਹੈ?

ਉਨ੍ਹਾਂ ਕਿਹਾ ਕਿ ਦੋਵੇਂ ਸੂਬਿਆਂ ਦਾ ਰਿਸ਼ਤਾ ਭਰਾਵਾਂ ਵਰਗਾ ਹੈ ਅਤੇ ਇਹ ਕੇਂਦਰੀ ਅਨਾਜ ਪੂਲ ਵਿੱਚ 70 ਫੀਸਦ ਤੋਂ ਵੱਧ ਯੋਗਦਾਨ ਪਾਉਂਦੇ ਹਨ ਪਰ ਪਿਛਲੇ ਸਾਲਾਂ ਦੌਰਾਨ ਪੰਜਾਬ ਅਤੇ ਹਰਿਆਣਾ ਵਿੱਚ ਸੱਤਾ ਸੰਭਾਲਣ ਵਾਲੀਆਂ ਇਨ੍ਹਾਂ ਦੋਵਾਂ ਪਾਰਟੀਆਂ ਨੇ ਦੋਵੇਂ ਸੂਬਿਆਂ ਵਿਚਕਾਰ ਮਤਭੇਦ ਪੈਦਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ, ਜਿਸ ਦੀ ਆੜ ਵਿੱਚ ਉਹ ਸੱਤਾ ਦਾ ਆਨੰਦ ਮਾਣ ਰਹੇ ਹਨ।

ਇਹ ਵੀ ਪੜ੍ਹੋ: AAP Ministers FIR Punjab: ਪੰਜਾਬ ’ਚ ਆਪ ਦੇ ਇਨ੍ਹਾਂ ਦੋ ਮੰਤਰੀਆਂ ਖ਼ਿਲਾਫ਼ ਐਫ਼ਆਈਆਰ ਹੋਈ ਦਰਜ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੋਵਾਂ ਸੂਬਿਆਂ ਵਿੱਚ ਕਈ ਚੀਜ਼ਾਂ ਇਕੋ ਜਿਹੀਆਂ ਹੋਣ ਦੇ ਬਾਵਜ਼ੂਦ ਅਜਿਹੀਆਂ ਤਾਕਤਾਂ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਉਤਸੁਕ ਰਹਿੰਦੀਆਂ ਹਨ ਕਿ ਦੋਵੇਂ ਸੂਬੇ ਪਾਣੀ ਵਰਗੇ ਮੁੱਦਿਆਂ ’ਤੇ ਇੱਕ-ਦੂਜੇ ਨਾਲ ਲੜਦੇ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵਿਸ਼ਵ ਗੁਰੂ ਬਣਨ ਦੇ ਚਾਹਵਾਨ ਤਾਂ ਹਨ ਪਰ ਸੂਬੇ ਦੇ ਮਾਮਲਿਆਂ ਬਾਰੇ ਉਨ੍ਹਾਂ ਨੂੰ ਕੋਈ ਚਿੰਤਾ-ਫ਼ਿਕਰ ਨਹੀਂ ਅਤੇ ਇਸ ਰਵੱਈਏ ਦੇ ਚਲਦਿਆਂ ਨਾਗਰਿਕਾਂ ਦੇ ਬੁਨਿਆਦੀ ਮੁੱਦਿਆਂ ਨੂੰ ਸਿਰੇਂ ਤੋਂ ਦਰਕਿਨਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਹਾਲਾਤ ਬਹੁਤ ਮਾੜੇ ਹਨ ਕਿਉਂਕਿ ਪਹਿਲਗਾਮ ਹਮਲੇ ਤੋਂ ਪਹਿਲਾਂ ਬਣੀ ਫਿਲਮ ਭਾਰਤ ਵਿੱਚ ਰਿਲੀਜ਼ ਨਹੀਂ ਕਰਨ ਦਿੱਤੀ ਜਾ ਰਹੀ, ਪਰ ਪ੍ਰਧਾਨ ਮੰਤਰੀ ਕਿਸੇ ਵੀ ਸਮੇਂ ਪਾਕਿਸਤਾਨ ਜਾ ਕੇ ‘ਬਿਰਿਆਨੀ’ ਖਾ ਸਕਦੇ ਹਨ। Punjab Water Dispute

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇਂ ਤਾਂ ਪ੍ਰਧਾਨ ਮੰਤਰੀ ਵਿਦੇਸ਼ਾਂ ਦੇ ਦੌਰਿਆਂ ‘ਤੇ ਰਹਿੰਦੇ ਹਨ, ਦੂਜੇ ਪਾਸੇਂ ਆਪਣੇ ਹੀ ਦੇਸ਼ ਵਿੱਚ ਉਹ 140 ਕਰੋੜ ਭਾਰਤੀਆਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਵਿੱਚ ਹਮੇਸ਼ਾ ਨਾਕਾਮ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਕੋਲ 10 ਹਜ਼ਾਰ ਤੋਂ ਵੀ ਘੱਟ ਆਬਾਦੀ ਵਾਲੇ ਦੇਸ਼ਾਂ ਤੋਂ ਵਿਦੇਸ਼ੀ ਸਨਮਾਨ ਹਾਸਲ ਕਰਨ ਦਾ ਸਮਾਂ ਹੈ ਪਰ ਦੇਸ਼ ਦੇ ਮਹੱਤਵਪੂਰਨ ਮੁੱਦਿਆਂ ਵੱਲ ਧਿਆਨ ਦੇਣ ਲਈ ਉਨ੍ਹਾਂ ਕੋਲ ਕੋਈ ਸਮਾਂ ਨਹੀਂ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਹਾਲ ਹੀ ਦੇ ਫੈਸਲੇ ਪੱਛਮੀ ਦਰਿਆਵਾਂ (ਸਿੰਧੂ, ਜੇਹਲਮ, ਚਨਾਬ, ਉੱਜ, ਕਸ਼ਮੀਰ ਨਦੀ) ਦੇ ਪਾਣੀਆਂ ਦੀ ਦੂਸਰੇ ਸੂਬਿਆਂ ਨੂੰ ਵਧ ਵਰਤੋਂ ਦਾ ਅਧਿਕਾਰ ਤਾਂ ਦੇ ਦਿੱਤਾ ਗਿਆ ਹੈ, ਜਦਕਿ ਪੰਜਾਬ ਨੂੰ ਵਾਧੂ ਪਾਣੀ ਦੇਣ ਲਈ ਨਹੀਂ ਵਿਚਾਰਿਆ ਗਿਆ ਹੈ, ਜੋ ਕਿ ਸੂਬੇ ਦਾ ਹੱਕ ਬਣਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਪੰਜਾਬ ਲਈ 23 ਐਮ.ਏ.ਐਫ. ਵਾਧੂ ਪਾਣੀ ਯਕੀਨੀ ਬਣਾਇਆ ਜਾ ਸਕਦਾ ਹੈ, ਜੋ ਕਿ ਸੂਬੇ ਅਤੇ ਇਸਦੇ ਕਿਸਾਨਾਂ ਦੀਆਂ ਪਾਣੀ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਪੱਛਮੀ ਦਰਿਆਵਾਂ ਦੇ ਪਾਣੀਆਂ ਨੂੰ ਪਹਿਲ ਦੇ ਆਧਾਰ ’ਤੇ ਪੰਜਾਬ ਨੂੰ ਅਲਾਟ ਕੀਤਾ ਜਾਣਾ ਚਾਹੀਦਾ ਹੈ ਅਤੇ ਹਿਮਾਚਲ ਪ੍ਰਦੇਸ਼ ਵਿੱਚ ਮੌਜੂਦਾ ਭਾਖੜਾ ਅਤੇ ਪੌਂਗ ਡੈਮਾਂ ਦੇ ਉੱਪਰ ਨਵੇਂ ਸਟੋਰੇਜ ਡੈਮ ਬਣਾਏ ਜਾਣੇ ਚਾਹੀਦੇ ਹਨ। Punjab Water Dispute

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੱਛਮੀ ਦਰਿਆਈ ਪਾਣੀਆਂ ਨੂੰ ਸਟੋਰ ਅਤੇ ਰੈਗੂਲੇਟ ਕਰਨ ਵਿੱਚ ਕਾਫ਼ੀ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਪੰਜਾਬ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ, ਜਿਸ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਸਵੈ-ਨਿਰਭਰ ਬਣਾਉਣ ਲਈ ਪਾਣੀ ਅਤੇ ਉਪਜਾਊ ਜ਼ਮੀਨ ਵਰਗੇ ਬੇਸ਼ਕੀਮਤੀ ਕੁਦਰਤੀ ਸਰੋਤਾਂ ਨੂੰ ਦਾਅ ‘ਤੇ ਲਾ ਦਿੱਤਾ।

ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਮਾਨ

ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀ.ਬੀ.ਐਮ.ਬੀ.) ਸੂਬੇ ਲਈ ਇੱਕ ਚਿੱਟਾ ਹਾਥੀ ਬਣ ਚੁੱਕਿਆ ਹੈ, ਜਿਸਦਾ ਪੁਨਰਗਠਨ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਵਿੱਚ ਪੰਜਾਬ ਦਾ 60 ਫੀਸਦੀ ਹਿੱਸਾ ਹੈ ਪਰ ਇਹ ਹਮੇਸ਼ਾ ਸੂਬੇ ਦੇ ਹਿੱਤਾਂ ਦੇ ਵਿਰੁੱਧ ਕੰਮ ਕਰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੋਰਡ ਸੂਬਾ ਸਰਕਾਰ ਤੋਂ ਫੰਡ ਲੈ ਕੇ ਇਸ ਦੇ ਵਿਰੁੱਧ ਹੀ ਕੇਸ ਦਾਇਰ ਕਰਦਾ ਰਹਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਅਣਉਚਿਤ ਤੇ ਨਾ-ਮਨਜ਼ੂਰ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਕਿਉਂਕਿ ਕਿਸੇ ਨੂੰ ਵੀ ਸੂਬੇ ਦੇ ਹਿੱਤਾਂ ਨੂੰ ਖਤਰੇ ਵਿੱਚ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਜੇਕਰ ਅਸੀਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ

ਕੇਂਦਰ ਸਰਕਾਰ ਵੱਲੋਂ ਸੂਬੇ ਦੇ ਡੈਮਾਂ ’ਤੇ ਸੀ.ਆਈ.ਐਸ.ਐਫ. ਤਾਇਨਾਤ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਇਹ ਕਦੇ ਵੀ ਸਿਰੇ ਨਾ ਚੜ੍ਹੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਸੀ.ਆਈ.ਐਸ.ਐਫ. ਦੇ ਜਵਾਨ ਭਾਖੜਾ ਡੈਮ ’ਤੇ ਤਾਇਨਾਤ ਕੀਤੇ ਜਾਣਗੇ ਜਿਸ ’ਤੇ ਸੂਬੇ ਨੂੰ ਬਿਨਾਂ ਕਿਸੇ ਮਕਸਦ ਦੇ ਲਗਭਗ 9 ਕਰੋੜ ਰੁਪਏ ਖਰਚਾ ਆਵੇਗਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪੰਜਾਬ ਪੁਲਿਸ ਪਹਿਲਾਂ ਹੀ ਡੈਮ ਦੀ ਸੁਰੱਖਿਆ ਮੁਫ਼ਤ ਵਿੱਚ ਯਕੀਨੀ ਬਣਾ ਰਹੀ ਹੈ ਤਾਂ ਅਸੀਂ ਇਹ ਪੈਸਾ ਬੀ.ਬੀ.ਐਮ.ਬੀ. ਨੂੰ ਕਿਉਂ ਦੇਈਏ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਾਂ ਤਾਂ ਅਸੀਂ ਡੈਮਾਂ ਦੀ ਵੀ ਰਾਖੀ ਕਰ ਸਕਦੇ ਹਾਂ। Punjab Water Dispute