Punjabi University : ਪ੍ਰੋ. ਸੁਰਜੀਤ ਸਿੰਘ ਮੁਅੱਤਲ, ਹਿੰਸਾ ਕਰਨ ਵਾਲਿਆਂ ਖ਼ਿਲਾਫ਼ ਜਾਂਚ ਅੱਗੇ ਤੋਰੀ

Punjabi University

ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਮੌਤ ਮਾਮਲਾ | Punjabi University

ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥਣ ਦੇ ਮੌਤ ਮਾਮਲੇ ’ਚ ਪੰਜਾਬੀ ਯੂਨੀਵਰਸਿਟੀ ਨੇ ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਵਿਭਾਗੀ ਜਾਂਚ ਸੇਵਾਮੁਕਤ ਜ਼ਿਲ੍ਹਾ ਸੈਸ਼ਨ ਜੱਜ ਵੀ.ਕੇ. ਗੁਪਤਾ ਦੇ ਹਵਾਲੇ ਕਰ ਦਿੱਤੀ ਹੈ। ਅੱਜ ਯੂਨੀਵਰਸਿਟੀ ਦੀ ਰਜਿਸਟਰਾਰ ਪ੍ਰੋ. ਨਵਜੋਤ ਕੌਰ ਨੇ ਪ੍ਰੋ. ਸੁਰਜੀਤ ਸਿੰਘ ਦੀ ਮੁਅੱਤਲੀ ਦਾ ਹੁਕਮ ਜਾਰੀ ਕਰ ਦਿੱਤਾ ਹੈ। ਮੁਅੱਤਲੀ ਦੌਰਾਨ ਪ੍ਰੋ. ਸੁਰਜੀਤ ਸਿੰਘ ਦਾ ਹੈੱਡ ਕੁਆਰਟਰ ਯੂਨੀਵਰਸਿਟੀ ਕਾਲਜ ਘਨੌਰ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਖ਼ਿਲਾਫ਼ ਹਿੰਸਾ ਕਰਨ ਦੇ ਮਾਮਲੇ ਦੀ ਜਾਂਚ ਅਗਲੇ ਪੜਾਅ ਵਿੱਚ ਪਹੁੰਚ ਗਈ ਹੈ। (Punjabi University)

ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਮੁੱਢਲੀ ਜਾਂਚ ਸੇਵਾਮੁਕਤ ਵਧੀਕ ਸੈਸ਼ਨ ਜੱਜ ਜਸਵਿੰਦਰ ਸਿੰਘ ਨੇ ਕੀਤੀ ਸੀ। ਉਸ ਉਪਰੰਤ ਉਨ੍ਹਾਂ ਨੂੰ ਚਾਰਜਸ਼ੀਟ ਕੀਤਾ ਗਿਆ ਸੀ। ਪ੍ਰੋ. ਸੁਰਜੀਤ ਸਿੰਘ ਨੂੰ ਚਾਰਜਸ਼ੀਟ ਦਾ ਜੁਆਬ ਦੇਣ ਲਈ ਪੰਦਰਾਂ ਦਿਨ ਦਿੱਤੇ ਗਏ ਸਨ। ਹੁਣ ਪ੍ਰੋ. ਸੁਰਜੀਤ ਸਿੰਘ ਦਾ ਜੁਆਬ ਆਉਣ ਉਪਰੰਤ ਯੂਨੀਵਰਸਿਟੀ ਨੇ ਅਗਲੀ ਕਾਰਵਾਈ ਲਈ ਜਾਂਚ ਕਰਵਾਉਣ ਦਾ ਫ਼ੈਸਲਾ ਕੀਤਾ ਹੈ।

ਜ਼ਿਕਰਯੋਗ ਹੈ ਕਿ ਵਿਦਿਆਰਥੀਆਂ ਦੀਆਂ ਕੁੱਝ ਸ਼ਿਕਾਇਤਾਂ ਪ੍ਰੋ. ਸੁਰਜੀਤ ਸਿੰਘ ਖ਼ਿਲਾਫ਼ ਆਈਆਂ ਸਨ। ਮੁੱਢਲੀ ਜਾਂਚ ਰਿਪੋਰਟ ਵਿੱਚ ਦਰਜ ਕੀਤਾ ਗਿਆ ਸੀ ਕਿ ਪ੍ਰੋ. ਸੁਰਜੀਤ ਸਿੰਘ ਦਾ ਵਿਦਿਆਰਥੀਆਂ ਨਾਲ ਵਿਹਾਰ ‘ਮਾੜਾ, ਰੁੱਖਾ ਅਤੇ ਫਾਹਿਸ਼’ ਹੈ ਜੋ ਅਧਿਆਪਕ ਦੇ ਅਹੁਦੇ ਨਾਲ ਮੇਲ਼ ਨਹੀਂ ਖਾਂਦਾ।

ਸਾਬਕਾ ਵਿਧਾਇਕ ਪਿੰਕੀ ਦੇ ਰਿਸ਼ਤੇਦਾਰ ਦੇ ਘਰ ਅੱਗੇ ਰਾਜਸਥਾਨ ਪੁਲਿਸ ਨੇ ਚਪਕਾਇਆ ਨੋਟਿਸ

ਪ੍ਰੋ. ਸੁਰਜੀਤ ਸਿੰਘ ਵੱਲੋਂ ਚਾਰਜਸ਼ੀਟ ਦਾ ਜੁਆਬ ਦਰਜ ਕਰਵਾਏ ਜਾਣ ਤੋਂ ਬਾਅਦ ਪਾਇਆ ਗਿਆ ਹੈ ਕਿ ਉਨ੍ਹਾਂ ਖ਼ਿਲਾਫ਼ ਅਗਲੀ ਕਾਰਵਾਈ ਕਰਨੀ ਬਣਦੀ ਹੈ। ਅਗਲੀ ਕਾਰਵਾਈ ਤੋਂ ਪਹਿਲਾਂ ਛੁੱਟੀ ਉੱਤੇ ਚੱਲ ਰਹੇ ਪ੍ਰੋ. ਸੁਰਜੀਤ ਸਿੰਘ ਨੂੰ ਅਗਲੇ ਆਦੇਸ਼ਾਂ ਤੱਕ ਤੁਰੰਤ ਮੁਅੱਤਲ’ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਪ੍ਰੋ. ਸੁਰਜੀਤ ਸਿੰਘ ਉੱਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਚੱਲ ਰਹੀ ਜਾਂਚ ਵੀ ਅਗਲੇ ਪੜਾਅ ਵੱਲ ਵਧ ਰਹੀ ਹੈ। ਪੰਜਾਬੀ ਯੂਨੀਵਰਸਿਟੀ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਹਿੰਸਾ ਵਿੱਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅਜਿਹੀ ਵਾਰਦਾਤ ਦੇ ਦੁਬਾਰਾ ਹੋਣ ਦੀ ਸੰਭਾਵਨਾ ਉੱਤੇ ਰੋਕ ਲਗਾਈ ਜਾ ਸਕੇ ਅਤੇ ਯੂਨੀਵਰਸਿਟੀ ਦਾ ਅਕਾਦਮਿਕ ਮਾਹੌਲ ਕਾਇਮ ਰਹੇ।
ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਦਾ ਕਹਿਣਾ ਹੈ ਕਿ ਉਹ ਹਰ ਗ਼ਲਤੀ ਕਰਨ ਵਾਲੇ ਅਧਿਆਪਕ, ਮੁਲਾਜ਼ਮ ਅਤੇ ਵਿਦਿਆਰਥੀ ਖ਼ਿਲਾਫ਼ ਬਣਦੀ ਕਾਰਵਾਈ ਕਰਨ ਲਈ ਵਚਨਬੱਧ ਹਨ ਤਾਂ ਜੋ ਯੂਨੀਵਰਸਿਟੀ ਦਾ ਅਨੁਸ਼ਾਸਨ ਕਾਇਮ ਰਹੇ।