ਪੰਜਾਬ ਦੀ ਮਾਲੀ ਹਾਲਤ ਬੇਹਦ ਖ਼ਸਤਾ, ਕੇਂਦਰ ਨਹੀਂ ਭੇਜ ਰਿਹਾ ਐ ਜੀਐਸਟੀ ਮੁਆਵਜ਼ਾ

GST

ਸੂਬਿਆਂ ਦੀ ਵਿੱਤੀ ਹਾਲਤ ਖਸਤਾ, ਕੇਂਦਰੀ ਵਿੱਤ ਮੰਤਰੀ ਨੂੰ ਬਿਨਾਂ ਦੇਰੀ ਦੇ ਰਾਸ਼ੀ ਜਾਰੀ ਕਰਨ ਦੀ ਅਪੀਲ

ਮਨਪ੍ਰੀਤ ਸਿੰਘ ਬਾਦਲ ਸਮੇਤ ਵੱਖ-ਵੱਖ ਰਾਜਾਂ ਦੇ ਵਿੱਤ ਮੰਤਰੀਆਂ ਵੱਲੋਂ ਨਵੀਂ ਦਿੱਲੀ ਵਿਚ ਉੱਚ ਪੱਧਰੀ ਮੀਟਿੰਗ

ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬ ਦੇ ਖ਼ਜਾਨੇ ਦੀ ਹਾਲਤ ਬੇਹਦ ਖਸਤਾ ਹੋ ਗਈ ਹੈ, ਜਿਸ ਕਾਰਨ ਖ਼ਜਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਇਹ ਸਮਝ ਨਹੀਂ ਆ ਰਿਹਾ ਹੈ ਕਿ ਉਹ ਪੰਜਾਬ ਨੂੰ ਅਗਲੇ ਦਿਨਾ ਵਿੱਚ ਕਿਵੇਂ ਚਲਾਉਣਗੇ, ਜਿਸ ਕਾਰਨ ਉਨਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਜੀਐਸਟੀ ਦੀ ਮੁਆਵਜਾ ਰਾਸ਼ੀ ਜਲਦ ਹੀ ਜਾਰੀ ਕਰਨ ਦੀ ਅਪੀਲ ਕੀਤੀ ਹੈ ਤਾਂ ਕਿ ਪੰਜਾਬ ਨੂੰ ਡੰਗ ਟਪਾਉਣ ਲਈ ਪੈਸੇ ਮਿਲ ਸਕਣ। ਖ਼ੁਦ ਹੀ ਮਾੜੀ ਹਾਲਤ ਵਿੱਚੋਂ ਗੁਜ਼ਰ ਰਹੇ ਮਨਪ੍ਰੀਤ ਬਾਦਲ ਨਾਲ ਹੀ ਪੱਛਮੀ ਬੰਗਾਲ, ਕੇਰਲਾ, ਦਿੱਲੀ ਅਤੇ ਰਾਜਸਥਾਨ ਦੇ ਵਿੱਤੀ ਮੰਤਰੀਆਂ ਨੇ ਕੇਂਦਰੀ ਵਿੱਤ ਮੰਤਰੀ ਨੂੰ ਅਗਸਤ ਅਤੇ ਸਤੰਬਰ ਮਹੀਨੇ ਦੀ ਜੀਐਸਟੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਨਵੀਂ ਦਿੱਲੀ ਵਿਖੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਮੇਤ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਅੱਜ ਜੀਐਸਟੀ ਸਬੰਧੀ ਹੋਈ ਇਕ ਉੱਚ ਪੱਧਰੀ ਮੀਟਿੰਗ ਵਿੱਚ ਹਿੱਸਾ ਲਿਆ। ਇਕ ਸਾਂਝਾ ਬਿਆਨ ਜਾਰੀ ਕਰਦਿਆਂ ਇਨਾਂ ਰਾਜਾਂ ਦੇ ਵਿੱਤ ਮੰਤਰੀਆਂ ਨੇ ਕਿਹਾ ਕਿ ਅਗਸਤ ਅਤੇ ਸਤੰਬਰ ਮਹੀਨਿਆਂ ਲਈ ਜੀ.ਐਸ.ਟੀ. ਮੁਆਵਜ਼ਾ ਰਾਸ਼ੀ, ਜੋ ਕੇਂਦਰ ਸਰਕਾਰ ਵੱਲੋਂ ਅਕਤੂਬਰ ਮਹੀਨੇ ਵਿੱਚ ਅਦਾ ਕਰਨੀ ਸੀ, ਹਾਲੇ ਤੱਕ ਜਾਰੀ ਨਹੀਂ ਕੀਤੀ ਗਈ ਹੈ। (GST)

ਤਕਰੀਬਨ ਇੱਕ ਮਹੀਨੇ ਦੀ ਇਸ ਦੇਰੀ ਸਬੰਧੀ ਕੋਈ ਸਪੱਸਟੀਕਰਨ ਵੀ ਨਹੀਂ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਨਤੀਜੇ ਵਜੋਂ ਸੂਬਿਆਂ ਨੂੰ ਆਰਥਿਕ ਤੰਗੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕੁਝ ਸੂਬੇ ਬਦਲਵੇਂ ਤਰੀਕਿਆਂ ਅਤੇ ਸਾਧਨਾਂ ਜਾਂ ਓਵਰ ਡਰਾਫਟਾਂ ਰਾਹੀਂ ਕੰਮ ਚਲਾ ਰਹੇ ਹਨ। ਵਿੱਤ ਮੰਤਰੀਆਂ ਅਨੁਸਾਰ ਸੂਬਿਆਂ ਦੇ ਮਾਲੀਏ ਵਿਚ ਜੀ.ਐਸ.ਟੀ. ਦਾ ਹਿੱਸਾ 60 ਫੀਸਦੀ ਹੈ। ਬਹੁਤ ਸਾਰੇ ਸੂਬੇ ਕੁੱਲ ਜੀ.ਐਸ.ਟੀ. ਦੇ 50 ਫੀਸਦੀ ਤੱਕ ਦੇ ਘਾਟੇ ਦਾ ਸਾਹਮਣਾ ਕਰ ਰਹੇ ਹਨ। ਏਨੇ ਵੱਡੇ ਘਾਟੇ ਸੂਬਿਆਂ ਦੇ ਬਜਟ ਅਤੇ ਯੋਜਨਾ ਪ੍ਰਕਿਰਿਆਵਾਂ ਵਿੱਚ ਅੜਿੱਕਾ ਬਣ ਰਹੇ ਹਨ ਅਤੇ ਰਾਜਾਂ ਦੀਆਂ ਸਾਰੀਆਂ ਗਤੀਵਿਧੀਆਂ ਰੁਕੀਆਂ ਪਈਆਂ ਹਨ। (GST)

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।