ਬਿਜਲੀ ਕਾਮਿਆਂ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ‘ਚ ਪੂਰੇ ਪੰਜਾਬ ‘ਚ ਰੋਹ ਭਰਪੂਰ ਰੈਲੀਆਂ

ਸਮੂਹ ਪੰਜਾਬ ਦੇ ਉੱਪ ਮੰਡਲ ਅਤੇ ਮੰਡਲ ਦਫਤਰਾਂ ਅੱਗੇ ਰੋਸ ਵਿਖਾਵੇ, ਸਾੜੀਆਂ ਪਾਵਰ ਮੈਨੇਜਮੈਂਟ ਦੀਆਂ ਅਰਥੀਆਂ

ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਬਿਜਲੀ ਕਾਮਿਆਂ ਵੱਲੋਂ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ਤੇ ਸਮੁੱਚੇ ਪੰਜਾਬ ਅੰਦਰ ਉਪ ਮੰਡਲ ਅਤੇ ਮੰਡਲ ਦਫਤਰਾਂ ਅੱਗੇ ਪਾਵਰ ਮੈਨੇਜਮੈਂਟ ਵੱਲੋਂ ਜਥੇਬੰਦੀ ਨਾਲ ਮੀਟਿੰਗਾਂ ਵਿੱਚ ਹੋਏ ਫੈਸਲੇ ਅਤੇ ਮੰਨੀਆਂ ਮੰਗਾਂ ਲਾਗੂ ਨਾ ਕਰਨ ਵਿਰੁੱਧ ਸ਼ੋਸ਼ਲ ਡਿਸਟੈਂਸਿੰਗ ਰੱਖਦਿਆ ਮਾਸਕ ਪਾ ਕੇ ਰੋਹ ਭਰਪੂਰ ਰੈਲੀਆਂ ਕਰਕੇ ਰੋਸ ਵਿਖਾਵੇ ਕੀਤੇ ਅਤੇ ਪਾਵਰ ਮੈਨੇਜਮੈਂਟ ਦੀਆਂ ਅਰਥੀਆਂ ਸਾੜੀਆਂ ਗਈਆਂ।

ਇਸ ਮੌਕੇ ਆਗੂਆਂ ਵੱਲੋਂਰੈਲੀਆਂ ਵਿੱਚ ਐਲਾਨ ਕੀਤਾ ਗਿਆ ਕਿ 10 ਜੂਨ ਤੋਂ 30 ਜੂਨ ਤੱਕ ਦੋਨੋ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਸਮੁੱਚੇ ਡਾਇਰੈਕਟਰਜ਼ ਵਿਰੁੱਧ ਫੀਲਡ ਵਿੱਚ ਦੌਰਿਆਂ ਸਮੇਂ ਕਾਲੇ ਝੰਡਿਆਂ ਨਾਲ ਰੋਸ ਵਿਖਾਵੇ ਸ਼ੁਰੂ ਕੀਤੇ ਜਾਣਗੇ। 10 ਜੂਨ ਤੋਂ ਹੀ ਬਿਜਲੀ ਕਾਮੇ ਵਰਕ ਟੂ ਰੂਲ ਅਨੁਸਾਰ ਕੰਮ ਕਰਨਗੇ ਅਤੇ ਜੁਲਾਈ ਦੇ ਦੂਜੇ ਹਫਤੇ ਇੱਕ ਦਿਨ ਦੀ ਮੁਕੰਮਲ ਹੜਤਾਲ ਕੀਤੀ ਜਾਵੇਗੀ।

ਬਿਜਲੀ ਮੁਲਾਜਮਾਂ ਦੀਆਂ ਪ੍ਰਮੁੱਖ ਜੱਥੇਬੰਦੀਆਂ ਟੈਕਨੀਕਲ ਸਰਵਿਸ ਯੂਨੀਅਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਇੰਪਲਾਈਜ਼ ਫੈਡਰੇਸ਼ਨ ਪੀ.ਐਸ.ਈ.ਬੀ., ਮਨਿਸਟੀਰੀਅਲ ਸਰਵਿਸਜ਼ ਯੂਨੀਅਨ, ਪੀ.ਐਸ.ਈ.ਬੀ. ਕਰਮਚਾਰੀ ਦਲ, ਪੀ.ਐਸ.ਈ.ਬੀ. ਥਰਮਲ ਕੁਆਰਡੀਨੇਸ਼ਨ ਕਮੇਟੀ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ, ਹੈਡ ਆਫਿਸ ਇੰਪਲਾਈਜ਼ ਫੈਡਰੇਸ਼ਨ ਅਤੇ ਵਰਕਚਾਰਜ ਫੈਡਰੇਸ਼ਨ ਦੇ ਸੁਬਾਈ ਆਗੂਆਂ ਕਰਮ ਚੰਦ ਭਾਰਦਵਾਜ,  ਕੁਲਦੀਪ ਸਿੰਘ ਖੰਨਾ, ਹਰਜਿੰਦਰ ਸਿੰਘ, ਬਲਵਿੰਦਰ ਸਿੰਘ ਸੰਧੂ, ਬ੍ਰਿਜ ਲਾਲ ਆਦਿ ਨੇ ਵੱਖ-ਵੱਖ ਥਾਵਾਂ ਤੇ ਰੈਲੀਆਂ ਨੂੰ ਸੰਬੋਧਨ ਕਰਦਿਆ ਦੱਸਿਆ ਕਿ ਪਾਵਰ ਮੈਨੇਜਮੈਂਟ ਮੁਲਾਜਮਾਂ ਦੀਆਂ ਮੰਨੀਆਂ ਮੰਗਾਂ ਲਾਗੂ ਕਰਨ ਦੀ ਥਾਂ ਟਾਲਮਟੋਲ ਦੀ ਨੀਤੀ ਅਪਣਾ ਰਹੀ ਹੈ।

ਮੁਲਾਜਮ ਮੰਗਾਂ ਜਿਵੇਂ ਮਿਤੀ 1—12—2011 ਤੋਂ ਪੇ ਬੈਂਡ ਵਿੱਚ ਵਾਧਾ, ਕਰਮਚਾਰੀਆਂ ਤੇ ਰਿਟਾਇਰੀਆਂ ਨੂੰ ਬਿਨ੍ਹਾਂ ਸ਼ਰਤ 23 ਸਾਲਾਂ ਦੀ ਸੇਵਾ ਦਾ ਲਾਭ, ਨਵੇਂ ਨਿਯੁਕਤ ਸ.ਲ.ਮ. ਨੂੰ ਸੈਮੀ ਸਕਿਲਡ ਦੀ ਥਾਂ ਸਕਿਲਡ ਵੱਜੋਂ ਅਤੇ ਹੇਠਲੀ ਸ਼੍ਰੇਣੀ ਕਲਰਕ ਬਰਾਬਰ ਤਨਖਾਹ ਦੇਣ, ਪ੍ਰੋਵੇਸ਼ਨਲ ਸਮਾਂ ਤਿੰਨ ਸਾਲ ਦੀ ਥਾਂ ਦੋ ਸਾਲ ਕਰਨ, ਖਾਲੀ ਅਸਾਮੀਆਂ ਰੈਗੂਲਰ ਭਰਤੀ ਰਾਹੀਂ ਪੁਰ ਕਰਨ, ਲਾਇਨਮੈਨ ਅਤੇ ਉੱਚ ਸ਼੍ਰੇਣੀ ਕਲਰਕ ਦੀ ਸਿੱਧੀ ਭਰਤੀ ਕਰਨ ਆਦਿ ਮੰਗ ਪੱਤਰ ਅਨੁਸਾਰ ਮੰਨੀਆਂ ਮੰਗਾਂ ਲਾਗੂ ਨਹੀਂ ਕੀਤੀਆਂ ਜਾ ਰਹੀਆਂ ਬਲਕਿ ਮੈਨੇਜਮੈਂਟ ਟਰੇਡ ਯੂਨੀਅਨ ਹੱਕਾਂ ਤੇ ਛਾਪੇ ਮਾਰਕੇ ਮੁਲਾਜਮਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ।

ਸਾਥੀ ਕਰਮਚੰਦ ਭਾਰਦਵਾਜ ਸਕੱਤਰ ਜੁਆਇੰਟ ਫੋਰਮ ਨੇ ਦੱਸਿਆ ਕਿ ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ 16 ਜੂਨ ਨੂੰ ਹੈਡ ਆਫਿਸ ਪਟਿਆਲਾ ਦੇ ਤਿੰਨੇ ਗੇਟਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ  ਜੇਕਰ ਮੰਨੀਆਂ ਮੰਗਾਂ ਲਾਗੂ ਨਾ ਕੀਤੀਆਂ ਤਾਂ ਸੰਘਰਸ਼ ਨੂੰ ਹੋਰ ਤੇਜ ਕੀਤਾ ਜਾਵੇਗਾ। ਜਿਸ ਦੀ ਜਿੰਮੇਵਾਰੀ ਪਾਵਰ ਮੈਨੇਜਮੈਂਟ ਦੀ ਹੋਵੇਗੀ।

ਇਸ ਮੌਕੇ ਰਣਬੀਰ ਸਿੰਘ, ਕੌਰ ਸਿੰਘ ਸੋਹੀ, ਰਾਵੇਲ ਸਿੰਘ ਸਹਾਏਪੁਰ, ਸਿਕੰਦਰ ਨਾਥ, ਜਗਰੂਪ ਸਿੰਘ ਮਹਿਮਦਪੁਰ, ਅਵਤਾਰ ਸਿੰਘ ਕੈਂਥ, ਹਰਪਾਲ ਸਿੰਘ, ਕਮਲਜੀਤ ਸਿੰਘ, ਸੁਖਵਿੰਦਰ ਸਿੰਘ ਦੁਮਨਾ, ਕਰਮ ਚੰਦ ਖੰਨਾ, ਜਗਜੀਤ ਸਿੰਘ, ਅਸ਼ੋਕ ਕੁਮਾਰ, ਸੁਰਿੰਦਰ ਸ਼ਰਮਾ, ਜੈਲ ਸਿੰਘ ਅਤੇ ਮਹਿੰਦਰ ਨਾਥ ਆਦਿ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।