ਰਾਕੇਸ਼ ਅਸਥਾਨਾ ਦੀ ਟੈਨਸ਼ਨ ਵਧੀ, ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ

ਰਾਕੇਸ਼ ਅਸਥਾਨਾ ਦੀ ਟੈਨਸ਼ਨ ਵਧੀ, ਸੁਪਰੀਮ ਕੋਰਟ ਨੇ ਕੇਂਦਰ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਰਾਕੇਸ਼ ਅਸਥਾਨਾ ਦੀ ਦਿੱਲੀ ਪੁਲਿਸ ਕਮਿਸ਼ਨਰ ਵਜੋਂ ਨਿਯੁਕਤੀ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਜਸਟਿਸ ਡੀ.ਵਾਈ. ਚੰਦਰਚੂੜ ਅਤੇ ਜਸਟਿਸ ਏ. ਐੱਸ. ਬੋਪੰਨਾ ਦੀ ਬੈਂਚ ਨੇ ਕੇਂਦਰ ਸਰਕਾਰ ਤੋਂ ਇਲਾਵਾ ਗੁਜਰਾਤ ਕੇਡਰ ਦੇ 1984 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈਪੀਐਸ) ਅਧਿਕਾਰੀ ਅਸਥਾਨਾ ਨੂੰ ਨੋਟਿਸ ਜਾਰੀ ਕੀਤਾ ਹੈ। ਕੇਂਦਰ ਸਰਕਾਰ ਵੱਲੋਂ ਅਸਥਾਨਾ ਦੀ ਨਿਯੁਕਤੀ ਨੂੰ ਦਿੱਲੀ ਹਾਈ ਕੋਰਟ ਨੇ 12 ਅਕਤੂਬਰ ਨੂੰ ਕਾਨੂੰਨੀ ਕਰਾਰ ਦਿੱਤਾ ਸੀ ਅਤੇ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ।

ਸੁਪਰੀਮ ਕੋਰਟ ਨੇ ਅੱਜ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਕੇਂਦਰ ਅਤੇ ਅਸਥਾਨਾ ਨੂੰ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। 18 ਨਵੰਬਰ ਨੂੰ ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੀ ਅਪੀਲ ‘ਤੇ ਅੱਜ ਇਸ ਮਾਮਲੇ ਦੀ ਸੁਣਵਾਈ ਲਈ ਸਮਾਂ ਦਿੱਤਾ ਸੀ। ਭੂਸ਼ਣ ਨੇ ‘ਵਿਸ਼ੇਸ਼ ਜਿਕਰ’ ਤਹਿਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸਵੀਕਾਰ ਕਰ ਲਿਆ ਗਿਆ। ਇਸ ਤੋਂ ਪਹਿਲਾਂ ਹਾਈ ਕੋਰਟ ਦੇ ਚੀਫ਼ ਜਸਟਿਸ ਡੀ.ਐਨ. ਪਟੇਲ ਅਤੇ ਜਸਟਿਸ ਜੋਤੀ ਸਿੰਘ ਦੀ ਬੈਂਚ ਨੇ ਨਿਯੁਕਤੀ ਨਾਲ ਸਬੰਧਤ ਨੋਟੀਫਿਕੇਸ਼ਨ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ।

ਕੀ ਹੈ ਮਾਮਲਾ

ਅਸਥਾਨਾ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਇਸ ਸਾਲ 27 ਜੁਲਾਈ ਨੂੰ ਆਪਣੀ ਸੇਵਾਮੁਕਤੀ ਤੋਂ ਚਾਰ ਦਿਨ ਪਹਿਲਾਂ ਨਿਯੁਕਤ ਕੀਤਾ ਸੀ। ਉਹ 31 ਜੁਲਾਈ ਨੂੰ ਸੇਵਾਮੁਕਤ ਹੋਣ ਵਾਲੇ ਸਨ। ਸਦਰ ਆਲਮ ਨੇ ਦਿੱਲੀ ਹਾਈ ਕੋਰਟ ਵਿੱਚ ਇੱਕ ਲੋਕਹਿਤ ਪਟੀਸ਼ਨ ਦਾਇਰ ਕਰਕੇ ਇਸ ਨਿਯੁਕਤੀ ਨੂੰ ਕਾਨੂੰਨ ਦੇ ਖ਼ਿਲਾਫ਼ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ, ਸੈਂਟਰ ਫਾਰ ਪਬਲਿਕ ਇੰਟਰਸਟ ਲਿਟੀਗੇਸ਼ਨ (ਸੀਪੀਆਈਐਲ) ਨਾਮਕ ਇੱਕ ਸਵੈ-ਸੇਵੀ ਸੰਸਥਾ (ਐਨਜੀਓ) ਦੀ ਤਰਫੋਂ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਦੁਆਰਾ ਦਖਲ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ।

ਭੂਸ਼ਣ ਨੇ ਇਸ ਤੋਂ ਪਹਿਲਾਂ ਸੁਪਰੀਮ ਕੋਰਟ ‘ਚ ਨਿਯੁਕਤੀ ਨੂੰ ਚੁਣੌਤੀ ਦੇਣ ਵਾਲੀ ਲੋਕਹਿੱਤ ਪਟੀਸ਼ਨ ਦਾਇਰ ਕੀਤੀ ਸੀ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਕਿ ਅਸਥਾਨਾ ਦੀ ਨਿਯੁਕਤੀ ਦਿੱਲੀ ਦੀ ਭਵਿੱਖੀ ਸੁਰੱਖਿਆ ਚੁਣੌਤੀਆਂ ਦੇ ਮੱਦੇਨਜ਼ਰ ਉਨ੍ਹਾਂ ਦੇ ਵੱਡੇ ਤਜ਼ਰਬੇ ਦੇ ਆਧਾਰ ‘ਤੇ ਕੀਤੀ ਗਈ ਹੈ। ਪਹਿਲਾਂ ਵੀ ਅਜਿਹੀਆਂ ਕਈ ਨਿਯੁਕਤੀਆਂ ਹੋਈਆਂ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ