ਰੇਤੇ ਨੇ ਰੋਲਿਆ ਰਾਣਾ, ਅਸਤੀਫ਼ਾ ਮਨਜ਼ੂਰ

Cabinet, Minister, Rana Gurjeet Singh, Punjab, Resignation, Accepted

ਰਾਹੁਲ ਦੇ ਇਸ਼ਾਰੇ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ

  • ਮੰਤਰੀ ਮੰਡਲ ਵਾਧੇ ਲਈ ਨਹੀਂ ਮਿਲੀ ਹਰੀ ਝੰਡੀ, ਲੁਧਿਆਣਾ ਨਿਗਮ ਚੋਣਾਂ ਤੱਕ ਕਰਨਾ ਪਵੇਗਾ ਇੰਤਜ਼ਾਰ
  • ਜਲਦ ਬਣੇਗਾ ਪੰਜਾਬ ਕਾਂਗਰਸ ਦਾ ਨਵਾਂ ਜਥੇਬੰਦਕ ਢਾਂਚਾ

ਚੰਡੀਗੜ੍ਹ (ਅਸ਼ਵਨੀ ਚਾਵਲਾ)। ਆਲ ਇੰਡੀਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ‘ਤੇ ਅਮਰਿੰਦਰ ਸਿੰਘ ਵੱਲੋਂ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਗਿਆ ਹੈ ਹਾਲਾਂਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਇਸ ਅਸਤੀਫ਼ੇ ਨੂੰ ਪ੍ਰਵਾਨ ਕਰਨ ਦੇ ਹੱਕ ਵਿੱਚ ਨਹੀਂ ਸਨ ਪਰ ਵਿਰੋਧੀ ਪਾਰਟੀਆਂ ਨੇ ਦਬਾਓ ਅਤੇ ਕਾਂਗਰਸ ਦੇ ਸੀਨੀਅਰ ਲੀਡਰਾਂ ਦੀ ਸਲਾਹ ਤੋਂ ਰਾਹੁਲ ਗਾਂਧੀ ਨੇ ਅਸਤੀਫ਼ਾ ਪ੍ਰਵਾਨ ਕਰਨ ਲਈ ਆਦੇਸ਼ ਜਾਰੀ ਕਰ ਦਿੱਤੇ ਸਨ। ਦਿੱਲੀ ਵਿਖੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਦੀ ਪੁਸ਼ਟੀ ਵੀ ਕੀਤੀ।

ਇਹ ਵੀ ਪੜ੍ਹੋ : ਇਮਾਨਦਾਰੀ ਦੀ ਜਿਉਂਦੀ ਜਾਗਦੀ ਉਦਾਹਰਨ ਪੇਸ਼ ਕਰਕੇ ਬਣੇ ਸ਼ਲਾਘਾ ਦਾ ਵਿਸ਼ਾ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਵੱਲੋਂ 10 ਦਿਨ ਪਹਿਲਾਂ ਦਿੱਤੇ ਅਸਤੀਫ਼ੇ ਦਾ ਮਾਮਲਾ ਅੱਜ ਰਾਹੁਲ ਗਾਂਧੀ ਨਾਲ ਵਿਚਾਰਿਆ ਗਿਆ, ਜਿਸ ਤੋਂ ਬਾਅਦ ਇਸ ਨੂੰ ਪ੍ਰਵਾਨ ਕਰਨ ਦਾ ਫੈਸਲਾ ਲਿਆ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਅਗਲੇਰੀਆਂ ਲੋੜੀਂਦੀਆਂ ਰਸਮਾਂ ਲਈ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਹੁਣ ਰਾਜਪਾਲ ਨੂੰ ਭੇਜਿਆ ਜਾਵੇਗਾ। ਆਪਣੇ ਅਸਤੀਫ਼ੇ ਵਿੱਚ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਭਾਵੇਂ ਕਿ ਉਹ ਪਿਛਲੇ 10 ਸਾਲਾਂ ਤੋਂ ਆਪਣੇ ਪਰਿਵਾਰ ਦੇ ਕਾਰੋਬਾਰ ਨਾਲ ਨਹੀਂ ਜੁੜੇ ਹੋਏ ਪਰ ਪਿਛਲੇ ਕੁਝ ਮਹੀਨਿਆਂ ਵਿੱਚ ਛਿੜੇ ਵਿਵਾਦ ਕਾਰਨ ਪਾਰਟੀ ਦੇ ਹਿੱਤ ਵਿੱਚ ਅਸਤੀਫ਼ਾ ਦੇਣ ਦਾ ਰਾਹ ਚੁਣਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਚੰਗੇ ਕੰਮਾਂ ਵਿੱਚ ਉਹ ਰੁਕਾਵਟ ਪੈਣ ਦਾ ਮਸਲਾ ਨਹੀਂ ਖੜ੍ਹਾ ਹੋਣ ਦੇਣਾ ਚਾਹੁੰਦੇ ਜਿਸ ਕਰਕੇ ਉਨ੍ਹਾਂ ਪਾਰਟੀ ਦੇ ਹਿੱਤ ਵਿੱਚ ਅਸਤੀਫ਼ਾ ਦਿੱਤਾ।

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਹੁਲ ਗਾਂਧੀ ਨਾਲ ਕਾਂਗਰਸ ਦੀ ਪੰਜਾਬ ਇਕਾਈ ਦੇ ਨਵੇ ਜਥੇਬੰਦਕ ਢਾਂਚੇ ਦਾ ਮਾਮਲਾ ਵੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇ-ਨਜ਼ਰ ਬਹੁਤ ਛੇਤੀ ਪਾਰਟੀ ਦਾ ਨਵਾਂ ਜਥੇਬੰਦਕ ਢਾਂਚਾ ਕਾਇਮ ਕੀਤਾ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਤੋਂ ਮਗਰੋਂ ਕੀਤਾ ਜਾਵੇਗਾ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਮੰਤਰੀ ਮੰਡਲ ਦੇ ਵਿਸਥਾਰ ਲਈ ਪਹਿਲਾਂ ਵਾਂਗ ਹੁਣ ਵੀ ਨਵੇਂ ਮੰਤਰੀਆਂ ਦੀ ਚੋਣ ਲਈ ਨੌਜਵਾਨ ਅਤੇ ਹੁਨਰ ਦੇ ਤਾਲਮੇਲ ਨੂੰ ਪ੍ਰਮੁੱਖਤਾ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here